ਅੰਮ੍ਰਿਤਸਰ, 4 ਫ਼ਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਦੁਬਈ `ਚ ਦਿਲ ਦਾ ਦੌਰਾ ਪੈ ਜਾਣ ਕਾਰਣ ਆਪਣੀ ਜਾਨ ਗੁਵਾ ਬੈਠੇ ਗੜਸ਼ੰਕਰ ਨੇੜਲੇ ਪਿੰਡ
ਤੋਰੋਵਾਲ ਨਾਲ ਸਬੰਧਿਤ ਮਾਪਿਆਂ ਦੇ 26 ਸਾਲਾ ਨੌਜਵਾਨ ਪੁੱਤਰ ਸੰਦੀਪ ਕੁਮਾਰ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
ਜਿਕਰਯੋਗ ਹੈ ਕਿ ਸੰਦੀਪ ਕੁਮਾਰ ਪੁੱਤਰ ਮੋਹਨ ਲਾਲ ਤਿੰਨ ਕੁ ਵਰੇ ਪਹਿਲਾਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ `ਚ ਲੈ ਕੇ ਦੁਬਈ ਗਿਆ ਸੀ ਕਿ ਅਚਾਨਕ ਬੀਤੀ 8 ਜਨਵਰੀ ਨੂੰ ਦਿਲ ਦਾ ਦੌਰਾ ਪੈਣ ਕਾਰਣ ਉਸ ਦੀ ਮੌਤ ਦੀ ਹੋ ਗਈ।ਦੱਸਣਯੋਗ ਹੈ ਕਿ ਪਰਿਵਾਰ ਨੇ ਓਬਰਾਏ ਨਾਲ ਸੰਪਰਕ ਕਰ ਕੇ ਆਪਣੇ ਤੇ ਟੁੱਟੇ ਇਸ ਕਹਿਰ ਅਤੇ ਆਪਣੇ ਪਰਿਵਾਰ ਦੀ ਆਰਥਿਕ ਹਾਲਤ ਬਾਰੇ ਸਮੁੱਚੀ ਜਾਣਕਾਰੀ ਦਿੰਦਿਆਂ ਆਪਣੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਦੁਬਈ ਤੋਂ ਭੇਜਣ ਦੀ ਅਰਜੋਈ ਕੀਤੀ ਸੀ, ਜਿਸ ਤੇ ਕਾਰਵਾਈ ਕਰਦਿਆਂ ਡਾ. ਓਬਰਾਏ ਨੇ ਦੁਬਈ ਅੰਦਰ ਜਿੱਥੇ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਈ ਉਥੇ ਹੀ ਮ੍ਰਿਤਕ ਦੇਹ ਨੂੰ ਭਾਰਤ ਲੈ ਕੇ ਆਉਣ ਤੱਕ ਦਾ ਸਾਰਾ ਹੀ ਖਰਚ ਆਪਣੇ ਕੋਲੋਂ ਲਾਇਆ
ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸੰਧੂ ਅਤੇ ਨਵਜੀਤ ਸਿੰਘ ਘਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 51 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਉਨਾਂ ਇਹ ਵੀ ਦੱਸਿਆ ਕਿ ਸੰਦੀਪ ਦੀ ਮ੍ਰਿਤਕ ਦੇਹ ਭਾਰਤ ਭੇਜਣ `ਚ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ
ਦੁਬਈ ਤੋਂ ਮ੍ਰਿਤਕ ਦੇਹ ਲੈ ਕੇ ਆਏ ਸੰਦੀਪ ਦੇ ਮਾਸੀ ਦੇ ਪੁੱਤ ਅਜੇਪਾਲ ਸਿੰਘ ਤੋਂ ਇਲਾਵਾ ਏਅਰਪੋਰਟ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਸੰਦੀਪ ਦੇ ਚਚੇਰੇ ਭਰਾ ਨਰਿੰਦਰਬੀਰ ਸਿੰਘ, ਮਾਸੜ ਦੇਸ ਰਾਜ ਤੇ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਓਬਰਾਏ ਉਨਾਂ ਦੀ ਬਾਂਹ ਨਾ ਫ਼ੜਦੇ ਤਾਂ ਉਹ ਕਦੇ ਵੀ ਆਪਣੇ ਪੁੱਤਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ।ਇਸ ਮੌਕੇ ਟਰੱਸਟ ਮੈਂਬਰਾਂ ਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਹਾਜਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media