Tuesday, May 21, 2024

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਤਖ਼ਤ ਸਾਹਿਬਾਨ ਵਿਖੇ ਢਾਡੀ ਮੁਕਾਬਲੇ ਕਰਵਾਉਣ ਦਾ ਐਲਾਨ

1 ਲੱਖ, 51 ਹਜ਼ਾਰ ਤੇ 31 ਹਜ਼ਾਰ ਦੇ ਦਿੱਤੇ ਜਾਣਗੇ ਇਨਾਮ – ਭਾਈ ਲੌਂਗੋਵਾਲ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਸਬੰਧੀ ਵਿਚਾਰਾਂ ਕਰਨ ਲਈ ਅੱਜ PPN2301201813ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਜਲੰਧਰ, ਫਿਰੋਜ਼ਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰਾਂ, ਪ੍ਰਚਾਰਕਾਂ, ਧਾਰਮਿਕ ਅਧਿਆਪਕਾਂ, ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਕੀਤੀ ਗਈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਕੱਤਰਤਾ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਧਰਮ ਪ੍ਰਚਾਰ ਕਾਰਜਾਂ ਨੂੰ ਹੋਰ ਬਲ ਦੇਣ ਲਈ ਖੁਲ੍ਹ ਕੇ ਸੁਝਾਅ ਦਿੱਤੇ ਅਤੇ ਕਮੀਆਂ ਕਮਜ਼ੋਰੀਆਂ ਨੂੰ ਦੂਰ ਕਰਨ ਬਾਰੇ ਬੇਬਾਕ ਰਾਏ ਵੀ ਦਿੱਤੀ। ਇਸ ਸਬੰਧੀ ਵੀ ਆਮ ਰਾਏ ਸਾਹਮਣੇ ਆਈ ਕਿ ਵਰਤਮਾਨ ਤਕਨੀਕ ਦੀ ਵਰਤੋਂ ਕਰਕੇ ਧਰਮ ਪ੍ਰਚਾਰ ਕੀਤਾ ਜਾਵੇ। ਬੁਲਾਰਿਆਂ ਨੇ ਆਪਣੇ ਆਲੇ-ਦੁਆਲੇ ਤੋਂ ਧਰਮ ਪ੍ਰਚਾਰ ਦੀ ਸ਼ੁਰੂਆਤ ਕਰਨ ਦੇ ਨਾਲ-ਨਾਲ ਨੌਜੁਆਨਾਂ ਦੀਆਂ ਗੁਰਮਤਿ ਵਰਕਸ਼ਾਪਾਂ ਲਗਾਉਣ ’ਤੇ ਵੀ ਜ਼ੋਰ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਉਪਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਸਾਡਾ ਸਭ ਦਾ ਫ਼ਰਜ਼ ਹੈ ਅਤੇ ਇਸ ਕਾਰਜ ਲਈ ਸਾਨੂੰ ਆਪੋ-ਆਪਣੀ ਜ਼ਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨੂੰ ਪ੍ਰਚਾਰਨ ਲਈ ਸਮੁੱਚੀ ਕੌਮ ਸ਼੍ਰੋਮਣੀ ਕਮੇਟੀ ਵੱਲ ਦੇਖਦੀ ਹੈ ਅਤੇ ਸਾਨੂੰ ਸੰਗਤਾਂ ਦੀਆਂ ਉਮੀਦਾਂ ’ਤੇ ਖ਼ਰਾ ਉਤਰਨ ਲਈ ਸਮਰਪਣ ਭਾਵਨਾ ਨਾਲ ਵਿਚਰਨਾ ਪਵੇਗਾ।ਇਸੇ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਤਿੰਨ ਢਾਡੀ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਪਹਿਲੇ ਨੰਬਰ ’ਤੇ ਆਉਣ ਵਾਲੇ ਜਥੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਇਸੇ ਤਰ੍ਹਾਂ ਦੂਸਰੇ ਸਥਾਨ ’ਤੇ ਰਹਿਣ ਵਾਲੇ ਜਥੇ ਨੂੰ 51 ਹਜ਼ਾਰ ਰੁਪਏ ਅਤੇ ਤੀਸਰੇ ਸਥਾਨ ’ਤੇ ਆਉਣ ਵਾਲੇ ਨੂੰ 31 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸੇ ਤਰਜ਼ ’ਤੇ ਹੀ ਕਵੀਸ਼ਰਾਂ ਅਤੇ ਪ੍ਰਚਾਰਕਾਂ ਨੂੰ ਵੀ ਸਨਮਾਨਿਤ ਕੀਤਾ ਜਾਇਆ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰੇਰਨਾ ਕਰਦਿਆਂ ਕਿਹਾ ਕਿ ਸਿੱਖੀ ਦਾ ਪ੍ਰਚਾਰ ਕਰਨ ਸਮੇਂ ਪ੍ਰਚਾਰਕ ਸ਼੍ਰੇਣੀ ਸਮਾਜਿਕ ਸਮੱਸਿਆਵਾਂ ਨੂੰ ਵੀ ਪ੍ਰਚਾਰ ਦਾ ਹਿੱਸਾ ਬਣਾਏ। ਉਨ੍ਹਾਂ ਕਿਹਾ ਕਿ ਸੰਗਤਾਂ ਨੂੰ ਗੁਰਮਤਿ ਜੁਗਤਿ ਅਨੁਸਾਰ ਅਜੋਕੀਆਂ ਸਮੱਸਿਆਵਾਂ ਦੇ ਹੱਲ ਦਾ ਰਾਹ ਦਿਖਾਉਣਾ ਵੀ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਆਪੋ-ਆਪਣੇ ਹਲਕੇ ਵਿਚ ਪ੍ਰਚਾਰ ਵਹੀਰ ਦੀ ਅਗਵਾਈ ਕਰਨ ਲਈ ਵੀ ਕਿਹਾ ਅਤੇ ਇਹ ਵੀ ਅਪੀਲ ਕੀਤੀ ਕਿ ਪ੍ਰਚਾਰ ਸਮਾਗਮ ਉਲੀਕਣ ਸਮੇਂ ਵੀ ਉਹ ਪ੍ਰਚਾਰਕਾਂ ਦੀ ਮੱਦਦ ਕਰਨ।
ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਸਮੇਂ ਦੀ ਲੋੜ ਦੱਸਿਆ।ਉਨ੍ਹਾਂ ਆਸ ਪ੍ਰਗਟ ਕੀਤੀ ਕਿ ਇਸ ਉੱਦਮ ਨਾਲ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੁਨੇਹਾ ਅਵੱਸ਼ ਹੀ ਘਰ-ਘਰ ਤੱਕ ਪਹੁੰਚੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਅੰਤ੍ਰਿੰਗ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਗੁਰਮੀਤ ਸਿੰਘ ਬੂਹ, ਬੀਬੀ ਗੁਰਪ੍ਰੀਤ ਕੌਰ, ਅਮਰੀਕ ਸਿੰਘ ਸ਼ਾਹਪੁਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਕੁਲਵੰਤ ਸਿੰਘ ਮੰਨਣ, ਬੀਬੀ ਕਿਰਨਜੋਤ ਕੌਰ, ਭਾਈ ਮਨਜੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂੰ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਧਰਮ ਪ੍ਰਚਾਰ ਕਮੇਟੀ ਦੇ ਐਡੀਸ਼ਨਲ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਜੱਲ੍ਹਾ, ਅੰਤ੍ਰਿੰਗ ਮੈਂਬਰ ਸੱਜਣ ਸਿੰਘ ਬੱਜੂਮਾਨ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵਡ, ਸਤਪਾਲ ਸਿੰਘ ਤਲਵੰਡੀ ਭਾਈ, ਬਾਵਾ ਸਿੰਘ ਗੁਮਾਨਪੁਰਾ, ਸਰਵਨ ਸਿੰਘ ਕੁਲਾਰ, ਖੁਸ਼ਵਿੰਦਰ ਸਿੰਘ ਭਾਟੀਆ, ਮਨਜੀਤ ਸਿੰਘ ਬੱਪੀਆਣਾ, ਹਰਿੰਦਰ ਸਿੰਘ ਰਣੀਆ, ਦਰਸ਼ਨ ਸਿੰਘ ਸ਼ੇਰ ਖਾਂ, ਬਾਬਾ ਨਿਰਮਲ ਸਿੰਘ ਨੌਸ਼ਿਹਰਾ ਢਾਲਾ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬਲਵਿੰਦਰ ਸਿੰਘ ਵੇਈਂਪੂਈਂ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰੀਕ ਸਿੰਘ ਵਿਛੋਆ, ਜੋਧ ਸਿੰਘ ਸਮਰਾ, ਸੁਰਜੀਤ ਸਿੰਘ ਤੁਗਲਵਾਲ, ਰਤਨ ਸਿੰਘ ਜੱਫ਼ਰਵਾਲ, ਬਿਕਰਮ ਸਿੰਘ ਕੋਟਲਾ, ਬੀਬੀ ਬਲਵਿੰਦਰ ਕੌਰ ਲੋਪੋਕੇ, ਅਮਰਜੀਤ ਸਿੰਘ ਭਲਾਈਪੁਰ, ਬੀਬੀ ਹਰਜਿੰਦਰ ਕੌਰ, ਬੀਬੀ ਜੋਗਿੰਦਰ ਕੌਰ, ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲੜਾ, ਸ਼ਿੰਗਾਰਾ ਸਿੰਘ ਲੋਹੀਆਂ, ਬਲਦੇਵ ਸਿੰਘ ਕਲਿਆਣ, ਦਰਸ਼ਨ ਸਿੰਘ ਬਰਾੜ, ਪ੍ਰੀਤਮ ਸਿੰਘ ਮਲਸੀਹਾਂ, ਹਰਦਲਬੀਰ ਸਿੰਘ ਸ਼ਾਹ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਅਵਤਾਰ ਸਿੰਘ ਸੈਂਪਲਾ, ਮਹਿੰਦਰ ਸਿੰਘ ਆਹਲੀ, ਬਲਵਿੰਦਰ ਸਿੰਘ ਜੌੜਾਸਿੰਘਾ, ਦਿਲਜੀਤ ਸਿੰਘ ਬੇਦੀ, ਪ੍ਰਤਾਪ ਸਿੰਘ, ਬਿਜੈ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਜਗਜੀਤ ਸਿੰਘ ਜੱਗੀ, ਸਕੱਤਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਮਹਿੰਦਰ ਸਿੰਘ ਭਿੰਡੀ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਢਾਡੀ, ਕਵੀਸ਼ਰ, ਮੈਨੇਜਰ ਅਤੇ ਲੋਕਲ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰ ਹਾਜ਼ਰ ਸਨ।

Check Also

23 ਮਈ ਤੋਂ ਈ.ਵੀ.ਐਮ ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਲੋਕ ਸਭਾ ਚੋਣਾ-2024 ਦੇ ਸੱਤਵੇਂ ਗੇੜ ‘ਚ ਪੰਜਾਬ ਵਿੱਚ …

Leave a Reply