ਭੋਜਨ ਪਦਾਰਥਾਂ ’ਚ ਮਿਲਾਵਟਖੋਰੀ ਬਰਦਾਸ਼ਤ ਨਹੀਂ ਕਰਾਂਗੇ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਮਨਜੀਤ ਸਿੰਘ) – ਪੰਜਾਬ ਨੂੰ ਦੇਸ਼ ਦਾ ਸਿਹਤਮੰਦ ਸੂਬਾ ਬਣਾਉਣ ਦੇ ਉਦੇਸ਼ ਨਾਲ ਰਾਜ ਸਰਕਾਰ ਵੱਲੋਂ 5 ਜੂਨ ਤੋਂ ‘ਤੰਦਰੁਸਤ ਪੰਜਾਬ’ ਨਾਂ ਦੀ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ ਜਿਸ ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਸਫ਼ਲਤਾ ਨਾਲ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ।ਸੰਘਾ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਵਧੀਆ ਜੀਵਨ ਜਿਊਣ ਲਈ ਬੁਨਿਆਦੀ ਸੁਵਿਧਾਵਾਂ ਜਿਵੇਂ ਸਾਫ਼ ਹਵਾ, ਸਾਫ਼ ਪਾਣੀ, ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਇਸ ਮੁਹਿੰਮ ਨੂੰ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਜਾਵੇ।ਜਿਸ ਤਹਿਤ ਵੱਖ-ਵੱਖ ਵਿਭਾਗ ਜਿਥੇ ਭਲਾਈ ਯੋਜਨਾਵਾਂ ਦਾ ਲਾਭ ਲੋਕਾਂ ਤੱਕ ਪਹੰੁਚਾਉਣ ਲਈ ਹੋਰ ਸਾਰਥਕ ਯਤਨ ਕਰਨਗੇ ਉਥੇ ਹੀ ਹਵਾ, ਪਾਣੀ ਨੂੰ ਪ੍ਰਦੂਸ਼ਿਤ ਕਰਨ ਵਾਲਿਆਂ ਅਤੇ ਦੁੱਧ, ਜਾਂ ਦੁੱਧ ਤੋਂ ਬਣੇ ਹੋਰ ਖਾਧ ਪਦਾਰਥਾਂ ਸਮੇਤ ਹਰੇਕ ਤਰ੍ਹਾਂ ਦੀ ਖਾਣ ਪੀਣ ਸਮੱਗਰੀ ’ਚੋਂ ਮਿਲਾਵਟਖੋਰੀ ਦਾ ਮੁਕੰਮਲ ਖਾਤਮਾ ਕਰਨ ਲਈ ਵੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਭੋਜਨ ਪਦਾਰਥਾਂ ਵਿੱਚ ਮਿਲਾਵਟਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸੰਘਾ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਨਾੜ ਨਾ ਸਾੜਨ ਵਾਲੇ ਕਿਸਾਨਾਂ ਨੂੰ ਜਿਲ੍ਹਾ ਪ੍ਰਸ਼ਾਸ਼ਨ ਦੇ ਤਰਫੋਂ ਸਨਮਾਨਤ ਵੀ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਖੇਤੀਬਾੜੀ, ਖੇਡ ਵਿਭਾਗ, ਵਣ ਵਿਭਾਗ, ਨਗਰ ਨਿਗਮ, ਡਰੇਨੇਜ਼ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ‘ਤੰਦਰੁਸਤ ਪੰਜਾਬ’ ਮਿਸ਼ਨ ਤਹਿਤ ਲੋਕਾਂ ਨੂੰ ਸਿਹਤ ਸੰਭਾਲ, ਪ੍ਰਦੂਸ਼ਣ ਮੁਕਤ ਚੌਗਿਰਦੇ ਦੀ ਸਿਰਜਣਾ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਹਰੇਕ ਮਹੀਨੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਤੱਕ ਸੁਵਿਧਾਵਾਂ ਪਹੰੁਚਾਉਣੀਆਂ ਯਕੀਨੀ ਬਣਾਈਆਂ ਜਾਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤੰਦਰੁਸਤ ਪੰਜਾਬ ਮਿਸ਼ਨ ਦੀ ਸਫ਼ਲਤਾ ਲਈ ਰਾਜ ਪੱਧਰ ’ਤੇ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਵੀ ਕੀਤਾ ਗਿਆ ਹੈ।ਇਸ ਮਿਸ਼ਨ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਪਾਣੀ ਦੀ ਬਰਬਾਦੀ ਰੋਕਣ, ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣਾ, ਰੁੱਖ ਲਗਾਉਣੇ ਆਦਿ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਇਸ ਮੁਹਿੰਮ ਦਾ ਹਿੱਸ ਬਣਾਇਆ ਜਾਵੇਗਾ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਸੁਭਾਸ਼ ਚੰਦਰ ਸਹਾਇਕ ਕਮਿਸ਼ਨਰ ਜਨਰਲ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਸ੍ਰੀਮਤੀ ਅਲਕਾ ਕਾਲੀਆ, ਐਸ ਡੀ ਐਮ ਅੰਮਿ੍ਰਤਸਰ 1 ਸ੍ਰੀ ਨਿਤੀਸ਼ ਸਿੰਗਲਾ, ਐਸ.ਡੀ.ਐਮ ਅੰਮ੍ਰਿਤਸਰ 2 ਵਿਕਾਸ ਹੀਰਾ, ਐਸ.ਡੀ.ਐਮ ਬਾਬਾ ਬਕਾਲਾ ਰਵਿੰਦਰ ਸਿੰਘ ਅਰੋੜਾ, ਜੁਆਇੰਟ ਡਾਇਰੈਕਟਰ ਨਗਰ ਨਿਗਮ ਸੌਰਵ ਅਰੋੜਾ, ਰਿਜਨਲ ਟਰਾਂਸਪੋਰਟ ਅਥਾਰਿਟੀ ਕੰਵਲਜੀਤ ਸਿੰਘ, ਜਿਲ੍ਹਾ ਖੇਡ ਅਫ਼ਸਰ ਗੁਰਲਾਲ ਸਿੰਘ, ਜਿਲ੍ਹਾ ਜੰਗਲਾਤ ਅਫ਼ਸਰ ਰਾਜੇਸ਼ ਗੁਲਾਟੀ, ਸਿਹਤ ਅਫ਼ਸਰ ਲਖਵਿੰਦਰ ਸਿੰਘ ਭਾਗੋਵਾਲੀਆ, ਜਿਲ੍ਹਾ ਬਾਗਬਾਨੀ ਅਫ਼ਸਰ ਬਾਜ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।