ਬਟਾਲਾ, 12 ਅਪ੍ਰੈਲ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵਲੋਂ ਕਿਸਾਨੀ ਕਰਜ਼ੇ ਦਾ ਵੱਡਾ ਲਾਭ ਹਲਕਾ ਸ੍ਰੀ ਹਰਗੋਬਿੰਦਪੁਰ ਦੇ
ਕਿਸਾਨਾਂ ਨੂੰ ਵੀ ਪਹੁੰਚਿਆ ਹੈ ਅਤੇ ਹਲਕੇ ਦੇ 501 ਛੋਟੇ ਕਿਸਾਨਾਂ ਦਾ 3.62 ਕਰੋੜ ਰੁਪਏ ਦਾ ਕਰਜ਼ਾ ਕੈਪਟਨ ਸਰਕਾਰ ਵਲੋਂ ਮੁਆਫ਼ ਕੀਤਾ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਹਲਕੇ ਦੇ ਕਿਸਾਨ ਇਸ ਕਰਜ਼ਾ ਮੁਆਫ਼ੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਹਿ ਦਿਲੋਂ ਧੰਨਵਾਦੀ ਹਨ।
ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਜੋ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ ਉਸ ਨੂੰ ਨਿਭਾਇਆ ਹੈ ਅਤੇ ਸੂਬਾ ਸਰਕਾਰ ਦੀ ਕਰਜ਼ਾ ਮੁਕਤੀ ਯੋਜਨਾ ਨਾਲ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਕਿਹਾ ਕਿ ਪਹਿਲੇ ਪੜ੍ਹਾਅ ਤਹਿਤ ਹਲਕੇ ਦੇ 501 ਛੋਟੇ ਕਿਸਾਨਾਂ ਦਾ 3 ਕਰੋੜ 62 ਲੱਖ ਦਾ ਕਰਜ਼ਾ ਮੁਆਫ਼ ਹੋਇਆ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਪੂਰੇ ਸੂਬੇ ਵਿੱਚ 1 ਲੱਖ ਤੋਂ ਵੱਧ ਕਿਸਾਨਾਂ ਦਾ ਕਰਜ਼ਾ ਸੂਬਾ ਸਰਕਾਰ ਮੁਆਫ਼ ਕਰ ਚੁੱਕੀ ਹੈ।ਲਾਡੀ ਨੇ ਕਿਹਾ ਕਿ ਸਰਕਾਰ ਵਲੋਂ ਸੁਸਾਇਟੀਆਂ ਅਤੇ ਸਹਿਕਾਰੀ ਬੈਂਕਾਂ ਦੇ ਕਰਜ਼ੇ ਮੁਆਫ਼ ਕਰਨ ਤੋਂ ਬਾਅਦ ਹੁਣ ਦੂਸਰੀਆਂ ਬੈਂਕਾਂ ਦਾ ਕਿਸਾਨੀ ਕਰਜ਼ਾ ਵੀ ਮੁਆਫ਼ ਕੀਤਾ ਜਾਵੇਗਾ।
ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਨਾਲ ਖੇਤ ਮਜ਼ਦੂਰਾਂ ਦਾ ਕਰਜ਼ਾ ਵੀ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਇਸ ਗਰੀਬ ਵਰਗ ਨੂੰ ਵੀ ਕਰਜ਼ੇ ਤੋਂ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਕ ਹੋਰ ਫੈਸਲੇ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਤੋਂ ਲਏ 50,000 ਤੱਕ ਦੇ ਕਰਜ਼ੇ ਮੁਆਫ ਕਰਨ ਦਾ ਫੈਸਲਾ ਵੀ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੇ ਇਸ ਕਰਜ਼ੇ ਮੁਆਫੀ ਲਈ ਰਾਹ ਪੱਧਰਾ ਕਰ ਦਿੱਤਾ ਹੈ।ਜਿਸ ਦੇ ਨਾਲ 31 ਮਾਰਚ 2017 ਤੱਕ ਕਰਜ਼ਾ ਲੈਣ ਵਾਲੇ 15890 ਵਿਅਕਤੀਆਂ ਨੂੰ ਲਾਭ ਹੋਵੇਗਾ।ਲਾਡੀ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੇ ਚੋਣ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ ਅਤੇ ਕਿਸਾਨਾਂ ਅਤੇ ਗਰੀਬ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰਾਂ ਯਤਨਸ਼ੀਲ ਹੈ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media