ਅਨਪੜ੍ਹਤਾ ਦੇ ਖਾਤਮੇ ਲਈ ਵਿੱਦਿਆ ਦਾ ਗਿਆਨ ਵੰਡਣਾ ਚਾਹੀਦਾ : ਸ: ਛੀਨਾ
ਅੰਮ੍ਰਿਤਸਰ, 31 ਜੁਲਾਈ (ਪ੍ਰੀਤਮ ਸਿੰਘ)-ਇਤਿਹਾਸਿਕ ਖਾਲਸਾ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਸਾਲ 2014-15 ਦੀ ਸ਼ੁਰੂਆਤ ਸਬੰਧੀ ‘ਆਰਭਿੰਕ ਅਰਦਾਸ ਦਿਵਸ’ ਮਨਾਇਆ ਗਿਆ। ਜਿਸ ਲਈ ਗੁਰੂ ਮਹਾਰਾਜ ਜੀ ਦਾ ਓਟ ਆਸਰਾ ਲੈਂਦਿਆਂ ਪਰਸੋਂ ਤੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦਾ ਭੋਗ ਪੈਣ ਉਪਰੰਤ ਅੱਜ ਸੁੰਦਰ ਸਿੰਘ ਮਜੀਠੀਆ ਹਾਲ ‘ਚ ਭਾਰੀ ਦੀਵਾਨ ਸਜਿਆ। ਜਿਸ ‘ਚ ਉਚੇਚੇ ਤੌਰ ‘ਤੇ ਹਾਜ਼ਰੀ ਲਗਾਉਣ ਪੁੱਜੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਗੁਰੂ ਸਾਹਿਬਾਨਾਂ ਦੁਆਰਾ ਵਿੱਦਿਆ ਦੀ ਮਹਾਨਤਾ ‘ਤੇ ਕਥਾ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੀ ਸ਼ੁਰੂਆਤ ਪ੍ਰਸਿੱਧ ਕੀਰਤਨੀਏ ਭਾਈ ਮਨਿੰਦਰ ਸਿੰਘ (ਸ੍ਰੀ ਨਗਰ ਵਾਲੇ) ਵੱਲੋਂ ਕੀਰਤਨ ਕਰਕੇ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਰੱਬੀ ਬਾਣੀ ਦਾ ਇਲਾਹੀ ਕੀਰਤਨ ਸੁਣਾਕੇ ਰੂਹਾਨੀ ਮਾਹੌਲ ਸਿਰਜਿਆ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਇਸ ਮੌਕੇ ਜੀਵਨ ‘ਚ ਗਿਆਨ ਪ੍ਰਾਪਤੀ ਲਈ ਉਪਰਾਲੇ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਤਕਨੀਕ ਦੇ ਯੁੱਗ ‘ਚ ਸਮਾਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਲਣ ਲਈ ਵਿੱਦਿਆ ਦਾ ਗਿਆਨ ਹੋਣਾ ਅਤਿ ਜਰੂਰੀ ਹੋ ਗਿਆ ਹੈ, ਕਿਉਂਕਿ ਜਿਹੜਾ ਪੜ੍ਹਾਈ ਪੱਖੋਂ ਨਲਾਇਕ ਹੈ, ਉਸਤੋਂ ਹਰੇਕ ਟਾਲਾ ਵੱਟਣਾ ਸਮਝਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆ ਕਿਹਾ ਵਿੱਦਿਆ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਅਨਪੜ੍ਹਤਾ ਦੇ ਖਾਤਮੇ ਲਈ ਵਿੱਦਿਆ ਦਾ ਗਿਆਨ ਵੰਡਣਾ ਜਰੂਰੀ ਹੈ ਤਾਂ ਜੋ ਸਾਡਾ ਦੇਸ਼ ਤਰੱਕੀ, ਉੱਨਤੀ ਤੇ ਖੁਸ਼ਹਾਲੀ ਵਜੋਂ ਦੁਨੀਆ ਦੇ ਨਕਸ਼ੇ ‘ਤੇ ਉੱਭਰੇ। ਉਨ੍ਹਾਂ ਇਸ ਮੌਕੇ ਸੰਸਾਰਿਕ ਵਿੱਦਿਆ ਤੋਂ ਇਲਾਵਾ ਧਾਰਮਿਕ ਤੇ ਅਧਿਆਤਿਮਕ ਵਿੱਦਿਆ ਗ੍ਰਹਿਣ ਕਰਨ ‘ਤੇ ਜ਼ੋਰ ਦਿੱਤਾ। ਸ: ਛੀਨਾ ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਅਤੇ ਕੀਰਤਨੀਏ ਜਥੇ ਨੂੰ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਸਾਹਿਬ ਕੁਲਵਿੰਦਰ ਸਿੰਘ ਦੁਆਰਾ ਅਰਦਾਸ ਕਰਨ ਉਪਰੰਤ ਖਾਲਸਾ ਕਾਲਜ ਦੀ ਤਸਵੀਰ ਅਤੇ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ‘ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਚੰਗੀ ਪੜ੍ਹਾਈ ਕਰਕੇ ਗਿਆਨ ਪ੍ਰਾਪਤ ਕਰਨ ਉਪਰੰਤ ਸੰਤੋਖ ਤੇ ਵਿਚਾਰ ਦਾ ਜੀਵਨ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਇਸ ਮੌਕੇ ਸ: ਛੀਨਾ ਅਤੇ ਕਾਲਜ ‘ਚ ਹਰੇਕ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਸਮੇਂ ਕੀਤੀ ਅਰਦਾਸ ਪ੍ਰੰਪਰਾ ਨੂੰ ਸਰਾਹਇਆ। ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨਾਂ, ਅਧਿਆਪਕਾਂ, ਸਮੂਹ ਸਟਾਫ਼ ਤੇ ਵਿਦਿਆਰਥੀਆਂ ਦਾ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਆਯੋਜਿਤ ਕਰਨ ‘ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਸਟੇਜ ਦੀ ਭੂਮਿਕਾ ਸ: ਇੰਦਰਜੀਤ ਸਿੰਘ ਗੋਗੋਆਣੀ ਨੇ ਬਾਖੂਬੀ ਨਿਭਾਈ। ਕਾਲਜ ਦੇ ਵਿਦਿਆਰਥੀਆਂ ਨੇ ਵੀ ਸ਼ਬਦ ਗਾਇਨ ਕਰਕੇ ਆਈ ਹੋਈ ਸੰਗਤ ਨੂੰ ਗੁਰੂ ਲੜ ਲਾਇਆ।
ਇਸ ਮੌਕੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਜੀ. ਐੱਸ. ਭੱਟੀ, ਐੱਸ. ਐੱਸ. ਛੀਨਾ, ਖਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ, ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰਸੀਪਲ, ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਤੇਜਿੰਦਰ ਕੌਰ ਬਿੰਦਰਾ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀਆਂ ਨੇ ਹਾਜ਼ਰੀ ਲਵਾਈ।