ਬੇਅਦਬੀ ਕਰਨ ਵਾਲਿਆਂ ਨੂੰ ਤੁਰੰਤ ਸਜ਼ਾਵਾਂ ਦਾ ਹੋਵੇ ਪ੍ਰਬੰਧ -ਭਾਈ ਲੌਂਗੋਵਾਲ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਬਛੌੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਹਿਰਦੇਵੇਦਕ ਘਟਨਾ ਦੀ ਨਿੰਦਾ ਕਰਦਿਆਂ ਸਰਕਾਰ ਪਾਸੋਂ ਮੰਗ ਕੀਤੀ ਕਿ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ ਤੁਰੰਤ ਪ੍ਰਭਾਵ ’ਤੇ ਸਖਤ ਸਜਾਵਾਂ ਦੇਣ ਦਾ ਕਾਨੂੰਨ ਬਣਾਇਆ ਜਾਵੇ ਅਤੇ ਦੋਸ਼ੀ ਦੀ ਪਛਾਣ ਹੋਣ ’ਤੇ ਉਸ ਦੀ ਕੋਈ ਵੀ ਅਪੀਲ-ਦਲੀਲ ਨਾ ਸੁਣੀ ਜਾਵੇ।ਲੌਂਗੋਵਾਲ ਨੇ ਕਿਹਾ ਕਿ ਬਹੁਤੀ ਵਾਰ ਦੋਸ਼ੀ ਕਾਨੂੰਨ ਦੀ ਆੜ ਹੇਠ ਬਚ ਨਿਕਲਦੇ ਹਨ ਕਿਉਂਕਿ ਲੰਮਾਂ ਸਮਾਂ ਕੇਸਾਂ ਦਾ ਨਿਪਟਾਰਾ ਨਾ ਹੋਣ ਕਾਰਨ ਕੇਸ ਦਾ ਕਮਜ਼ੋਰ ਹੋਣਾ ਆਮ ਵਰਤਾਰਾ ਹੈ।ਇਸ ਲਈ ਇਨ੍ਹਾਂ ਮਾਮਲਿਆਂ ਵਿਚ ਤੁਰੰਤ ਪ੍ਰਭਾਵ ਤੋਂ ਸਖਤ ਸਜਾ ਦਾ ਪ੍ਰਬੰਧ ਹੋਣਾ ਜਰੂਰੀ ਹੈ ਅਤੇ ਸਰਕਾਰ ਨੂੰ ਇਸ ਵੱਲ ਸੰਜੀਦਗੀ ਨਾਲ ਧਿਆਨ ਦੇਣ ਦੀ ਲੋੜ ਹੈ।ਲੌਂਗੋਵਾਲ ਨੇ ਕਿਹਾ ਕਿ ਦੂਸਰੇ ਪਾਸੇ ਸਥਾਨਕ ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਨੂੰ ਵੀ ਗੁਰੂ-ਘਰਾਂ ਦੀ ਸੇਵਾ ਸੰਭਾਲ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਯਕੀਨੀ ਬਣਾਉਣ ਲਈ ਆਪਣੀ ਜਿੰਮੇਵਾਰੀ ਚੇਤੰਨਤਾ ਨਾਲ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਸੰਗਤਾਂ ਵਿਸ਼ੇਸ਼ ਧਿਆਨ ਦੇਣ ਅਤੇ ਗੁਰਦੁਆਰਾ ਸਾਹਿਬਾਨ ਅੰਦਰ ਹਰ ਸਮੇਂ ਨਿਗਰਾਨ ਜਰੂਰ ਮੌਜੂਦ ਰਹੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਬਾਰ ਬਾਰ ਅਪੀਲ ਕੀਤੀ ਜਾ ਰਹੀ ਹੈ ਉਹ ਇੱਕ ਵੱਧ ਗੁਰਦਆਰਿਆਂ ਦੀ ਥਾਂ ਇੱਕ ਗੁਰਦੁਆਰਾ ਸਾਹਿਬ ਕਰਨ ਲਈ ਅੱਗੇ ਆਉਣ ਤਾਂ ਜੋ ਗੁਰੂ ਘਰਾਂ ਦੀ ਸੇਵਾ-ਸੰਭਾਲ ਸੁਚੱਜੇ ਢੰਗ ਨਾਲ ਹੋ ਸਕੇ।
Punjab Post Daily Online Newspaper & Print Media