ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਤਾ ਸਮੇਂ ਗ੍ਰੰਥੀ ਤੇ ਅਖੰਡਪਾਠੀ ਸਨਮਾਨਿਤ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ 17 ਅਪ੍ਰੈਲ ਤੋਂ ਆਰੰਭ ਕੀਤੇ ਗਏ ਗੁਰਬਾਣੀ ਪਾਠ ਬੋਧ ਸਮਾਗਮ ਦੀ ਸੰਪੂਰਨਤਾ ਸਮੇਂ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੁਕੰਮਲ ਸੰਥਿਆ ਪ੍ਰਾਪਤ ਕਰਨ ਵਾਲੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਪ੍ਰਮਾਣ ਪੱਤਰ ਅਤੇ 5100-5100 ਰੁਪਏ ਦੀ ਰਾਸ਼ੀ ਦੇ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਲਿਆ।
ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਾਣੀ ਪਾਠ ਬੋਧ ਸਮਾਗਮਾਂ ਦੀ ਲੜੀ ਨੂੰ ਲਗਾਤਾਰ ਅੱਗੇ ਵਧਾਇਆ ਜਾਵੇਗਾ ਅਤੇ ਹਰ ਪਿੰਡ-ਸ਼ਹਿਰ ਦੇ ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੂੰ ਗੁਰਬਾਣੀ ਦੀ ਮੁਕੰਮਲ ਸੰਥਿਆ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭਾਵੇਂ ਪਹਿਲੇ ਪੜਾਅ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਸਰਪ੍ਰਸਤੀ ਹੇਠ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਵਿਖੇ ਗੁਰਬਾਣੀ ਸੰਥਿਆ ਦੇ ਕੈਂਪ ਲਗਾਏ ਗਏ ਹਨ ਪਰ ਅਗਲੇ ਪੜਾਅ ਵਿਚ ਇਨ੍ਹਾਂ ਕੈਂਪਾਂ ਨੂੰ ਜ਼ਿਲ੍ਹਾ ਪੱਧਰ ਤੱਕ ਲਿਜਾਇਆ ਜਾਵੇਗਾ।ਉਨ੍ਹਾਂ ਗੁਰਬਾਣੀ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਗ੍ਰੰਥੀਆਂ ਨੂੰ ਪ੍ਰੇਰਨਾ ਕੀਤੀ ਕਿ ਉਹ ਨੌਜਵਾਨਾਂ ਤੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਪਰਾਲੇ ਕਰਨ ਤਾਂ ਜੋ ਉਹ ਗੁਰਮਤਿ ਵਿਚਾਰਧਾਰਾ ਨਾਲ ਜੁੜ ਸਕਣ।
ਸਮਾਗਮ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਦੇ ਸ਼ੁੱਧ ਪਾਠ ਲਈ ਗੁਰਬਾਣੀ ਵਿਆਕਰਣ ਦੀ ਸਮਝ ਜ਼ਰੂਰੀ ਹੈ ਅਤੇ ਹਰੇਕ ਗ੍ਰੰਥੀ/ ਅਖੰਡਪਾਠੀ ਨੂੰ ਇਸ ਸੇਵਾ ਵਿਚ ਆਉਣ ਤੋਂ ਪਹਿਲਾਂ ਗੁਰਬਾਣੀ ਦੀ ਮੁਕੰਮਲ ਸੰਥਿਆ ਕਰਨੀ ਚਾਹੀਦੀ ਹੈ।ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ ਆਇਆਂ।ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ 175 ਗ੍ਰੰਥੀ ਤੇ ਅਖੰਡਪਾਠੀ ਸਿੰਘਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਲਗਭਗ ਸਾਰੇ ਹੀ ਸਿੰਘਾਂ ਨੇ ਮਹੀਨਾ ਭਰ ਚੱਲੇ ਕੈਂਪ ਵਿਚ ਲਗਾਤਾਰ ਹਾਜ਼ਰੀ ਭਰੀ ਹੈ।
ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਾਬਕਾ ਜਥੇਦਾਰ, ਗਿਆਨੀ ਮਲਕੀਤ ਸਿੰਘ ਹੈਡ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਤੇ ਸੁਖਵਰਸ਼ ਸਿੰਘ ਪੰਨੂ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ ਨਿੱਜੀ ਸਕੱਤਰ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਦਰਸ਼ਨ ਸਿੰਘ ਲੌਂਗੋਵਾਲ ਪੀ.ਏ. ਪ੍ਰਿੰਸੀਪਲ ਬਲਦੇਵ ਸਿੰਘ, ਪ੍ਰੋਫੈਸਰ ਮਨਜੀਤ ਕੌਰ, ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਪ੍ਰਮਿੰਦਰ ਸਿੰਘ ਆਦਿ ਮੌਜੂਦ ਸਨ।