Monday, December 23, 2024

ਸੋਨੇ ਦਾ ਤਗਮਾ ਜਿੱਤਣ ਵਾਲੀ ਨਵਜੋਤ ਕੌਰ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ

PPN0503201818ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਗਮਾ ਪ੍ਰਾਪਤ ਕਰਕੇ ਪਹਿਲੀ ਭਾਰਤੀ ਮਹਿਲਾ ਵਜੋਂ ਸਥਾਨ ਗ੍ਰਹਿਣ ਕਰਨ ਵਾਲੀ ਤਰਨ ਤਾਰਨ ਜ਼ਿਲ੍ਹੇ ਦੀ ਨਵਜੋਤ ਕੌਰ ਦਾ ਅੱਜ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪੁੱਜਣ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਜ਼ੋਰਦਾਰ ਸਵਾਗਤ ਕੀਤਾ।ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਪੰਜਾਬ ਦੀ ਇਸ ਮਾਣਮੱਤੀ ਧੀਅ ਨਵਜੋਤ ਕੌਰ ਨੇ ਏਸ਼ੀਆਈ ਕੁਸ਼ਤੀ ਚੈਂਪੀਅਨਸ਼ਿਪ ਵਿੱਚੋਂ ਸੋਨ ਤਗਮਾ ਪ੍ਰਾਪਤ ਕਰਕੇ ਦੇਸ਼ ਦੇ ਨਾਲ-ਨਾਲ ਸਿੱਖ ਕੌਮ ਦਾ ਵੀ ਮਾਣ ਵਧਾਇਆ ਹੈ।
ਇਸੇ ਦੌਰਾਨ ਸੋਨ ਤਗਮਾ ਜੇਤੂ ਨਵਜੋਤ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੀ ਜਿੱਤ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ।ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਵਜੋਤ ਕੌਰ ਦਾ ਸੂਚਨਾ ਕੇਂਦਰ ਵਿਖੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ਼ਾਲ, ਸੱਚਖੰਡ ਸ੍ਰੀ ਹਰਿਮੰਦਰ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਡਾ. ਰੂਪ ਸਿੰਘ ਨੇ ਇਸ ਸਮੇਂ ਨਵਜੋਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਮੁੱਚੀ ਕੌਮ ਨਵਜੋਤ ਕੌਰ ਦੀ ਪ੍ਰਾਪਤੀ ’ਤੇ ਫ਼ਖਰ ਮਹਿਸੂਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਖਿਡਾਰੀਆਂ ਦੀ ਵਿਸ਼ੇਸ਼ ਪ੍ਰਾਪਤੀ ’ਤੇ ਇਨਾਮ ਦੇਣ ਦੇ ਫ਼ੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਖ਼ੁੱਦ ਨਵਜੋਤ ਕੌਰ ਦਾ ਸਨਮਾਨ ਕਰਨਗੇ।ਉਨ੍ਹਾਂ ਕਿਹਾ ਕਿ ਨਵਜੋਤ ਕੌਰ ਨੂੰ ਸਨਮਾਨ ਵਿਚ 1 ਲੱਖ ਰੁਪਏ ਦੀ ਰਾਸ਼ੀ ਅਤੇ ਯਾਦਗਾਰੀ ਚਿੰਨ੍ਹ ਦਿੱਤਾ ਜਾਵੇਗਾ।
ਇਸ ਮੌਕੇ ਨਵਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਾਪਤੀ ਪਰਮਾਤਮਾ ਅਤੇ ਗੁਰੂ ਸਾਹਿਬ ਦੀ ਬਖ਼ਸ਼ਿਸ਼ ਸਦਕਾ ਹੀ ਸੰਭਵ ਹੋਈ ਹੈ।ਉਨ੍ਹਾਂ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
ਇਸ ਮੌਕੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸਿਮਰਜੀਤ ਸਿੰਘ ਮੀਤ ਸਕੱਤਰ, ਗੁਰਿੰਦਰ ਸਿੰਘ ਮਥਰੇਵਾਲ ਮੈਨੇਜਰ, ਸੁਖਬੀਰ ਸਿੰਘ ਤੇ ਨਰਿੰਦਰ ਸਿੰਘ ਵਧੀਕ ਮੈਨੇਜਰ, ਇਕਬਾਲ ਸਿੰਘ ਸੰਧੂ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ, ਸਰਤਾਜ ਸਿੰਘ, ਸਰਬਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰ ਮੌਜੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply