ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਾਰੇ ਗੁਰਪੁਰਬ
ਅਤੇ ਪੰਥਕ ਦਿਹਾੜੇ ਪੰਥ ਸੰਸਥਾਵਾਂ ਵੱਲੋਂ ਸਾਂਝੇ ਤੌਰ ’ਤੇ ਮਨਾਏ ਜਾਣ ਪ੍ਰਤੀ ਪੁਰਾਤਨ ਪ੍ਰਥਾ ਦੀ ਪੁਰਜ਼ੋਰ ਵਕਾਲਤ ਕੀਤੀ ਹੈ।ਉਨ੍ਹਾਂ ਸ਼ੋ੍ਰਮਣੀ ਕਮੇਟੀ ਨੂੰ ਇਕ ਸਾਂਝੀ ਕਮੇਟੀ ਰਾਹੀਂ ਪਹਿਲ ਕਦਮੀ ਕਰਨ ਦੀ ਅਪੀਲ ਕੀਤੀ ਹੈ।
ਦਮਦਮੀ ਟਕਸਾਲ ਦੇ ਮੁਖੀ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਕਿਹਾ ਕਿ ਸ਼ੋ੍ਰਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੈ, ਇਸ ਲਈ ਕਮੇਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੰਸਾਰ ਭਰ ਦੇ ਸਿਖ ਸੰਗਤਾਂ ਦੀਆਂ ਕੌਮੀ ਭਾਵਨਾਵਾਂ ਨੂੰ ਰੂਪਮਾਨ ਕਰਦਿਆਂ ਗੁਰਪੁਰਬ ਅਤੇ ਪੰਥਕ ਦਿਹਾੜੇ ਸਾਂਝੇ ਤੌਰ ’ਤੇ ਮਨਾਉਣ ਲਈ ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ ਅਤੇ ਸੰਤ ਸਮਾਜ ਦੇ ਸੰਤਾਂ ਮਹਾਂਪੁਰਸ਼ਾਂ ਵਿਚ ਇਕ ਰਾਏ ਪੈਦਾ ਕਰਨ ਲਈ ਯਤਨ ਕਰੇ।ਉਨ੍ਹਾਂ ਉਕਤ ਮਕਸਦ ਲਈ ਸ਼ੋ੍ਰਮਣੀ ਕਮੇਟੀ ਨੂੰ ਆਪਣੀ ਨਿਗਰਾਨੀ ਹੇਠ ਅਹਿਮ ਸਿੱਖ ਸੰਸਥਾਵਾਂ ਦੀ ਇਕ ਸਾਂਝੀ ਕਮੇਟੀ ਗਠਿਤ ਕਰਨ ਦਾ ਸੁਝਾਅ ਦਿਤਾ।
ਉਨ੍ਹਾਂ ਕੌਮੀ ਹਿੱਤਾਂ ਲਈ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਉਕਤ ਮੁੱਦੇ ਪ੍ਰਤੀ ਸੰਜ਼ੀਦਗੀ ਨਾਲ ਵਿਚਾਰ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਸਿੱਖ ਕੌਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਨਾਨਕਸ਼ਾਹੀ ਕਲੰਡਰ ਮੁਤਾਬਿਕ ਦਿਹਾੜੇ ਮਨਾਉਣ ਲਈ ਵਚਨਬੱਧ ਹੈ।ਪਰ ਦੇਖਿਆ ਜਾਵੇ ਤਾਂ ਪਿਛਲੇ ਸਮੇਂ ਤੋਂ ਕੁੱਝ ਪੰਥ ਵਿਰੋਧੀ ਸ਼ਕਤੀਆਂ ਪੰਥਕ ਰਵਾਇਤਾਂ ਤੋਂ ਦੂਰ ਹੁੰਦਿਆਂ ਆਪਣੀ ਸੁਵਿਧਾ ਅਤੇ ਮਨ ਮਰਜ਼ੀ ਦੀਆਂ ਤਰੀਕਾਂ ’ਤੇ ਗੁਰਪੁਰਬ ਮਨਾਉਣ ਪ੍ਰਤੀ ਰੁਚਿਤ ਹਨ।ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਇਸ ਸਬੰਧੀ ਨੂੰ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media