Monday, June 29, 2026

ਸੰਤ ਭਿੰਡਰਾਂਵਾਲਿਆਂ ਨੂੰ ਲੈ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ – ਦਮਦਮੀ ਟਕਾਸ

Giani Harnam Khalsaਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਅਪਰਾਧੀ ਜਾਂ ਅੱਤਵਾਦੀ ਵਰਗੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ ਹੈ।
ਉਹ ਸੰਤ ਭਿੰਡਰਾਂਵਾਲਿਆਂ ਪ੍ਰਤੀ ਆਰ.ਟੀ.ਆਈ ਬਿਨੈਕਾਰ ਵਲੋਂ ਪੁਛੇ ਗਏ ਸਵਾਲਾਂ ਨੂੰ ਲੈ ਕੇ ਕੇਂਦਰੀ ਸੂਚਨਾ ਕਮਿਸ਼ਨ ਵਲੋਂ ਗ੍ਰਹਿ ਮੰਤਰਾਲੇ ਰਾਹੀਂ ਪੰਜਾਬ ਸਰਕਾਰ ਨੂੰ ਜਵਾਬ ਦੇਣ ਲਈ ਕਹਿਣ ’ਤੇ ਟਿੱਪਣੀ ਕਰ ਰਹੇ ਸਨ।ਉਨਾਂ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸੰਤ ਭਿੰਡਰਾਂਵਾਲਿਆਂ ਪ੍ਰਤੀ ਦੂਜੀ ਵਾਰ ਪੰਜਾਬ ਤੋਂ ਜਾਣਕਾਰੀ ਮੰਗਣ ਤੋਂ ਹੀ ਸਪੱਸ਼ਟ ਹੈ ਕਿ ਕੇਂਦਰ ਸਰਕਾਰ ਕੋਲ ਸੰਤ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਮਾਮਲਾ ਨਹੀਂ ਹੈ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਦੇ ਚੌਧਵੇ ਮੁੱਖੀ ਸੰਤ ਭਿੰਡਰਾਂਵਾਲੇ ਸਿੱਖ ਕੌਮ ਦੇ ਧਾਰਮਿਕ ਆਗੂ ਸਨ।ਉਨ੍ਹਾਂ ਖ਼ਿਲਾਫ਼ ਕਿਸੇ ਕਿਸਮ ਦਾ ਮਾਮਲਾ ਦਰਜ ਨਹੀਂ ਹੈ।ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਇਤਿਹਾਸਕ ਪੱਖਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਗ੍ਰਿਫ਼ਤਾਰੀ ਉਪਰੰਤ ਸੰਤ ਜੀ ਖ਼ਿਲਾਫ਼ ਕੋਈ ਦੋਸ਼ ਸਾਬਤ ਨਾ ਹੋਣ ’ਤੇ ਸਰਕਾਰ ਨੂੰ ਉਨ੍ਹਾਂ ਨੂੰ ਬਰੀ ਕਰਨਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲਾ ਦੇ ਸੂਚਨਾ ਅਧਿਕਾਰੀ ਰਾਜੇਸ਼ ਕੁਮਾਰ ਗੁਪਤਾ ਵਲੋਂ ਮਿਤੀ 5 ਅਪ੍ਰੈਲ 2017 ਦੇ ਪੱਤਰ ਰਾਹੀਂ ਖਰੜ ਨਿਵਾਸੀ ਨਵਦੀਪ ਗੁਪਤਾ ਨੂੰ ਉਨ੍ਹਾਂ ਵਲੋਂ 24 ਮਾਰਚ 2017 ਨੂੰ ਮੰਗੀ ਗਈ ਜਾਣਕਾਰੀ ’ਤੇ ਸੰਤ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਮਾਮਲਾ ਨਾ ਹੋਣ ਬਾਰੇ ਪਹਿਲਾਂ ਵੀ ਦੱਸ ਚੁੱਕਿਆ ਹੈ।ਜਿਸ ਵਿੱਚ ਉਨ੍ਹਾਂ ਸਪੱਸ਼ਟ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦਾ `ਅਪਰਾਧੀ` ਜਾਂ  `ਅਤਿਵਾਦੀ` ਹੋਣ ਬਾਰੇ ਸਰਕਾਰ ਕੋਲ ਕੋਈ ਰਿਕਾਰਡ ਨਹੀਂ ਹੈ।
ਉਨਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਨੂੰ ਸਿੱਖ ਕੌਮ ਆਪਣਾ ਨਾਇਕ ਮੰਨਦਾ ਹੈ ਅਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਉਨ੍ਹਾਂ ਨੂੰ ਵੀਹਵੀਂ ਸਦੀ ਦਾ ਮਹਾਨ ਸਿੱਖ ਅਤੇ ਸ਼ਹੀਦ ਦਾ ਰੁੱਤਬਾ ਦਿੱਤਾ ਗਿਆ ਹੈ। ਸਰਕਾਰਾਂ ਵਲੋਂ ਸੰਤਾਂ ਪ੍ਰਤੀ ਕਿਸੇ ਵੀ ਕਿਸਮ ਦੀ ਗੈਰ ਜਿਮੇਵਾਰਾਨਾ ਟਿੱਪਣੀ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਪਹਿਲਾਂ ਹੀ ਸੱਸਤੀ ਸ਼ੁਹਰਤ ਅਤੇ ਅਮਨ ਸ਼ਾਂਤੀ ਭੰਗ ਕਰਨ ਹਿਤ ਸੰਤ ਭਿੰਡਰਾਂਵਾਲਿਆਂ ਦੇ ਪੋਸਟਰਾਂ ਨਾਲ ਛੇੜ ਛਾੜ ਕਰਨ ਜਾਂ ਉਨ੍ਹਾਂ ਖ਼ਿਲਾਫ਼ ਕੂੜ ਪ੍ਰਚਾਰ ਕਰਨ ’ਚ ਲੱਗੇ ਰਹਿੰਦੇ ਹਨ।ਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸਿੱਖ ਸਮਾਜ ਲਈ ਇਹ ਇੱਕ ਸੰਵੇਦਨਸ਼ੀਲ ਮੁੱਦਾ ਹੈ ਅਤੇ ਸੰਤ ਭਿੰਡਰਾਂਵਾਲਿਆਂ ਪ੍ਰਤੀ ਗਲਤ ਜਾਣਕਾਰੀ ਨਾਲ ਸਿੱਖ ਭਾਈਚਾਰੇ `ਚ ਸਰਕਾਰ ਪ੍ਰਤੀ ਹੋਰ ਨਫ਼ਰਤ ਫੈਲਣ ਦਾ ਡਰ ਹੈ। 

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply