ਹੋਲੀ ’ਤੇ ਹੁੜਦੰਗਬਾਜੀ ਕਰਨ ਵਾਲਿਆਂ ਨੂੰ ਚਿਤਾਵਨੀ- ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਰਤ ਸਰਕਾਰ ਵਲੋਂ ਪੂਰੇ ਦੇਸ਼ ਵਿੱਚ ‘ਬੇਟੀ ਬਚਾਓ ਬੇਟੀ ਪੜ੍ਹਾਓ’ ਸਕੀਮ ਨੂੰ 8
ਮਾਰਚ ਤੋਂ ਸਮੁੱਚੇ ਦੇਸ਼ ਵਿੱਚ ਚਲਾਉਣ ਦੇ ਫੈਸਲੇ ਤਹਿਤ ਮਾਰਚ ਦਾ ਪਹਿਲਾ ਪੰਦਰਵਾੜਾ ਧੀਆਂ ਦੇ ਹੱਕਾਂ ਅਤੇ ਸੁਰੱਖਿਆ ਪ੍ਰਤੀ ਜਨ ਚੇਤਨਾ ਲਹਿਰ ਨੂੰ ਸਮਰਪਿਤ ਕੀਤਾ ਜਾਵੇਗਾ।
ਇਸ ਸਬੰਧੀ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਅੰਮ੍ਰਿਤਸਰ ਜਿਲੇ੍ਹ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਵੱਖ-ਵੱਖ ਪ੍ਰੋਗਰਾਮ ਕੀਤੇ ਜਾਣਗੇ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਨੁਕੜ ਨਾਟਕ, ਰੈਲੀਆਂ, ਸੈਮੀਨਾਰ, ਹਸਤਾਖਰ ਮੁਹਿੰਮ ਆਦਿ ਚਲਾਈ ਜਾਵੇਗੀ।ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਬੇਟੀ ਬਚਾਓ ਪੜ੍ਹਾਓ ਮੁਹਿੰਮ ਹਰੇਕ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਵੱਡੇ ਪੱਧਰ ਤੇ ਹਸਤਾਖਰ ਮੁਹਿੰਮ ਚਲਾਉਣ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲਿੰਗ ਅਨੁਪਾਤ ਵਿੱਚ ਬਰਾਬਰੀ ਦਾ ਸੰਦੇਸ਼, ਲੜਕੀਆਂ ਨੂੰ ਉਚ ਸਿਖਿਆ ਲਈ ਅਵਸਰ ਮੁਹੱਈਆ ਕਰਵਾਉਣਾ ਅਤੇ ਲੜਕੀਆਂ ਦੇ ਸਸ਼ਕਤੀਕਰਣ ਨੂੰ ਉਤਸ਼ਾਹ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੀ ਸ਼ੁਰੂਆਤ ਪਿੰਡਾਂ ਅਤੇ ਜ਼ਿਲ੍ਹਾ ਪੱਧਰ ’ਤੇ ਬੇਟੀ ਪੜ੍ਹਾਓ ਬੇਟੀ ਬਚਾਓ ਸਕੀਮ ਨੂੰ ਹੋਰਨਾਂ ਗਤੀਵਿਧੀਆਂ ਨਾਲ ਜੋੜ ਕੇ ਕੀਤੀ ਜਾਵੇਗੀ।ਇਸ ਤੋਂ ਬਾਅਦ 2 ਮਾਰਚ ਨੂੰ ਹੋਲੀ ਦੇ ਤਿਉਹਾਰ ਨੂੰ ਬੇਟੀ ਬਚਾਓ ਬੇਟੀ ਪੜ੍ਹਾਓ ਨਾਲ ਜੋੜ ਕੇ ਧੀਆਂ ਦੇ ਹੱਕਾਂ ਦੀ ਰਾਖੀ ਦਾ ਸੰਦੇਸ਼ ਦਿੱਤਾ ਜਾਵੇਗਾ ਜਦਕਿ 3 ਮਾਰਚ ਨੂੰ ਜ਼ਿਲ੍ਹੇ ਵਿੱਚ ਕਲੱਸਟਰ ਪੱਧਰ ’ਤੇ ਇੱਕ ਜਾਂ ਦੋ ਪਿੰਡ ਚੁਣ ਕੇ, ਸਵੈ ਸੇਵੀ ਸੰਸਥਾਂਵਾਂ ਦੀ ਸਹਾਇਤਾ ਨਾਲ ਪ੍ਰਭਾਤ ਫੇਰੀਆਂ ਕੱਢੀਆਂ ਜਾਣਗੀਆਂ।ਉਨ੍ਹਾਂ ਅੱਗੇ ਕਿਹਾ ਕਿ ਇਸ ਪੰਦਰਵਾੜੇ ਵਿੱਚ ਜਿਲੇ੍ਹ ਦਾ ਨਾਮ ਉਚਾ ਕਰਨ ਵਾਲੀਆਂ ਵਿਦਿਆਰਥਣਾਂ, ਖਿਡਾਰਨਾਂ ਨੂੰ ਪ੍ਰਸਾਸ਼ਨ ਵੱਲੋਂ ਸਨਮਾਨਿਆ ਵੀ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਘਰਾਂ ਦੇ ਬਾਹਰ ‘ਬੇਟੀ ਬਚਾਓ ਬੇਟੀ ਪੜ੍ਹਾਓ’ ਨਾਲ ਸਬੰਧਤ ਸਟਿੱਕਰ ਵੀ ਲਗਾਏ ਜਾਣਗੇ ਅਤੇ ਧੀਆਂ ਦੀ ਰਾਖੀ ਵਿੱਚ ਵੱਖ-ਵੱਖ ਢੰਗਾਂ ਨਾਲ ਯੋਗਦਾਨ ਪਾਉਣ ਵਾਲੀਆਂ ਪੰਚਾਇਤਾਂ, ਸਕੂਲਾਂ, ਐਨ.ਜੀ.ਓ ਆਦਿ ਨੂੰ ਸਨਮਾਨਿਤ ਕੀਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ 8 ਮਾਰਚ ਨੂੰ ਪ੍ਰਧਾਨ ਮੰਤਰੀ ਦਾ ਸਿੱਧਾ ਪ੍ਰਸਾਰਣ ਦਿਖਾਉਣ ਤੋਂ ਇਲਾਵਾ ਮਹਿਲਾ ਦਿਵਸ ਮੌਕੇ ਸਮਾਗਮ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੰਦਰਵਾੜੇ ਦੇ ਵੱਖ-ਵੱਖ ਪ੍ਰੋਗਰਾਮਾਂ ਬਾਅਦ 15 ਮਾਰਚ ਨੂੰ ਸਮਾਪਤੀ ਸਮਾਗਮ ਵੀ ਕੀਤਾ ਜਾਵੇਗਾ।
ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੋਲੀ ’ਤੇ ਹੁੜਦੰਗਬਾਜੀ ਕਰਨ ਵਾਲਿਆਂ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਹੋਲੀ ਤਿਓਹਾਰ ਤੇ ਬਾਹਰ ਆਉਣ ਜਾਣ ਵਾਲੀਆਂ ਲੜਕੀਆਂ ਉਪਰ ਸ਼ਰਾਰਤੀ ਅਨਸਰਾਂ ਵੱਲੋਂ ਜੋ ਹੁੜਦੰਗਬਾਜੀ ਕੀਤੀ ਜਾਂਦੀ ਹੈ ਦੇ ਵਿਰੁੱਧ ਸਖਤ ਪੁਲਿਸ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਵਿੱਚ ਜਿਲ੍ਹਾ ਸਿਖਿਆ ਅਫਸਰ ਐਲੀਮੈਂਟਰ ਸ਼ਿਸ਼ੂਪਾਲ, ਉਪ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਰੇਖਾ ਮਹਾਜਨ, ਜਿਲ੍ਹਾ ਬਾਲ ਸੁਰੱਖਿਆ ਅਫਸਰ ਗੁਲਬਹਾਰ ਸਿੰਘ, ਜਿਲ੍ਹਾ ਖੇਡ ਅਫਸਰ ਗੁਰਲਾਲ ਸਿੰਘ ਤੋ ਇਲਾਵਾ ਸੀ.ਡੀ.ਪੀ.ਓਜ਼ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media