ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਿਹਾਰ ਸਰਕਾਰ ਦੇ ਸਾਇੰਸ ਤੇ ਤਕਨਾਲੋਜੀ ਵਿਭਾਗ ਦੀ ਪ੍ਰਿੰਸੀਪਲ ਸਕੱਤਰ ਹਰਜੋਤ ਕੌਰ ਅਤੇ ਉਨ੍ਹਾਂ
ਦੇ ਪਤੀ ਲੇਬਰ ਤੇ ਸਕਿੱਲ ਡਿਵੈਲਪਮੈਂਟ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੀਪਕ ਕੁਮਾਰ ਸਿੰਘ ਨੇ ਸ਼ਰਧਾ ਭਾਵਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦਾ ਬੇਟਾ ਹਰਦੀਪ ਸਿੰਘ ਵੀ ਮੌਜੂਦ ਸੀ।ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸੱਕਤਰ ਮਨਜੀਤ ਸਿੰਘ ਬਾਠ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।
ਦੱਸਣਯੋਗ ਹੈ ਕਿ ਬੀਬੀ ਹਰਜੋਤ ਕੌਰ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਗਏ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅਹਿਮ ਸੇਵਾਵਾਂ ਨਿਭਾਈਆਂ ਸਨ।ਇਸ ਮੌਕੇ ਗੱਲਬਾਤ ਕਰਦਿਆਂ ਬੀਬੀ ਹਰਜੋਤ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੇ ਅਧਿਆਤਮਕ ਅਸਥਾਨ ਹਨ ਅਤੇ ਇਥੇ ਨਤਮਸਤਕ ਹੋ ਕੇ ਮਨੁੱਖ ਨੂੰ ਮਾਨਸਿਕ ਸ਼ਾਂਤੀ ਤੇ ਰੂਹਾਨੀ ਅਨੰਦ ਮਿਲਿਆ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਬੀਬੀ ਹਰਜੋਤ ਕੌਰ ’ਤੇ ਸਮੁੱਚੇ ਸਿੱਖ ਜਗਤ ਨੂੰ ਮਾਣ ਹੈ ਅਤੇ ਇਨ੍ਹਾਂ ਵੱਲੋਂ ਦਸਵੇਂ ਪਾਤਸ਼ਾਹ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਸਮੇਂ ਨਿਭਾਈਆਂ ਸੇਵਾਵਾਂ ਸਦਾ ਯਾਦ ਰੱਖੀਆਂ ਜਾਣਗੀਆਂ।ਇਸ ਮੌਕੇ ਮੀਤ ਸਕੱਤਰ ਸਕੱਤਰ ਸਿੰਘ, ਹਰਜਿੰਦਰ ਸਿੰਘ ਕੈਰੋਵਾਲ, ਮੈਨੇਜਰ ਸਰਾਵਾਂ ਮੁਖਤਾਰ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਅੰਮ੍ਰਿਤਪਾਲ ਸਿੰਘ ਸਮੇਤ ਹੋਰ ਹਾਜ਼ਰ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media