ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ,
ਸਿੱਖ ਇਤਿਹਾਸ ਅਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਸਾਹਮਣੇ ਆਏ ਮਾਮਲੇ ਦੀ ਘੋਖ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਇਕ ਸਬ-ਕਮੇਟੀ ਬਣਾ ਦਿੱਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਅਤੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਵਿੱਚੋਂ ਸਿੱਖ ਧਰਮ ਨਾਲ ਸਬੰਧਤ ਅਧਿਆਏ ਹਟਾਉਣ ਦੇ ਮਾਮਲੇ ਦੀ ਸੰਜੀਦਗੀ ਨੂੰ ਸਮਝਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸਬ-ਕਮੇਟੀ ਦਾ ਗਠਨ ਕੀਤਾ ਹੈ, ਜੋ 2 ਦਿਨਾਂ ਵਿਚ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ ਚੰਡੀਗੜ੍ਹ ਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿਦਿਆ ਅਵਤਾਰ ਸਿੰਘ ਸੈਂਪਲਾ, ਗੁਰੂ ਨਾਨਕ ਗਰਲਜ਼ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਿੰਸੀਪਲ ਡਾ. ਤੇਜਿੰਦਰ ਕੌਰ ਧਾਲੀਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸਿਮਰਜੀਤ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਇਸ ਕਮੇਟੀ ਦੇ ਕੋਆਰਡੀਨੇਟਰ ਸ਼੍ਰੋਮਣੀ ਕਮੇਟੀ ਦੇ ਡਾਇਰੈਕਟਰ ਸਿੱਖਿਆ ਡਾ. ਜਤਿੰਦਰ ਸਿੰਘ ਸਿੱਧੂ ਹੋਣਗੇ।ਬੇਦੀ ਅਨੁਸਾਰ ਇਸ ਸਬ-ਕਮੇਟੀ ਦੀ ਇਕੱਤਰਤਾ 2 ਮਈ ਨੂੰ ਬਹਾਦਰਗੜ੍ਹ ਪਟਿਆਲਾ ਸਥਿਤ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਖੇ ਹੋਵੇਗੀ।
ਇਸੇ ਦੌਰਾਨ ਉਨ੍ਹਾਂ ਦੱਸਿਆ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ 4 ਮੈਂਬਰੀ ਸਬ-ਕਮੇਟੀ ਦੀ ਇਕੱਤਰਤਾ 3 ਮਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਰੱਖ ਦਿੱਤੀ ਗਈ ਹੈ।ਇਸ ਕਮੇਟੀ ਵੱਲੋਂ ਸਿੱਖ ਜਥੇ ਨਾਲ ਪਾਕਿਸਤਾਨ ਗਈ ਬੀਬੀ ਕਿਰਨ ਬਾਲਾ ਦੇ ਮਾਮਲੇ ਸਬੰਧੀ ਚਰਚਾ ਕਰਨ ਦੇ ਨਾਲ-ਨਾਲ ਭਵਿੱਖੀ ਯੋਜਨਾ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media