ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ 172ਵੇਂ ਸ਼ਹੀਦੀ ਦਿਵਸ ਮੌਕੇ
10 ਫਰਵਰੀ ਨੂੰ ਪੰਜਾਬ ਸਰਕਾਰ ਵਲੋਂ ਅਟਾਰੀ ਅਤੇ ਨਰਾਇਣਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਪੁੱਜੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 10 ਫਰਵਰੀ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਾਮ ਸਿੰਘ ਅਟਾਰੀਵਾਲਾ ਸਮਾਰਕ, ਅਟਾਰੀ ਵਿਖੇ ਸਵੇਰੇ 11:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਵੇਗਾ ਅਤੇ ਉਪਰੰਤ ਕੀਰਤਨੀ ਜਥਿਆਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਅਟਾਰੀ ਸਮਾਗਮ ਤੋਂ ਪਹਿਲਾਂ ਸਵੇਰੇ 11:00 ਵਜੇ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਦੇ ਅੰਮ੍ਰਿਤਸਰ-ਅਟਾਰੀ ਮਾਰਗ (ਨਰਾਇਣਗੜ੍ਹ) ਵਿਖੇ ਗੇਟਵੇਅ ਆਫ ਇੰਡੀਆ ’ਤੇ ਸਥਾਪਿਤ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਇਸ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਜ਼ਿਕਰਯੋਗ ਹੈ ਕਿ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਇਤਿਹਾਸ ਦਾ ਇਕ ਚਮਕਦਾ ਹੀਰਾ ਹੈ। ਮਹਾਰਾਜਾ ਰਣਜੀਤ ਸਿੰਘ ਸਮੇਂ ਵੱਖ-ਵੱਖ ਮੁਹਿੰਮਾਂ ਵਿਚ ਅਤੇ ਮਹਾਰਾਜਾ ਸਾਹਿਬ ਦੇ ਦਿਹਾਂਤ ਉਪਰੰਤ 10 ਫਰਵਰੀ, 1846 ਨੂੰ ਸਤਲੁਜ ਦਰਿਆ ਦੇ ਕੰਢੇ ਸਭਰਾਵਾਂ ਨੇੜੇ ਉਨ੍ਹਾਂ ਅੰਗਰੇਜ਼ਾਂ ਖਿਲਾਫ਼ ਇਕ ਜ਼ਬਰਦਸਤ ਤੇ ਖੂਨੀ ਯੁੱਧ ਲੜਿਆ ਸੀ ਅਤੇ ਇਸ ਲੜਾਈ ਵਿਚ ਉਨ੍ਹਾਂ ਨੇ ਬੇਮਿਸਾਲ ਬਹਾਦਰੀ ਦਿਖਾਉਂਦੇ ਹੋਏ ਸ਼ਹਾਦਤ ਦਾ ਜਾਮ ਪੀਤਾ ਸੀ।ਇਸੇ ਬਹਾਦਰੀ ਸਦਕਾ ਜਨਰਲ ਸ਼ਾਮ ਸਿੰਘ ਅਟਾਰੀਵਾਲਾ ਦਾ ਨਾਮ ਅੱਜ ਵੀ ਬੜੇ ਫ਼ਖਰ ਨਾਲ ਲਿਆ ਜਾਂਦਾ ਹੈ। ਇਸ ਮੌਕੇ ਐਸ.ਐਸ ਸ੍ਰੀਵਾਸਤਵਾ ਪੁਲਿਸ ਕਮਿਸ਼ਨਰ, ਸ਼੍ਰੀਮਤੀ ਅਲਕਾ ਸਹਾਇਕ ਕਮਿਸ਼ਨਰ ਜਨਰਲ, ਵਿਕਾਸ ਹੀਰਾ ਐਸ.ਡੀ.ਐਮ-2, ਡਾ: ਰਾਜੂ ਚੌਹਾਨ ਸਿਹਤ ਅਫ਼ਸਰ ਨਗਰ ਨਿਗਮ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media