ਫਾਜਿਲਕਾ ਵਿਖੇ ਨਸ਼ਾ ਛਡਾਉ ਕੇਂਦਰ ਦੀ ਇਮਾਰਤ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ, 4 ਅਗਸਤ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਤਸਕਰਾਂ ਖਿਲਾਫ ਵਿੱਢੀ ਗਈ ਵਿਸ਼ੇਸ਼ ਮੁਹਿਮ ਅਤੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਇਲਾਜ ਲਈ ਕੀਤੇ ਜਾ ਰਹੇ ਵਿਸ਼ੇਸ਼ ਯਤਨਾ ਸਦਕਾ ਅਗਲੇ ਦੋ ਸਾਲਾਂ ਵਿਚ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਵੇਗਾ।ਇਹ ਪ੍ਰਗਟਾਵਾ ਸਿਹਤ ਮੰਤਰੀ ਚੋ.ਸੁਰਜੀਤ ਕੁਮਾਰ ਜਿਆਣੀ ਨੇ ਸਿਵਲ ਹਸਪਤਾਲ ਫਾਜਿਲਕਾ ਵਿਖੇ 55 ਲੱਖ ਦੀ ਲਾਗਤ ਨਾਲ ਨਵੀਂ ਬਣੀ ਨਸ਼ਾ ਛਡਾਉ ਕੇਂਦਰ ਦੀ ਇਮਾਰਤ ਦਾ ਉਦਘਾਟਨ ਕਰਨ ਉਪਰੰਤ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੋਕੇ ਡਿਪਟੀ ਕਮਿਸ਼ਨਰ ਸ. ਮਨਜੀ ਸਿੰਘ ਬਰਾੜ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਕਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਵੀ ਹਾਜਰ ਸਨ।ਸਮਾਗਮ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਚੋ.ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਜਿੱਥੇ ਸਰਕਾਰ ਵੱਲੋਂ ਨਸ਼ਿਆਂ ਦੇ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਲਾਈਨ ਕੱਟੀ ਗਈ ਹੈ ਉੱਥੇ ਸਾਰੇ ਜਿਲ੍ਹਿਆਂ ਵਿਚ ਨਸ਼ਾ ਛਡਾਉ ਕੇਂਦਰ ਖੋਲ ਕੇ ਨਸ਼ਿਆਂ ਦਾ ਸ਼ਿਕਾਰ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਛੱਡ ਕੇ ਮੁੱਖ ਧਾਰਾ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਿੱਤਾਮੁੱਖੀ ਸਿਖਲਾਈ ਦੇਣ ਲਈ ਨਸ਼ਾ ਛਡਾਉ ਕੇਂਦਰਾਂ ਵਿਚ ਪੁਨਰਵਾਸ ਕੇਂਦਰ ਖੋਲੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਫਾਜਿਲਕਾ ਜਿਲ੍ਹੇ ਦੇ ਪਿੰਡ ਜੱਟ ਵਾਲੀ (ਰਾਮ ਨਗਰ) ਵਿਖੇ ਜਿਲ੍ਹਾ ਪੱਧਰੀ ਨਸ਼ਾ ਛਡਾਉ ਤੇ ਪੁਨਰਵਾਸ ਕੇਦਰ ਖੋਲਿਆ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿਮ ਵਿਚ ਸਰਕਾਰ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕੀਤਾ ਜਾ ਸਕੇ ।ਇਸ ਮੋਕੇ ਸ਼੍ਰੀ ਜਿਆਣੀ ਨੇ ਸਿਵਲ ਹਸਪਤਾਲ ਵਿਖੇ ਪੋਦਾ ਲਾ ਕੇ ਵਣ ਮਹਾਉਤਸਵ ਦੀ ਸ਼ੁਰੂਆਤ ਕੀਤੀ।ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਰੁੱਖ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਕੀਤਾ ਜਾ ਸਕੇ । ਇਸ ਮੋਕੇ ਜਿਲ੍ਹਾ ਪੁਲਿਸ ਮੁੱਖੀ ਸ਼੍ਰੀ ਸਵਪਨ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ, ਸ਼੍ਰੀ ਬਲਦੇਵ ਰਾਜ ਚਾਵਲਾ ਸਿਵਲ ਸਰਜਨ, ਡਾ. ਦਵਿੰਦਰ ਭੁੱਕਲ ਸਹਾਇਕ ਸਿਵਲ ਸਰਜਨ, ਸ਼੍ਰੀ ਬਲਜੀਤ ਸਹੋਤਾ, ਸ਼੍ਰੀ ਅਸੋਕ ਜੈਰਥ, ਸ਼੍ਰੀ ਅਨਿਲ ਸੇਠੀ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਤੇ ਅਕਾਲੀ ਭਾਜਪਾ ਆਗੂ ਅਤੇ ਸਵੈ ਸੇਵੀ ਸੰਸਥਾਂਵਾ ਦੇ ਨੁਮਾਇੰਦੇ ਹਾਜਰ ਸਨ ।
Punjab Post Daily Online Newspaper & Print Media