ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਮੁੱਚੀਆਂ ਗੁਰੂ ਨਾਨਕ ਨਾਮ-ਲੇਵਾ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸਾਹਿਬੇ-ਕਮਾਲ, ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1699 ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਕਰਕੇ ਦੁਨੀਆ ਦੇ ਇਤਿਹਾਸ ਵਿਚ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਸੀ।ਉਨ੍ਹਾਂ ਸਮੁੱਚੀਆਂ ਸੰਗਤਾਂ ਨੂੰ ਖ਼ਾਲਸਾ ਸਾਜਣਾ ਦੇ ਇਤਿਹਾਸਿਕ ਤੇ ਮੁਬਾਰਕ ਦਿਹਾੜੇ ਮੌਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੁਆਰਾ ਦਿੱਤੀਆਂ ਸਿੱਖਿਆਵਾਂ `ਤੇ ਚੱਲਦਿਆਂ ਜਾਤ-ਪਾਤ, ਊਚ-ਨੀਚ, ਜਬਰ ਜ਼ੁਲਮ, ਭ੍ਰਿਸ਼ਟਾਚਾਰ, ਭਰੂਣ ਹੱਤਿਆ ਤੇ ਨਸ਼ਿਆਂ ਜਿਹੀਆਂ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ।ਕਮੇਟੀ ਪ੍ਰਧਾਨ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media