Sunday, December 22, 2024

ਖਾਲਸਾ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ ਵੰਡੀਆਂ 1100 ਡਿਗਰੀਆਂ

ਪੜ੍ਹਿਆ-ਲਿਖਿਆ ਸਮਾਜ ਹੀ ਔਰਤ ਦੇ ਸ਼ਸ਼ਕਤੀਕਰਨ ਦਾ ਬਣਦਾ ਹੈ ਮਾਧਿਅਮ : ਡਾ. ਸ਼ਰਮਾ

PPN2503021805ਅੰਮਿ੍ਤਸਰ, 25 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਮੌਕੇ 1100 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਯੂਨੀਵਰਸਿਟੀ ਗਰਾਂਟ ਕਮਿਸ਼ਨਰ (ਯੂ.ਜੀ.ਸੀ) ਸਾਬਕਾ ਵਾਈਸ ਚੇਅਰਪਰਸਨ ਪ੍ਰੋ: (ਡਾ.) ਮੂਲ ਚੰਦ ਸ਼ਰਮਾ ਨੇ ਆਪਣੇ ਭਾਸ਼ਣ ਦੌਰਾਨ ਔਰਤਾਂ ਦੀ ਸਿਖਿਆ ’ਤੇ ਜ਼ੋਰ ਦਿੰਦਿਆ ਕਿਹਾ ਕਿ ਔਰਤ ਦਾ ਸਿੱਖਿਅਤ ਹੋਣਾ ਹੀ ਉਨ੍ਹਾਂ ਦਾ ਸ਼ਸ਼ਕਤੀਕਰਨ ਹੈ।ਉਨ੍ਹਾਂ ਕਿਹਾ ਕਿ ਰਵਾਇਤੀ ਸਿੱਖਿਆ ਤੋਂ ਇਲਾਵਾ ਹੱਥੀਂ ਕੰਮ ਕਰਨ ਤੇ ਹੁਨਰ ਨੂੰ ਉਜਾਗਰ ਕਰਨਾ ਵਿੱਦਿਆ ਦਾ ਮੁੱਖ ਮੰਤਵ ਹੋਣਾ ਚਾਹੀਦਾ ਹੈ।ਇਸ ਤੋਂ ਪਹਿਲਾਂ ਵਿਸ਼ੇਸ਼ ਮਹਿਮਾਨ ਵਜੋਂ ਮੌਜ਼ੂਦ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਦੀ ਹਾਜ਼ਰੀ ’ਚ ਕਾਨਵੋਕੇਸ਼ਨ ਦੀ ਪ੍ਰਧਾਨਗੀ ਕਰਦੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣਾਂ ਨੂੰ ਉਚ ਸਿੱਖਿਆ ਹਾਸਲ ਕਰਕੇ ਦੇਸ਼ ਸੇਵਾ ਲਈ ਅਰਪਿਤ ਹੋਣ ਲਈ ਉਤਸ਼ਾਹਿਤ ਕੀਤਾ।ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੋਫੈਸ਼ਨਲ ਵਿੱਦਿਆ ਅਪਨਾ ਕੇ ਜੀਵਨ ’ਚ ਆਪਣੀ ਪਛਾਣ ਨੂੰ ਉਜਾਗਰ ਕਰਨ ’ਤੇ ਵੀ ਜ਼ੋਰ ਦਿੱਤਾ। ਡਾ. ਸ਼ਰਮਾ ਨੇ ਇਤਿਹਾਸਕ ਅਤੇ ਸਮਾਜਿਕ ਪੱਖੋਂ ਔਰਤਾਂ ਦੇ ਸਮਾਜ ’ਚ ਵੱਧਦੇ ਅਤੇ ਪਸਰਦੇ ਸਥਾਨ ’ਤੇ ਗਹਿਰੀ ਝਾਤ ਪਾਉਂਦਿਆਂ ਕਿਹਾ ਕਿ ਭਾਵੇਂ ਅੱਜ ਔਰਤ ਉਚ ਸਥਾਨਾਂ ’ਤੇ ਬਿਰਾਜਮਾਨ ਹੈ ਪਰ ਫ਼ਿਰ ਵੀ ਉਸ ਨੂੰ ਆਪਣੇ ਹੱਕਾਂ ਲਈ ਸੈਂਕੜੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਅੱਜ ਦੇ ਬਜ਼ਾਰੀਕਰਨ ਦੇ ਦੌਰ ’ਚ ਔਰਤ ਲਈ ਮਾਣ ਵਾਲਾ ਜੀਵਨ ਜਿਉਣਾ ਆਸਾਨ ਨਹੀਂ ਹੈ ਕਿਉਂਕਿ ਉਸ ਨੂੰ ਸਮਾਜ ਇਕ ‘ਬਜ਼ਾਰੀ ਸੌਗਾਤ’ ਵਜੋਂ ਪੇਸ਼ ਕਰਦਾ ਹੈ, ਜੋ ਕਿ ਬਹੁਤ ਹੀ ਨਿੰਦਨਯੋਗ ਅਤੇ ਮੰਦਭਾਗਾ ਹੈ। ਕਾਨਵੋਕੇਸ਼ਨ ਦੌਰਾਨ ਗਰੈਜ਼ੂਏਟ, ਪ੍ਰੋਫੈਸ਼ਨਲ ਡਿਗਰੀਆਂ ਆਦਿ ਨਾਲ ਸਬੰਧਿਤ ਵਿਦਿਆਰਥਣਾਂ ਨੂੰ ਡਿਗਰੀਆਂ ਦੇਣ ਤੋਂ ਇਲਾਵਾ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਮੁਕਾਬਲਿਆਂ ’ਚ ਅਵੱਲ ਰਹਿਣ ਵਾਲੀਆਂ ਵਿਦਿਆਰਥਣਾਂ ਨੂੰ ਤਮਗੇ ਦੇ ਕੇ ਨਿਵਾਜਿਆ ਗਿਆ।ਮਜੀਠੀਆ ਨੇ ਵਿੱਦਿਆ ਨੂੰ ਪਰਉਪਕਾਰੀ ਦੱਸਦਿਆਂ ਕਿਹਾ ਕਿ ਸਹੀ ਢੰਗ ਨਾਲ ਸਿੱਖਿਅਤ ਆਦਮੀ ਜਾਂ ਔਰਤ ’ਚ ਹਲੀਮੀ ਹੁੰਦੀ ਹੈ।ਛੀਨਾ ਨੇ ਕਿਹਾ ਕਿ ਜੇਕਰ ਲੜਕੇ ਨੂੰ ਪੜ੍ਹਾਇਆ ਜਾਂਦਾ ਹੈ ਤਾਂ ਉਹ ਆਪ ਵਿੱਦਿਆ ਹਾਸਲ ਕਰਦਾ ਹੈ, ਜੇਕਰ ਲੜਕੀ ਨੂੰ ਪੜ੍ਹਾਇਆ ਜਾਂਦਾ ਹੈ ਤਾਂ ਪੂਰਾ ਪਰਿਵਾਰ ਸਿੱਖਿਅਤ ਹੁੰਦਾ ਹੈ।
     ਕਾਲਜ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਫ਼ੁੱਲਾਂ ਦੇ ਗੁਲਦਸਤੇ ਭੇਟ ਕੀਤੇ।ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤਾ ਗਿਆ।ਇਸ ਤੋਂ ਪਹਿਲਾਂ ਡਾ. ਮਾਹਲ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਵੱਲੋਂ ਵੱਖ-ਵੱਖ ਖੇਤਰਾਂ ’ਚ ਹਾਸਲ ਕੀਤੀਆਂ ਉਪਲਬੱਧੀਆਂ ਤੇ ਸਰਗਰਮੀਆਂ ਦਾ ਵਿਸਥਾਰ ਪੂਰਵਕ ਜ਼ਿਕਰ ਕੀਤਾ। ਇਸ ਮੌਕੇ ਪ੍ਰਧਾਨ ਸ: ਮਜੀਠੀਆ, ਸ੍ਰੀ ਸ਼ਰਮਾ ਅਤੇ ਛੀਨਾ ਨੇ ਮਿਲ ਕੇ ਇੰਜ਼: ਜਗਦੀਸ਼ ਸਿੰਘ ਗਿੱਲ ਨੂੰ ਉਚੇਚੇ ਤੌਰ ’ਤੇ ਸਨਮਾਨਿਤ ਵੀ ਕੀਤਾ।
     ਇਸ ਮੌਕੇ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਗੁਰਮੋਹਨ ਸਿੰਘ ਵਾਲੀਆ, ਕੌਂਸਲ ਦੇ ਜੁਆਇੰਟ ਸਕੱਤਰ ਸਰਦੂਲ ਸਿੰਘ ਮੰਨਣ, ਮੈਂਬਰ ਪਰਮਜੀਤ ਸਿੰਘ ਬਲ, ਪਿ੍ਰੰਸੀਪਲ ਜਗਦੀਸ਼ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪਿ੍ਰੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪਿ੍ਰੰਸੀਪਲ ਸ: ਨਾਨਕ ਸਿੰਘ, ਅੰਡਰ ਸੈਕਟਰੀ ਡੀ.ਐਸ ਰਟੌਲ ਤੋਂ ਇਲਾਵਾ ਸਮੂੰਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ। 

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply