ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਰਾਸ਼ਟਰੀ ਮਹਿਲਾ ਕਮਿਸ਼ਨ ਅਤੇ ਪੰਜਾਬ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ 2 ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਨੇ ਕਿਹਾ ਕਿ 50 ਫੀਸਦੀ ਔਰਤਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਕੋਈ ਵੀ ਜਾਣਕਾਰੀ ਨਹੀਂ ਹੈ, ਇਸ ਲਈ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਸਿਖਿਆ ਵਿਭਾਗ ਨਾਲ ਮਿਲ ਕੇ ਸਕੂਲਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾਣਗੇ।ਸ੍ਰੀਮਤੀ ਗੁਲਾਟੀ ਨੇ ਸੇੈਮੀਨਾਰ ਵਿੱਚ ਹਾਜ਼ਰ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੁੱਟੀਆਂ ਦੌਰਾਨ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਵਾਉਣ।ਉਨ੍ਹਾਂ ਦੱਸਿਆ ਕਿ ਜਿਹੜੇ ਵੀ ਅਧਿਆਪਕ ਅਤੇ ਬੱਚੇ ਆਪਣੀਆਂ ਛੁੱਟੀਆਂ ਦੌਰਾਨ ਇਸ ਤਰ੍ਹਾਂ ਦੇ ਕੰਮ ਕਰਨਗੇ ਸਰਕਾਰ ਵਲੋਂ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਜਾਣਗੇ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵਾ ਨੇ ਦੱਸਿਆ ਕਿ ਔਰਤਾਂ ਵਿਰੁੱਧ ਸਾਇਬਰ ਕਰਾਇਮ ਰੋਕਣ ਲਈ 66 ਏ, 66 ਸੀ, 66 ਡੀ, 66 ਈ, 67 ਏ ਅਤੇ ਸੈਕਸ਼ਨ 503 ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਕੰਮਕਾਜ ਵਾਲੀਆਂ ਥਾਂਵਾਂ ਤੇ ਔਰਤਾਂ ਦਾ ਸ਼ੋਸ਼ਨ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਪੁਲਿਸ ਕਮਿਸ਼ਨਰ ਨੇ ਅੱਗੇ ਕਿਹਾ ਕਿ ਲੜਕਿਆਂ ਨੂੰ ਔਰਤਾਂ ਵਿਰੁੱਧ ਹੋ ਰਹੇ ਅਪਰਾਧਾਂ ਦੇ ਖਿਲਾਫ ਅੱਗੇ ਆਉਣਾ ਚਾਹੀਦਾ ਹੈ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਮਿਸਜ਼ ਕਿਰਨ ਧਾਮੀ ਮੈਂਬਰ ਪੰਜਾਬ ਮਹਿਲਾ ਕਮਿਸ਼ਨ ਨੇ ਕਿਹਾ ਕਿ ਘਰੇਲੂ ਹਿੰਸਾ ਬਾਰੇ ਔਰਤਾਂ ਨੂੰ ਖੁਦ ਅੱਗੇ ਆਉਣਾ ਪਵੇਗਾ।ਉਨ੍ਹਾਂ ਕਿਹਾ ਕਿ ਲੜਕੇ ਅਤੇ ਲੜਕੀਆਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਹੀ ਘਰ ਠੀਕ ਤਰ੍ਹਾਂ ਨਾਲ ਚੱਲ ਸਕਦਾ ਹੈ।ਉਨ੍ਹਾਂ ਦੱਸਿਆ ਕਿ ਕੰਮਕਾਜ ਵਾਲੀਆਂ ਥਾਵਾਂ `ਤੇ ਔਰਤਾਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣ ਲਈ ਸਰਕਾਰ ਵਲੋਂ ਸਖਤ ਕਾਨੂੰਨ ਬਣਾਏ ਗਏ ਹਨ।ਮਿਸਜ ਧਾਮੀ ਨੇ ਦੱਸਿਆ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਔਰਤਾਂ ਵਿਰੁੱਧ ਹੋ ਰਹੇ ਅਪਰਾਧਾਂ ਨੂੰ ਰੋਕਣਾ ਚਾਹੀਦਾ ਹੈ।ਇਸ ਮੌਕੇ ਪੁਲਿਸ ਕਮਿਸ਼ਨਰ ਐਸ,ਸ੍ਰੀਵਾਸਤਵਾ ਅਤੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਗੁਲਾਟੀ ਅਤੇ ਪਰਵਿੰਦਰ ਕੌਰ ਏ.ਸੀ.ਪੀ ਨੂੰ ਡੀ.ਏ.ਵੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਮੈਡਮ ਨੀਰਾ ਸ਼ਰਮਾ ਵਲੋਂ ਸਨਮਾਨਤ ਵੀ ਕੀਤਾ ਗਿਆ।
Check Also
Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi
Amritsar, August 7 (Punjab Post Bureau) – BBK DAV College for Women participated in Nasha …
Punjab Post Daily Online Newspaper & Print Media