ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਹਾਰਨਪੁਰ ਦੇ ਇਕ ਪ੍ਰਾਈਵੇਟ ਸਕੂਲ ਵਿਚ ਦਸਵੀਂ ਦੇ ਇਮਤਿਹਾਨ ਦੇ ਰਹੇ ਕੁੱਝ ਅੰਮ੍ਰਿਤਧਾਰੀ ਸਿੱਖ ਵਿਦਿਆਰਥੀਆਂ ਨੂੰ ਕਿਰਪਾਨਾਂ ਉਤਾਰ ਕੇ ਪ੍ਰੀਖਿਆ ਵਿਚ ਬੈਠਣ ਲਈ ਮਜ਼ਬੂਰ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਸਕੂਲ ਪ੍ਰਬੰਧਕਾਂ ਦੀ ਇਸ ਹਰਕਤ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਅਜਿਹਾ ਧੱਕਾ ਬਰਦਾਸ਼ਤਯੋਗ ਨਹੀਂ ਹੈ।ਉਨ੍ਹਾਂ ਸਥਾਨਕ ਪ੍ਰਸ਼ਾਸ਼ਨ ਪਾਸੋਂ ਮੰਗ ਕੀਤੀ ਕਿ ਸਕੂਲ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।ਪ੍ਰਧਾਨ ਨੇ ਕਿਹਾ ਕਿ ਸਿੱਖ ਕਕਾਰ ਗੁਰੂ ਬਖ਼ਸ਼ੀ ਰਹਿਣੀ ਦਾ ਹਿੱਸਾ ਹਨ ਅਤੇ ਅੰਮ੍ਰਿਤਧਾਰੀ ਸਿੱਖਾਂ ਲਈ ਕਕਾਰ ਆਪਣੇ ਅੰਗ-ਸੰਗ ਰੱਖਣੇ ਗੁਰੂ ਦਾ ਹੁਕਮ ਹੈ।ਉਨ੍ਹਾਂ ਕਿਹਾ ਕਿ ਇਹ ਸਭ ਕੁਝ ਜਾਣਨ ਦੇ ਬਾਵਜੂਦ ਵੀ ਭਾਰਤ ਅੰਦਰ ਵਾਪਰਦੀਆਂ ਅਜਿਹੀਆਂ ਘਟਨਾਵਾਂ ਸਾਜ਼ਿਸ਼ ਪ੍ਰਤੀਤ ਹੁੰਦੀਆਂ ਹਨ, ਜਿਨ੍ਹਾਂ ਕਰਕੇ ਸਿੱਖਾਂ ਅੰਦਰ ਅਕਸਰ ਰੋਸ ਰਹਿੰਦਾ ਹੈ।ਲੌਂਗੋਵਾਲ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪ੍ਰੀਖਿਆ ਤੋਂ ਪਹਿਲਾਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨਾ ਉਨ੍ਹਾਂ ਦੇ ਭਵਿੱਖ ਨਾਲ ਖਿਲਵਾੜ ਕਰਨਾ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਿਥੇ ਆਪਣੇ ਤੌਰ ’ਤੇ ਪੜਤਾਲ ਕਰਵਾਈ ਜਾਵੇਗੀ, ਉਥੇ ਹੀ ਕੇਂਦਰ ਸਰਕਾਰ ਨਾਲ ਵੀ ਰਾਬਤਾ ਬਣਾ ਕੇ ਦੇਸ਼ ਅੰਦਰ ਸਿੱਖਾਂ ਦੀ ਧਾਰਮਿਕ ਅਜ਼ਾਦੀ ਨੂੰ ਯਕੀਨੀ ਬਣਾਉਣ ਲਈ ਕਿਹਾ ਜਾਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …