ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪ੍ਰਬੰਧਕ ਕਮੇਟੀ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਸਿਰਮੌਰ ਵਿਚ ਪੈਂਦੇ ਪਿੰਡ ਨਾਰਗ ਬੜੂਥ ਵਿਖੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਗੁਰਦੁਆਰਾ ਸਾਹਿਬ ਬਣਾ ਕੇ ਦੇਵੇਗੀ।ਇਹ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਿਮਾਚਲ ਪ੍ਰਦੇਸ਼ ਦੇ ਇਸ ਪਿੰਡ ਵਿਖੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਦੇ ਯਤਨਾਂ ਨਾਲ ਕਰਵਾਏ ਗਏ ਇਕ ਗੁਰਮਤਿ ਸਮਾਗਮ ਸਮੇਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।ਲੌਂਗੋਵਾਲ ਨੇ ਪਿੰਡ ਵਾਸੀਆਂ ਦੀ ਮੰਗ ਤੋਂ ਬਾਅਦ ਇਹ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਪਿੰਡ ਵਿਚ ਗੁਰਦੁਆਰਾ ਸਾਹਿਬ ਬਣਾ ਕੇ ਦੇਵੇਗੀ, ਤਾਂ ਜੋ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਮਤਿ ਨਾਲ ਜੁੜ ਸਕਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ ਅਤੇ ਇਸ ਵਲੋਂ ਪੰਜਾਬ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਧਰਮ ਪ੍ਰਚਾਰ ਕਾਰਜ ਕੀਤੇ ਜਾ ਰਹੇ ਹਨ।ਇਸੇ ਤਹਿਤ ਦੇਸ਼ ਭਰ ਵਿਚ ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ ਕੇਂਦਰ (ਸਿੱਖ ਮਿਸ਼ਨ) ਬਣਾਏ ਗਏ ਹਨ, ਜਿਨ੍ਹਾਂ ’ਚੋਂ ਇਕ ਹਿਮਾਚਲ ਪ੍ਰਦੇਸ਼ ਵਿਖੇ ਵੀ ਕਾਰਜਸ਼ੀਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿਚ ਇਥੇ ਸਥਿਤ ਸਿੱਖ ਮਿਸ਼ਨ ਨੂੰ ਹੋਰ ਮਜ਼ਬੂਤ ਕਰਦਿਆਂ ਹਿਮਾਚਲ ਪ੍ਰਦੇਸ਼ ਸੂਬੇ ਵਿਚ ਧਰਮ ਪ੍ਰਚਾਰਕਾਂ ਤੇ ਢਾਡੀ ਕਵੀਸ਼ਰ ਜਥਿਆਂ ਦੀ ਗਿਣਤੀ ਵਿਚ ਵੀ ਵਾਧਾ ਕੀਤਾ ਜਾਵੇਗਾ।
ਇਸ ਦੌਰਾਨ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਇਆ, ਜਿਸ ਵਿਚ ਵੱਡੀ ਗਿਣਤੀ ਸੰਗਤਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਪਾਨ ਕੀਤਾ।ਸਮਾਗਮ ਸਮੇਂ ਪਿੰਡ ਵਾਸੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਵਲੋਂ ਪਿੰਡ ਵਿਚ ਗੁਰਦੁਆਰਾ ਸਾਹਿਬ ਬਣਾਉਣ ਦੇ ਐਲਾਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਦੌਰਾਨ ਲੌਂਗੋਵਾਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਬਾਬਾ ਜਗਜੀਤ ਸਿੰਘ ਕਾਕਾ ਬੜੂ ਸਾਹਿਬ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੈ ਸਿੰਘ ਲੌਂਗੋਵਾਲ, ਸੁਨੀਦ ਦੱਤ ਸਿੰਘ, ਜਗਤ ਸਿੰਘ, ਮੋਹਨ ਸਿੰਘ, ਦਰਸ਼ਨ ਸਿੰਘ ਪੀ.ਏ, ਐਚ.ਐਸ ਧਾਲੀਵਾਲ ਵਾਈਂਸ ਚਾਸਲਰ ਬੜੂ ਸਾਹਿਬ ਯੂਨੀਵਰਸਿਟੀ, ਡਾ. ਦਵਿੰਦਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …