Monday, April 27, 2026

ਡੰਗੋਲੀ ਵਿਖੇ ਬੇਅਦਬੀ ਦੀ ਦਮਦਮੀ ਟਕਸਾਲ ਨੇ ਕੀਤੀ ਸਖ਼ਤ ਨਿਖੇਧੀ

ਸਰਕਾਰ ਦੀ ਢਿੱਲ ਕਾਰਨ ਵਾਪਰਦੀਆਂ ਹਨ ਦੁਖਦਾਈ ਘਟਨਾਵਾਂ – ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ, 10 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜ਼ਿਲ੍ਹਾ ਰੂਪਨਗਰ ਦੇ ਕਸਬਾ ਘਨੌਲੀ ਨੇੜੇ ਪਿੰਡ ਡੰਗੋਲੀ ਵਿਖੇ ਗੁਰਦਵਾਰਾ ਸਾਹਿਬ ਵਿਖੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।
ਦਮਦਮੀ ਟਕਸਾਲ ਮੁਖੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਪੰਜਾਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ, ਪਰ ਦੋਸ਼ੀ ਫੜੇ ਨਹੀਂ ਜਾ ਰਹੇ।ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਵਧ ਰਹੀਆਂ ਹਿਰਦੇਵੇਧਕ ਅਤੇ ਦੁਖਦਾਇਕ ਘਟਨਾਵਾਂ ਪ੍ਰਤੀ ਸਿੱਖ ਸੰਗਤਾਂ ਵਿਚ ਭਾਰੀ ਚਿੰਤਾ ਅਤੇ ਰੋਸ ਦੀ ਲਹਿਰ ਹੈ।ਉਨ੍ਹਾਂ ਸਿੱਖ ਕੌਮ ਅਤੇ ਰਾਜ ਸਰਕਾਰ ਨੂੰ ਵੀ ਉਕਤ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
 ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਦੇ ਹੌਸਲੇ ਵਧੇ ਹੋਏ ਹਨ, ਤਾਂ ਹੀ ਅਜਿਹੀਆਂ ਘਟਨਾਵਾਂ ਬਾਰ-ਬਾਰ ਵਾਪਰ ਰਹੀਆਂ ਹਨ। ਉਨ੍ਹਾਂ ਸਰਕਾਰ ਨੂੰ ਕਿਹਾ ਕਿ ਸੂਬੇ ਦੇ ਮਾਹੌਲ ਨੂੰ ਖ਼ਰਾਬ ਕਰਨ ’ਚ ਲਗੇ ਸ਼ਰਾਰਤੀਆਂ ਅਨਸਰਾਂ ਵਲ ਖ਼ਾਸ ਧਿਆਨ ਦਿੰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਲੋੜ ਹੈ।ਉਨ੍ਹਾਂ ਪ੍ਰਬੰਧਕ ਕਮੇਟੀਆਂ ਅਤੇ ਸਮੁੱਚੀਆਂ ਸੰਗਤਾਂ ਨੂੰ ਵੀ ਗੁਰਦੁਆਰਾ ਸਾਹਿਬਾਨ ਵਿਖੇ ਪਹਿਰੇਦਾਰੀ ਨੂੰ ਯਕੀਨੀ ਬਣਾਉਣ ਲਈ ਅੱਗੇ ਆਉਣ ਅਪੀਲ ਕੀਤੀ ।
 

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply