ਬਠਿੰਡਾ, 16 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਗ ਜੱਸੀ) – ਰੀਜਨਲ ਟ੍ਰਰਾਂਸਪੋਰਟ ਅਥਾਰਟੀ (ਆਰ.ਟੀ.ਏ) ਬਠਿੰਡਾ ਦੇ ਸਕੱਤਰ ਉਦੈਦੀਪ ਸਿੰਘ ਸਿੱਧੂ, ਪੀ.ਸੀ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਵਿਖੇ ਗੱਡੀਆਂ ਦੀ ਚੈਕਿੰਗ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਸ ਮੁਹਿੰਮ ਦੌਰਾਨ 13 ਵਾਹਨ ਲੋੜੀਂਦੇ ਕਾਗਜ਼ ਨਾ ਹੋਣ ਦੀ ਸੂਰਤ ਵਿਚ ਬੰਦ ਕੀਤੇ ਗਏ ਹਨ।ਉਨ੍ਹਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 3 ਸਕੂਲ ਬੱਸਾਂ ਅਤੇ 10 ਆਟੋ-ਰਿਕਸ਼ੇ ਇੰਪਾਊਂਡ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਨ੍ਹਾਂ ਮੋਟਰ-ਸਾਈਕਲਾਂ ਦੇ ਚਾਲਕ ਪੂਰੇ ਕਾਗਜ਼ ਦਿਖਾਉਣ ’ਚ ਅਸਫ਼ਲ ਰਹੇ ਜਿਸ ਕਰਕੇ ਇਨ੍ਹਾਂ ਵਾਹਨਾਂ ਨੂੰ ਇਮਪਾਊਂਡ ਕਰ ਦਿੱਤਾ ਗਿਆ।ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਓਵਰ ਲੋਡਿੰਗ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਵੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਹ ਸਾਰੇ ਵਾਹਨ ਸਬੰਧਤ ਮਾਲਕਾਂ ਵਲੋਂ ਕਾਗਜ਼ ਪੂਰੇ ਕਰਵਾ ਕੇ ਕਾਨੂੰਨ ਅਨੁਸਾਰ ਛੱਡੇ ਜਾਣਗੇ।
ਇਸ ਮੌਕੇ ਉਦੈਦੀਪ ਸਿੰਘ ਸਿੱਧੂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਵਾਹਨਾਂ ਨਾਲ ਸਬੰਧਤ ਕਾਗਜ਼ ਅਤੇ ਟੈਕਸ ਭਰ ਕੇ ਹੀ ਵਾਹਨ ਨੂੰ ਸੜਕ ’ਤੇ ਉਤਾਰਿਆ ਜਾਵੇ ਤਾਂ ਜੋ ਜ਼ੁਰਮਾਨੇ ਤੇ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ।ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ ਆਉਣ ਵਾਲੇ ਦਿਨਾਂ ’ਚ ਵੀ ਨਿਰੰਤਰ ਜਾਰੀ ਰੱਖੀ ਜਾਵੇਗੀ।ਸਿੱਧੂ ਨੇ ਕਿਹਾ ਕਿ ਪ੍ਰੈਸ਼ਰ ਹਾਰਨ ਦੀ ਵਰਤੋਂ ਦੀ ਸਖ਼ਤ ਮਨਾਹੀ ਹੈ ਅਤੇ ਇਸ ਸਬੰਧੀ ਵਿਸ਼ੇਸ਼ ਮੁਹਿੰਮ ਜਲਦ ਹੀ ਚਲਾਈ ਜਾਵੇਗੀ ਤਾਂ ਜੋ ਇਸ ਸਬੰਧ ’ਚ ਪੰਜਾਬ ਸਰਕਾਰ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ।ਇਸੇ ਪ੍ਰਕਾਰ ਲੋੜ ਤੋਂ ਵੱਧ ਲੋਡ ਲੈ ਕੇ ਜਾਣ ਵਾਲੇ ਕਮਰਸ਼ੀਅਲ ਵਾਹਨਾਂ ’ਤੇ ਸ਼ਿਕੰਜਾ ਕੱਸਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਕਿਸੇ ਵੀ ਪ੍ਰਕਾਰ ਦੀ ਉਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗੀ ਕਿ ਸਕੂਲੀ ਵਾਹਨਾਂ ਲਈ ਸਕੂਲਾਂ ਦੇ ਮੁਖੀ ਜਿੰਮੇਵਾਰੀ ਲੈਣ।ਉਨ੍ਹਾਂ ਕਿਹਾ ਕਿ ਕਿਸੇ ਰੂਟ ’ਤੇ ਗੈਰ ਕਾਨੂੰਨੀ ਤਰੀਕੇ ਨਾਲ ਕੋਈ ਵੀ ਬੱਸ ਚੱਲਣ ਨਹੀਂ ਦਿੱਤੀ ਜਾਵੇਗੀ ਅਤੇ ਜੇਕਰ ਇਸ ਸਬੰਧ ’ਚ ਕੋਈ ਵੀ ਕੁਤਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …