ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵੱਲੋਂ ਕਾਲਜ
ਦਾ ਨਾਂ ਬਦਲ ਕੇ ‘ਵੰਦੇ ਮਾਤਰਮ ਦਿਆਲ ਸਿੰਘ ਕਾਲਜ’ ਹੀ ਰੱਖਣ ਦੀ ਜ਼ਿਦ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਮਾਮਲੇ ਨੂੰ ਇਕ ਵਾਰ ਫਿਰ ਕੇਂਦਰ ਸਰਕਾਰ ਪਾਸ ਲਿਜਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਤੋਂ ਵੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਪਾਸ ਇਸ ਮਾਮਲੇ ਨੂੰ ਲੈ ਕੇ ਪਹੁੰਚ ਕੀਤੀ ਗਈ ਸੀ ਅਤੇ ਸੰਸਦ ਵਿਚ ਕੇਂਦਰੀ ਮਨੁੱਖੀ ਸ੍ਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਲਜ ਦਾ ਨਾਂ ਦਿਆਲ ਸਿੰਘ ਕਾਲਜ ਹੀ ਰੱਖਣ ਦਾ ਭਰੋਸਾ ਦਿੱਤਾ ਸੀ।ਲੌਂਗੋਵਾਲ ਨੇ ਕਿਹਾ ਕਿ ਬੀਤੇ ਕੱਲ ਪ੍ਰਕਾਸ਼ ਜਾਵੜੇਕਰ ਵਲੋਂ ਇਕ ਵਾਰ ਫਿਰ ਕਾਲਜ ਦਾ ਨਾਂ ਉਹੀ ਰੱਖਣ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਾਲਜ ਕਮੇਟੀ ਦੇ ਚੇਅਰਮੈਨ ਖਿਲਾਫ ਕਾਰਵਾਈ ਕਰਨ ਦੀ ਗੱਲ ਆਖੀ ਸੀ।ਪ੍ਰੰਤੂ ਇਸ ਦੇ ਬਾਵਜੂਦ ਵੀ ਕਾਲਜ ਕਮੇਟੀ ਦੇ ਚੇਅਰਮੈਨ ਅਮਿਤਾਭ ਸਿਨਹਾ ਵਲੋਂ ਕਾਲਜ ਦਾ ਨਾਂ ਬਦਲਣ ਦੀ ਜ਼ਿਦ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੀ ਵੀ ਬਰਦਾਸ਼ਤ ਨਹੀਂ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮਨੁੱਖੀ ਸ੍ਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਭਾਰਤੀ ਦੇ ਘੱਟ ਗਿਣਤੀ ਕਮਿਸ਼ਨ ਨੂੰ ਪੱਤਰ ਲਿਖੇ ਜਾਣਗੇ।ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਮਾਮਲੇ ਸਬੰਧੀ ਕਾਨੂੰਨੀ ਕਾਰਵਾਈ ਕਰਨੀ ਪਈ ਤਾਂ ਸ਼੍ਰੋਮਣੀ ਕਮੇਟੀ ਪਿੱਛੇ ਨਹੀਂ ਹਟੇਗੀ ਅਤੇ ਕਾਲਜ ਦਾ ਨਾਂ ਸਰਦਾਰ ਦਿਆਲ ਸਿੰਘ ਮਜੀਠੀਆ ਦੇ ਨਾਂ ’ਤੇ ਹੀ ਰੱਖਣ ਲਈ ਹਰ ਯਤਨ ਕਰੇਗੀ।
Check Also
ਸਰਬੱਤ ਦਾ ਭਲਾ ਟਰੱਸਟ ਵੱਲੋਂ ਸਿਵਲ ਹਸਪਤਾਲ ਵਿਖੇ ਮੁਫ਼ਤ ਡਾਇਲਸਿਸ ਕਿੱਟਾਂ ਭੇਂਟ
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਹਸਪਤਾਲ ਪ੍ਰਬੰਧਨ ਨੂੰ ਸੌਂਪੀਆਂ ੪੮ ਕਿੱਟਾਂ ਅੰਮ੍ਰਿਤਸਰ, 19 ਅਗਸਤ …
Punjab Post Daily Online Newspaper & Print Media