ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ’ਚ ਗੈਰ-ਕਾਨੂੰਨੀ ਅਵਾਸ ਨੂੰ ਲੈ ਕੇ ਓਰੇਗੋਨ ਦੀ ਜ਼ੇਲ੍ਹ ’ਚ ਨਜ਼ਰਬੰਦ ਕੀਤੇ 52 ਭਾਰਤੀਆਂ,
ਜਿਨ੍ਹਾਂ ਵਿੱਚੋਂ ਬਹੁਤੇ ਸਿੱਖ ਹਨ, ਉਤੇ ਅਣਮਨੁੱਖੀ ਤਸ਼ੱਦਦ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਦਫ਼ਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਮੀਡੀਆ ਰਾਹੀਂ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਇਸ ਨੂੰ ਸੰਜ਼ੀਦਗੀ ਨਾਲ ਲੈਂਦਿਆਂ ਭਾਰਤ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਬੰਦੀ ’ਤੇ ਜ਼ੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਦੀ ਕਿਸੇ ਵੀ ਦੇਸ਼ ਦਾ ਕਾਨੂੰਨ ਇਜਾਜ਼ਤ ਨਹੀਂ ਦਿੰਦਾ, ਪਰ ਦੁੱਖ ਦੀ ਗੱਲ ਹੈ ਕਿ ਅਮਰੀਕਾ ਅੰਦਰ ਗੈਰ-ਕਾਨੂੰਨੀ ਅਵਾਸ ਦੇ ਦੋਸ਼ ਹੇਠ ਨਜ਼ਰਬੰਦ ਕੀਤੇ ਗਏ ਇਨ੍ਹਾਂ ਵਿਅਕਤੀਆਂ ਨੂੰ ਬਾਈ-ਬਾਈ ਘੰਟੇ ਜ਼ੇਲ੍ਹ ਦੇ ਸੈਲਾਂ ਵਿਚ ਹੀ ਬੰਦ ਰੱਖਿਆ ਜਾ ਰਿਹਾ ਹੈ।ਇਸ ਗੱਲ ਦੀ ਤਸਦੀਕ ਓਰੇਗੋਨ ਦੇ ਡੋਮੋਕ੍ਰੇਟਿਕ ਸੰਸਦ ਮੈਂਬਰਾਂ ਵੱਲੋਂ ਜ਼ੇਲ੍ਹ ਦੇ ਦੌਰੇ ਤੋਂ ਬਾਅਦ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਬਾਰੇ ਭਾਰਤ ਸਰਕਾਰ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਰਾਬਤਾ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਵੀ ਜ਼ੇਲ੍ਹ ’ਚ ਬੰਦ ਇਨ੍ਹਾਂ ਸਿੱਖਾਂ ਦੀ ਮੱਦਦ ਕਰਨ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਕਮੇਟੀ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਨਾ ਸ਼ੱਕ ਪ੍ਰਵਾਸ ਕਰਨ ਵਾਲੇ ਲੋਕ ਮਜ਼ਬੂਰੀ ਵੱਸ ਵੱਖ-ਵੱਖ ਦੇਸ਼ਾਂ ਵਿਚ ਪਹੁੰਚਦੇ ਹਨ ਅਤੇ ਉਥੇ ਜਾ ਕੇ ਪੱਕਾ ਨਿਵਾਸ ਕਰਨ ਦਾ ਯਤਨ ਵੀ ਕਰਦੇ ਹਨ।ਪਰ ਇਸ ਦਾ ਮਤਲਬ ਇਹ ਵੀ ਨਹੀਂ ਕਿ ਅਜਿਹੇ ਲੋਕਾਂ ’ਤੇ ਜ਼ੇਲ੍ਹਾਂ ਅੰਦਰ ਡੱਕ ਕੇ ਹੇਠਲੇ ਦਰਜ਼ੇ ਦਾ ਸਲੂਕ ਕੀਤਾ ਜਾਵੇ। ਦੂਸਰੇ ਪਾਸੇ ਸ਼੍ਰੋਮਣੀ ਕਮੇਟੀ ਨੇ ਸਿੱਖ ਜਗਤ ਨੂੰ ਇਹ ਅਪੀਲ ਵੀ ਕੀਤੀ ਕਿ ਵਿਦੇਸ਼ ਜਾਣ ਲਈ ਗੈਰ-ਕਾਨੂੰਨੀ ਢੰਗ ਤਰੀਕਿਆਂ ਦਾ ਸਹਾਰਾ ਨਾ ਲਿਆ ਜਾਵੇ, ਤਾਂ ਜੋ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …
Punjab Post Daily Online Newspaper & Print Media