ਅੰਮ੍ਰਿਤਸਰ, 22 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸੇ ਦਾ ਸਾਜਨਾ ਦਿਵਸ (ਵਿਸਾਖੀ) ਦਿਹਾੜੇ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ 11 ਅਪ੍ਰੈਲ ਨੂੰ ਅੰਮ੍ਰਿਤਸਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਲਈ ਰਵਾਨਾ ਹੋਣ ਵਾਲੇ ਜਥੇ ਦੇ 758 ਪਾਸਪੋਰਟ ਪਾਕਿਸਤਾਨ ਦੂਤਘਰ ਨੂੰ ਵੀਜ਼ੇ ਲਈ ਭੇਜੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ 12 ਅਪ੍ਰੈਲ ਨੂੰ ਹੋਵੇਗੀ, ਜਿਸ ਦੇ ਭੋਗ 14 ਅਪ੍ਰੈਲ ਨੂੰ ਪੈਣਗੇ।ਇਸ ਜਥੇ ਦੀ ਅਗਵਾਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਗੁਰਮੀਤ ਸਿੰਘ ਬੂਹ ਕਰਨਗੇ।ਇਹ ਜਥਾ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 20 ਅਪ੍ਰੈਲ ਨੂੰ ਵਾਪਸ ਆਵੇਗਾ।ਉਨ੍ਹਾਂ ਦੱਸਿਆ ਕਿ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਗੁ: ਸ੍ਰੀ ਨਨਕਾਣਾ ਸਾਹਿਬ, ਗੁ: ਸ੍ਰੀ ਸੱਚਾ ਸੋਦਾ ਮੰਡੀ ਚੂਹੜਕਾਨਾ, ਗੁ: ਡੇਹਰਾ ਸਾਹਿਬ ਲਾਹੌਰ, ਗੁ: ਰੋੜੀ ਸਾਹਿਬ ਐਮਨਾਬਾਦ ਅਤੇ ਗੁ: ਕਰਤਾਰਪੁਰ ਸਾਹਿਬ ਦੇ ਵੀ ਦਰਸ਼ਨ ਕਰੇਗਾ।ਉਨ੍ਹਾਂ ਦੱਸਿਆ ਕਿ ਵਿਸਾਖੀ ਪੁਰਬ ਮੌਕੇ ਪਾਕਿਸਤਾਨ ਜਾਣ ਵਾਸਤੇ ਸ਼੍ਰੋਮਣੀ ਕਮੇਟੀ ਪਾਸ 871 ਯਾਤਰੂਆਂ ਵਲੋਂ ਪਾਸਪੋਰਟ ਜਮ੍ਹਾਂ ਕਰਵਾਏ ਗਏ ਸਨ, ਜਿਨ੍ਹਾਂ ਵਿੱਚੋਂ 113 ਦਰਖ਼ਾਸਤਾਂ ਮੁਕੰਮਲ ਨਾ ਹੋਣ ਕਾਰਨ 758 ਪਾਸਪੋਰਟ ਪਾਕਿਸਤਾਨ ਦੀ ਅੰਬੈਂਸੀ ਪਾਸ ਜਮ੍ਹਾਂ ਕਰਵਾਏ ਹਨ।ਉਨ੍ਹਾਂ ਕਿਹਾ ਕਿ ਜਿਹੜੇ ਯਾਤਰੂਆਂ ਦੇ ਵੀਜ਼ੇ ਪ੍ਰਾਪਤ ਹੋਣਗੇ ਉਹ 10 ਅਪ੍ਰੈਲ ਨੂੰ ਦਫ਼ਤਰ ਸ਼੍ਰੋਮਣੀ ਕਮੇਟੀ ਪੁੱਜ ਕੇ ਆਪਣੇ ਪਾਸਪੋਰਟ ਪ੍ਰਾਪਤ ਕਰ ਸਕਦੇ ਹਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …