ਅੰਮ੍ਰਿਤਸਰ 5 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਥਕ ਅਤੇ ਰਾਜਨੀਤਕ ਸ਼ਖ਼ਸੀਅਤ ਜਥੇਦਾਰ
ਕੁਲਦੀਪ ਸਿੰਘ ਵਡਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਬਿਆਨ ਵਿਚ ਲੌਂਗੋਵਾਲ ਨੇ ਕਿਹਾ ਕਿ ਜਥੇਦਾਰ ਵਡਾਲਾ ਦਾ ਅਕਾਲ ਚਲਾਣਾ ਸਿੱਖ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਕੁਲਦੀਪ ਸਿੰਘ ਵਡਾਲਾ ਨੇ ਆਪਣੇ ਪੰਥਕ ਅਤੇ ਰਾਜਨੀਤਕ ਸਫ਼ਰ ਦੌਰਾਨ ਕਈ ਉਤਰਾ-ਚੜਾਅ ਦੇਖੇ ਅਤੇ ਸੰਕਟਮਈ ਸਮਮਿਆਂ ਵਿਚ ਵੀ ਪੰਥ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਰਹੇ।ਉਨਾਂ ਜਥੇਦਾਰ ਵਡਾਲਾ ਦੀ ਘਾਲਣਾ ਨੂੰ ਯਾਦ ਕਰਦਿਆਂ ਕਿਹਾ ਕਿ ਜਿਥੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਨੇਤਾ ਰਹੇ ਉਥੇ ਹੀ ਉਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਨਿਭਾਈ ਭੂਮਿਕਾ ਵੀ ਯਾਦ ਰੱਖਣਯੋਗ ਹੈ।ਜਥੇਦਾਰ ਵਡਾਲਾ ਨੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰ ਵਜੋਂ ਗੁਰਦੁਆਰਾ ਪ੍ਰਬੰਧਾਂ ਨੂੰ ਬੇਹਤਰ ਬਣਾਉਣ ਲਈ ਆਪਣਾ ਯੋਗਦਾਨ ਪਾਇਆ।ਪ੍ਰਧਾਨ ਨੇ ਕਿਹਾ ਕਿ ਜਥੇਦਾਰ ਵਡਾਲਾ ਪਿਛਲੇ ਲੰਮੇ ਸਮੇਂ ਤੋਂ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਦੀਦਾਰਿਆਂ ਲਈ ਡੇਰਾ ਬਾਬਾ ਨਾਨਕ (ਗੁਰਦਾਸਪੁਰ) ਤੋਂ ਕਰਤਾਰਪੁਰ ਸਾਹਿਬ ਤੱਕ ਖੁੱਲ੍ਹੇ ਲਾਂਘੇ ਲਈ ਯਤਨ ਕਰ ਰਹੇ ਸਨ ਅਤੇ ਹਰ ਮਹੀਨੇ ਸਰਹੰਦ ’ਤੇ ਅਰਦਾਸ ਕਰਦੇ ਆ ਰਹੇ ਸਨ।ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਦੇਣ।ਸੂਚਨਾ ਅਨੁਸਾਰ ਜਥੇਦਾਰ ਵਡਾਲਾ ਦੇ ਅਕਾਲ ਚਲਾਣੇ ਵਜੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ 7 ਜੂਨ ਨੂੰ ਬਾਅਦ ਦੁਪਹਿਰ ਬੰਦ ਰਹਿਣਗੇ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media