ਕਿਤਾਬਾਂ ’ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ ਬਿਊਰੋ) – ਆਰ.ਐਸ.ਐਸ ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ
ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੋਝੇ ਯਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਨੋਟਿਸ ਲੈਂਦਿਆਂ ਇਸ ਦੇ ਦੋਸ਼ੀਆਂ ਖਿਲਾਫ਼ ਭਾਰਤ ਤੇ ਮਹਾਰਾਸ਼ਟਰ ਸਰਕਾਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਕਮੇਟੀ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਆਰ.ਐਸ.ਐਸ ਦੀ ਘਿਨੌਣੀ ਹਰਕਤ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਪੱਤਰ ਲਿਖਿਆ ਗਿਆ ਹੈ।ਉਨ੍ਹਾਂ ਆਰ.ਐਸ.ਐਸ ਅਤੇ ਕਿਤਾਬਾਂ ਦੇ ਪ੍ਰਕਾਸ਼ਕ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਵਿਵਾਦਿਤ ਕਿਤਾਬਾਂ ਨੂੰ ਤੁਰੰਤ ਵਾਪਸ ਲੈਣ ਅਤੇ ਸਿੱਖ ਜਗਤ ਤੋਂ ਮੁਆਫ਼ੀ ਵੀ ਮੰਗਣ।ਉਨ੍ਹਾਂ ਆਰ.ਐਸ.ਐਸ ਨੂੰ ਨਸੀਹਤ ਦਿੱਤੀ ਕਿ ਉਹ ਅਜਿਹੀਆਂ ਸਿੱਖ ਵਿਰੋਧੀ ਹਰਕਤਾਂ ਤੋਂ ਬਾਜ਼ ਆਵੇ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਰ.ਐਸ.ਐਸ ਨੂੰ ਇਹ ਹਰਗਿਜ ਨਹੀਂ ਭੁਲਣਾ ਚਾਹੀਦਾ ਕਿ ਸਿੱਖ ਇਕ ਵੱਖਰੀ ਕੌਮ ਹੈ, ਇਸ ਦਾ ਇਤਿਹਾਸ ਨਿਰਾਲਾ ਅਤੇ ਵਿਲੱਖਣ ਹੈ, ਇਸ ਦੀ ਮਰਯਾਦਾ ਅਤੇ ਰੀਤੀ-ਰਿਵਾਜ਼ ਮੌਲਿਕ ਹਨ।ਉਨ੍ਹਾਂ ਕਿਹਾ ਕਿ ਦੇਸ਼ ਨੂੰ ਵਰਤਮਾਨ ਸਥਿਤੀ ਤੱਕ ਪਹੁੰਚਾਉਣ ਵਾਲੇ ਸਿੱਖ ਹੀ ਹਨ, ਜੋ ਦੇਸ਼ ਦੀ ਰਾਖੀ ਕਰਨ ਲਈ ਕੁਰਬਾਨੀਆਂ ਦੇਣ ਤੋਂ ਕਦੇ ਪਿਛੇ ਨਹੀਂ ਹਟੇ।
ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਹਰ ਧਰਮ ਦਾ ਸਤਿਕਾਰ ਕਰਦੀ ਹੈ, ਪਰ ਇਸ ਦਾ ਮਤਲਬ ਇਹ ਵੀ ਨਹੀਂ ਕਿ ਕੋਈ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਅਤੇ ਪ੍ਰੰਪਰਾਵਾਂ ਨੂੰ ਰਲਗਡ ਕਰਨ ਦਾ ਕੋਝਾ ਯਤਨ ਕਰੇ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਨੂੰ ਵਿਗਾੜਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਭਾਵੇਂ ਉਹ ਆਰ.ਐਸ.ਐਸ ਹੋਵੇ ਜਾਂ ਕੋਈ ਹੋਰ।ਉਨ੍ਹਾਂ ਸਪੱਸ਼ਟ ਕੀਤਾ ਕਿ ਆਰ.ਐਸ.ਐਸ ਵੱਲੋਂ ਸਿੱਖ ਇਤਿਹਾਸ ਵਿਗਾੜਨ ਦੀ ਹਰਕਤ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੁੱਪ ਨਹੀਂ ਬੈਠੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਕਿਹਾ ਕਿ ਸਿੱਖ ਇਤਿਹਾਸ ਦੀਆਂ ਕਿਤਾਬਾਂ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਬਹੁਤ ਜਲਦ ਇਕ ਉਚ ਪੱਧਰੀ ਕਮੇਟੀ ਬਣਾਈ ਜਾਵੇਗੀ, ਜਿਸ ਵਿਚ ਸਿੱਖ ਵਿਦਵਾਨ, ਸਿੱਖਿਆ ਸ਼ਾਸਤਰੀ ਅਤੇ ਕਾਨੂੰਨਦਾਨ ਸ਼ਾਮਲ ਹੋਣਗੇ।ਉਨ੍ਹਾਂ ਕਿਹਾ ਕਿ ਅਜਿਹੇ ਮਾਮਲੇ ਸਾਹਮਣੇ ਆਉਣ ’ਤੇ ਇਹ ਕਮੇਟੀ ਜਿਥੇ ਇਤਿਹਾਸਕ ਤੱਥਾਂ ਨੂੰ ਵਾਚਿਆ ਕਰੇਗੀ, ਉਥੇ ਹੀ ਇਸ ਕਮੇਟੀ ’ਚ ਸ਼ਾਮਲ ਕਾਨੂੰਨੀ ਮਾਹਰ ਕਾਨੂੰਨੀ ਪ੍ਰਕਿਰਿਆ ਸਬੰਧੀ ਵੀ ਆਪਣੀ ਰਾਏ ਦੇਣਗੇ।
Check Also
ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …
Punjab Post Daily Online Newspaper & Print Media