Saturday, September 21, 2024

ਸ. ਜੱਸਾ ਸਿੰਘ ਅਹਲੂਵਾਲੀਆ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ ਦਿੱਲੀ ਤੱਕ ਸੱਜੇਗਾ ਨਗਰ ਕੀਰਤਨ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੁਲਤਾਨਉਲ ਕੌਮ ਸ. ਜੱਸਾ ਸਿੰਘ ਅਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਸ਼੍ਰੋਮਣੀ Diljit Bediਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਤੇ ਹੋਰ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਜਾਵੇਗੀ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਸਬੰਧ ਵਿਚ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਵਿਚ ਕੀਤਾ।ਲੌਂਗੋਵਾਲ ਨੇ ਕਿਹਾ ਕਿ ਸ. ਜੱਸਾ ਸਿੰਘ ਆਹਲੂਵਾਲੀਆ ਸਿੱਖ ਕੌਮ ਦੇ ਮਹਾਨ ਜਰਨੈਲ ਹਨ, ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜਵੇਂ ਜਥੇਦਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਜਥੇਦਾਰ ਰਹੇ ਹਨ। ਸਿੱਖ ਕੌਮ ਦੇ ਇਸ ਮਹਾਨ ਜਰਨੈਲ ਨੂੰ ਸੁਲਤਾਨਉਲ ਕੌਮ ਦੇ ਖਿਤਾਬ ਨਾਲ ਨਿਵਾਜਿਆ ਗਿਆ ਸੀ।ਉਨ੍ਹਾਂ ਨੇ ਬਿਖੜੇ ਸਮੇਂ ਸਿੱਖ ਕੌਮ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜੀਵਨ ਇਤਿਹਾਸ ਨੂੰ ਸੰਗਤਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸੀਲ ਰਹੇਗੀ।
    ਭਾਈ ਲੌਂਗੋਵਾਲ ਨੇ ਕਿਹਾ ਕਿ ਸੁਲਤਾਨਉਲ ਕੌਮ ਸ. ਜੱਸਾ ਸਿੰਘ ਅਹਲੂਵਾਲੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਸੰਤ ਸਮਾਜ, ਸਿੱਖ ਸੰਪਰਦਾਵਾਂ ਸਮੇਤ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ।ਉਨ੍ਹਾਂ ਦਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਇਕ ਵਿਸ਼ੇਸ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਜਿਥੇ ਰਾਗੀ ਜਥੇ ਗੁਰਬਾਣੀ ਦਾ ਕੀਰਤਨ ਕਰਨਗੇ ਉਥੇ ਪੰਥ ਪ੍ਰਸਿਧ ਢਾਡੀ ਅਤੇ ਕਵੀਸਰ ਜਥੇ ਇਤਿਹਾਸ ਸਰਵਨ ਕਰਵਾਉਣਗੇ। ਇਸ ਮੌਕੇ ਪੰਥਕ ਵਿਦਵਾਨ ਅਤੇ ਆਗੂ ਬਾਬਾ ਜੀ ਦੇ ਜੀਵਨ ਸਬੰਧੀ ਵੀਚਾਰਾਂ ਕਰਨਗੇ।ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਤੀਜੀ ਜਨਮ ਸਤਾਬਦੀ ਨੂੰ ਸਮਰਪਿਤ 22 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਵਿਸ਼ੇਸ ਨਗਰ ਕੀਰਤਨ ਅਰੰਭ ਹੋਵੇਗਾ ਜੋ ਦਬੁਰਜੀ, ਮਾਨਾਵਾਲਾ, ਜਡਿੰਆਲਾ, ਰਈਆ ਸੁਭਾਨਪੁਰ ਚੌਂਕ, ਕਰਤਾਰਪੁਰ, ਜਲੰਧਰ, ਫਗਵਾੜਾ, ਬੰਗਾ, ਗੜਸ਼ੰਕਰ, ਰਾਹੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਪੁਜਣ ਤੇ ਰਾਤ ਦਾ ਵਿਸ਼ਰਾਮ ਕਰੇਗਾ। 23 ਅਪ੍ਰੈਲ ਨੂੰ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਤੋਂ ਅਰੰਭ ਹੋ ਕੇ ਇਹ ਨਗਰ ਕੀਰਤਨ ਫਤਹਿਗੜ੍ਹ ਸਾਹਿਬ ਵਿਖੇ ਰਾਤ ਦਾ ਵਿਸ਼ਰਾਮ ਕਰੇਗਾ। 24 ਅਪ੍ਰੈਲ ਨੂੰ ਫਤਹਿਗੜ੍ਹ ਸਾਹਿਬ ਤੋਂ ਅਰੰਭ ਹੋ ਕੇ ਰਾਤ ਦਾ ਵਿਸ਼ਰਾਮ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੇ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ ਰਾਤ ਦਾ ਠਹਿਰਾਓ ਹੋਵੇਗਾ। 25 ਅਪ੍ਰੈਲ ਨੂੰ ਪਟਿਆਲਾ ਤੋਂ ਅਰੰਭ ਹੋ ਕੇ ਬਹਾਦਰਗੜ੍ਹ, ਰਾਜਪੁਰਾ, ਅੰਬਾਲਾ ਹੁੰਦੇ ਹੋਏ ਰਾਤ ਦਾ ਵਿਸ਼ਰਾਮ ਗੁਰਦੁਆਰਾ ਪਾ: ਛੇਵੀਂ ਕਰੂਕਛੇਤਰ ਵਿਖੇ ਹੋਵੇਗਾ।26 ਅਪ੍ਰੈਲ ਨੂੰ ਕਰੂਕਸ਼ੇਤਰ ਤੋਂ ਅਰੰਭ ਹੋ ਕੇ ਦਿਲੀ ਵਿਖੇ ਗੁਰਦੁਆਰਾ ਬੰਗਲਾ ਸਾਹਿਬ ਨਗਰ ਕੀਰਤਨ ਦੀ ਸਮਾਪਤੀ ਹੋਵੇਗੀ।ਨਗਰ ਕੀਰਤਨ ਵਿਚ ਦਸਮ ਪਾਤਸ਼ਾਹ ਜੀ ਦੇ ਸ਼ਸਤਰਾਂ ਵਾਲੀ ਬਸ ਵੀ ਸ਼ਾਮਲ ਹੋਵੇਗੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਰਨੈਲਾਂ ਦੇ ਪੁਰਾਤਨ ਸ਼ਸਤਰ ਅਤੇ ਨਿਸ਼ਾਨ ਵੀ ਨਗਰ ਕੀਰਤਨ ਦੀ ਸੋਭਾ ਵਧਾਉਣਗੇ।ਉਨ੍ਹਾਂ ਹੋਰ ਕਿਹਾ ਕਿ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ ਸੈਮੀਨਾਰ ਖਾਲਸਾ ਕਾਲਜ ਪਟਿਆਲਾ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਇਕ ਸੋਵੀਨਰ ਪ੍ਰਕਾਸ਼ਿਤ ਕੀਤਾ ਜਾਵੇਗਾ।
    ਮੀਟਿੰਗ ਵਿਚ ਬਾਬਾ ਬਲਬੀਰ ਸਿੰਘ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਅਤੇ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਐਡੀ: ਸਕੱਤਰ ਦਿਲਜੀਤ ਸਿੰਘ ਬੇਦੀ, ਜਗਜੀਤ ਸਿੰਘ ਜੱਗੀ, ਪ੍ਰਤਾਪ ਸਿੰਘ ਤੇ ਬਿਜੈ ਸਿੰਘ, ਮੈਨੇਜਰ ਰਘਬੀਰ ਸਿੰਘ, ਮਨਜਿੰਦਰ ਸਿੰਘ ਮੰਡ ਤੇ ਗੁਰਿੰਦਰ ਸਿੰਘ ਮਥਰੇਵਾਲ, ਐਡੀ: ਮੈਨੇਜਰ ਸੁਖਰਾਜ ਸਿੰਘ, ਇਕਬਾਲ ਸਿੰਘ, ਨਰਿੰਦਰ ਸਿੰਘ, ਹਰਪ੍ਰੀਤ ਸਿੰਘ, ਰਜਿੰਦਰ ਸਿੰਘ ਰੂਬੀ, ਨਿਸ਼ਾਨ ਸਿੰਘ ਗੁਰਪ੍ਰੀਤ ਸਿੰਘ ਤੇ ਗੁਰਾ ਸਿੰਘ ਹਾਜਰ ਸਨ।  

Check Also

ਖ਼ਾਲਸਾ ਕਾਲਜ ਵੂਮੈਨ ਵਿਖੇ ਨਵੀਂ ਰੋਟਰੈਕਟ ਕਮੇਟੀ ਦਾ ਗਠਨ ਕੀਤਾ ਗਿਆ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਰੋਟਰੈਕਟ ਕਲੱਬ ਵਲੋਂ …

Leave a Reply