ਨਤਮਸਤਕ ਹੋ ਕੇ ਸਾਨੂੰ ਕਿਰਪਾ ਅਤੇ ਨਿਮਰਤਾ ਦਾ ਅਨੁਭਵ ਮਹਿਸੂਸ ਹੋਇਆ-ਜਸਟਿਨ ਟਰੂਡੋ
ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ

ਪਹੁੰਚਣ ’ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਸਮੁੱਚੇ ਸੰਸਾਰ ਦੇ ਸਿੱਖਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਾਨਦਾਰ ਸਵਾਗਤ ਕੀਤਾ।ਜਿਉਂ ਹੀ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਅਕਾਲੀ ਸਰਕਾਰ ਸਮੇਂ ਬਣੇ ਸੁੰਦਰ ਪਲਾਜ਼ਾ ਵਿਖੇ ਪਹੁੰਚੇ ਤਾਂ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਫੁੱਲਾਂ ਦੇ ਗੁਲਦਸਤਿਆਂ ਨਾਲ ਭਰਪੂਰ ਸਵਾਗਤ ਹੋਇਆ।ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦਾ ਸਵਾਗਤ ਕਰਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ’ਤੇ ਮੌਜੂਦ ਸਨ।ਜਸਟਿਨ ਟਰੂਡੋ ਠੀਕ 11:55 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ।ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਸੋਫੀ ਟਰੂਡੋ, ਬੇਟੀ ਅੇਲਾਗ੍ਰੇਸ ਤੇ ਇੱਕ ਬੇਟਾ ਵੀ ਮੌਜੂਦ ਸਨ।ਇਸ ਤੋਂ ਇਲਾਵਾ ਕੈਨੇਡਾ ਸਰਕਾਰ ਦੇ ਚਾਰ ਸਿੱਖ/ ਪੰਜਾਬੀ ਮੰਤਰੀ ਹਰਜੀਤ ਸਿੰਘ ਸੱਜਣ, ਨਵਦੀਪ ਸਿੰਘ ਬੈਂਸ, ਅਮਰਜੀਤ ਸਿੰਘ ਸੋਹੀ ਤੇ ਬਰਦੀਸ਼ ਕੌਰ ਚੱਗਰ ਸਮੇਤ ਹੋਰ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ।
ਜਸਟਿਨ ਟਰੂਡੋ ਨੇ ਪੰਜਾਬੀ ਰਵਾਇਤੀ ਕਰੀਮ ਰੰਗ ਦਾ ਕੁੜਤਾ ਪਜ਼ਾਮਾ ਪਹਿਨਿਆ ਹੋਇਆ ਸੀ।ਉਨ੍ਹਾਂ ਦੀ ਪਤਨੀ ਅਤੇ ਬੱਚੇ ਵੀ ਰਵਾਇਤੀ ਪੰਜਾਬੀ ਪਹਿਰਾਵੇ ਵਿਚ ਸਨ।ਘੰਟਾ ਘਰ ਬਾਹੀ ਮੁੱਖ ਪ੍ਰਵੇਸ਼ ਦੁਆਰ ਤੋਂ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾ ਵਿਚ ਉੱਤਰਦਿਆਂ ਹੀ ਕੈਨੇਡੀਅਨ ਪ੍ਰਧਾਨ ਮੰਤਰੀ ਅਤੇ ਉਸ ਦੇ ਪਰਿਵਾਰ ਨੇ ਕੁਝ ਪਲ ਰੁਕ ਕੇ ਰੂਹਾਨੀ ਵਾਤਾਵਰਣ ਨੂੰ ਮਹਿਸੂਸ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾਂ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਗਏ, ਜਿਥੇ ਉਨ੍ਹਾਂ ਨੇ ਪ੍ਰਸ਼ਾਦੇ ਤਿਆਰ ਕਰਨ ਦੀ ਸੇਵਾ ਕੀਤੀ।ਉਹ 12:10 ਤੇ ਲੰਗਰ ਘਰ ਪਹੁੰਚੇ ਅਤੇ 12:20 ਤੱਕ ਉਥੇ ਰਹੇ।
ਇਸ ਤੋਂ ਬਾਅਦ ਜਸਟਿਨ ਟਰੂਡੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਤਿਕਾਰ ਭੇਟ ਕਰਦਿਆਂ ਜਿਥੇ ਕੜਾਹਿ ਪ੍ਰਸ਼ਾਦਿ ਦੀ ਦੇਗ ਕਰਵਾਈ, ਉਥੇ ਹੀ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਵੀ ਭੇਟ ਕੀਤਾ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਉਨ੍ਹਾਂ ਨੂੰ ਸਿਰੋਪਾਓ, ਫੁੱਲਾਂ ਦਾ ਹਾਰ ਅਤੇ ਗੁਲਦਸਤਾ ਗੁਰੂ ਬਖ਼ਸ਼ਿਸ਼ ਵਜੋਂ ਦਿੱਤਾ।ਇਸ ਤੋਂ ਇਲਾਵਾ ਸਿੰਘ ਸਾਹਿਬ ਨੇ ਪ੍ਰਧਾਨ ਮੰਤਰੀ ਦੇ ਪਰਿਵਾਰ ਸਮੇਤ ਸਿੱਖ/ਪੰਜਾਬੀ ਮੰਤਰੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੀ ਬਖ਼ਸ਼ਿਸ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਨੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਪਰਕਰਮਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਇਥੇ ਸਥਿਤ ਹੋਰ ਪਾਵਨ ਅਸਥਾਨਾਂ ਦੇ ਇਤਿਹਾਸ, ਧਾਰਮਿਕ ਅਤੇ ਸਮਾਜਿਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ, ਜਿਸ ਨੂੰ ਉਨ੍ਹਾਂ ਗੰਭੀਰਤਾ ਨਾਲ ਸੁਣਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਸੂਚਨਾ ਕੇਂਦਰ ਵਿਖੇ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸਨਮਾਨਿਤ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਵਿਚ ਉਨ੍ਹਾਂ ਨੂੰ ਸਿਰੋਪਾਓ, ਲੋਈ, ਸੁਨਹਿਰੀ ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਧਾਰਮਿਕ ਪੁਸਤਕਾਂ ਦਾ ਸੈਟ ਕੀਤਾ ਗਿਆ।ਜਸਟਿਨ ਟਰੂਡੋ ਦੇ ਪਰਿਵਾਰ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵਿਜ਼ਟਰ ਬੁੱਕ ਵਿਚ ਲਿਖਿਆ ਕਿ ‘ਉਨ੍ਹਾਂ ਲਈ ਵੱਡੇ ਮਾਣ ਦੀ ਗੱਲ ਹੈ ਕਿ ਉਨ੍ਹਾਂ ਨੂੰ ਇੱਕ ਖ਼ੂਬਸੂਰਤ ਅਤੇ ਮਹਾਨ ਪਾਵਨ ਅਸਥਾਨ ਦੇ ਦਰਸ਼ਨ ਕਰਨ ਸਮੇਂ ਬੇਹੱਦ ਸਤਿਕਾਰ ਪ੍ਰਾਪਤ ਹੋਇਆ ਹੈ।ਇਥੇ ਨਤਮਸਤਕ ਹੋ ਕੇ ਸਾਨੂੰ ਪ੍ਰਭੂ ਕਿਰਪਾ ਅਤੇ ਨਿਮਰਤਾ ਦਾ ਅਨੁਭਵ ਮਹਿਸੂਸ ਹੋਇਆ ਹੈ।’
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ, ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਗੁਰਿੰਦਰਪਾਲ ਸਿੰਘ ਗੋਰਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਵਣਵਾਲਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਸਕੱਤਰ ਮਨਜੀਤ ਸਿੰਘ ਬਾਠ ਤੇ ਅਵਤਾਰ ਸਿੰਘ ਸੈਂਪਲਾ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਤਾਪ ਸਿੰਘ, ਬਿਜੈ ਸਿੰਘ, ਮਹਿੰਦਰ ਸਿੰਘ ਆਹਲੀ, ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਤੇ ਗੁਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਹਾਜ਼ਰ ਸਨ।
Punjab Post Daily Online Newspaper & Print Media