Monday, December 23, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ‘ਚ ਵੀ.ਸੀ ਪ੍ਰੋ. ਅਜਾਇਬ ਸਿੰਘ ਬਰਾੜ ਨੇ ਲਹਿਰਾਇਆ ਤਿਰੰਗਾ

PPN15081406

ਅੰਮ੍ਰਿਤਸਰ, 15 ਅਗਸਤ (ਪ੍ਰੀਤਮ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਵਿਖੇ 68ਵਾਂ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਨਜ਼ਦੀਕ ਕੌਮੀ ਝੰਡਾ ਲਹਿਰਾਇਆ ਤੇ ਸਲਾਮੀ ਦਿੱਤੀ। ਯੂਨੀਵਰਸਿਟੀ ਦੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਹਾਜਰੀ ਵਿਚ ਯੂਨੀਵਰਸਿਟੀ ਦੇ ਖਾਲਸਾ ਕਾਲਜ ਫਾਰ ਵੁਮੈਨ ਦੀਆਂ ਵਿਦਿਆਰਥਣਾਂ ਵੱਲੋਂ ਇਸ ਮੌਕੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। 
ਆਪਣੇ ਸੰਦੇਸ਼ ਵਿੱਚ ਪ੍ਰੋ. ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ  ਸਾਡੇ ਵਡੇਰਿਆਂ ਦੀ ਘਾਲਣਾ ਅਤੇ ਕੁਰਬਾਨੀਆਂ ਸਦਕਾ ਆਜ਼ਾਦੀ ਹਾਂਸਲ ਹੋਈ ਸੀ ਤੇ ਇਸ ਨੂੰ ਕਾਇਮ ਰੱਖਣਾ ਸਾਡਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਦੇ ਸੁਫਨਿਆਂ ਨੂੰ ਪੂਰਾ ਕਰਨ ਲਈ ਹੜਤਾਲਾਂ ਅਤੇ ਹੋਰ ਗੈਰ-ਉਸਾਰੂ ਕਾਰਜਾਂ ਵਿਚ ਭਾਗ ਨਾ ਲੈਂਦੇ ਹੋਏ ਜਾਤ-ਪਾਤ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਉਪਰ ਉੱਠ ਕੇ ਅਣਥੱਕ ਮਿਹਨਤ ਕਰਦੇ ਹੋਏ ਦੇਸ਼ ਵਿਕਾਸ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਬਾਅਦ ਦੇਸ਼ ਨੇ ਹਰ ਖੇਤਰ ਵਿਚ ਤਰੱਕੀ ਕੀਤੀ ਹੈ ਪਰ ਅਜੇ ਵੀ ਬਹੁਤ ਕੁੱਝ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ਾਂ ਦੇ ਮੁਕਾਬਲੇ ਉਚੇਰੀ ਸਿਖਿਆ ਦੇ ਖੇਤਰ ਵਿਚ ਬਜਟ ਘੱਟ ਹੋਣ ਕਰਕੇ ਲੋੜੀਂਦੇ ਟੀਚੇ ਹਾਸਲ ਘੱਟ ਹਾਸਲ ਹੋਏ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਿਕਾਸ ਮਿਆਰੀ ਉਚੇਰੀ ਸਿਖਿਆ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਕਾਸ਼ਨਾਵਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਸਥਾਪਤ ਇਸ ਯੂਨੀਵਰਸਿਟੀ ਦੇ ਨੁਮਾਂਇੰਦੇ ਹੋਣ ਕਰਕੇ ਸਾਡਾ ਇਹ ਫਰਜ ਬਣਦਾ ਹੈ ਕਿ ਆਪਣੀਆਂ ਕਮਜ਼ੋਰੀਆਂ ਨੂੰ ਦੂਰ ਕਰਦੇ ਹੋਏ ਗੁਰੂ ਜੀ ਦੀਆਂ ਦੈਵੀ ਸਿਖਿਆਵਾਂ ਅਨੁਸਾਰ ਜਾਤ-ਪਾਤ ਤੇ ਸਮਾਜਿਕ ਬੁਰਾਈਆਂ ਤੋਂ ਉਪਰ ਉੱਠ ਕੇ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਕਾਰਜ ਕਰੀਏ। ਉਨਾਂ੍ਹ ਕਿਹਾ ਕਿ ਆਪਣੀ ਮਾਨਸਿਕਤਾ ਨੂੰ ਬਦਲਦੇ ਹੋਏ ਸਾਨੂੰ ਅਰਾਮ ਦੀ ਜ਼ਿੰਦਗੀ ਛੱਡ ਕੇ ਸਖਤ ਮਿਹਨਤ ਵਾਲਾ ਰਸਤਾ ਅਪਨਾਉਣਾ ਪਵੇਗਾ ਤਾਂ ਜੋ ਅਸੀਂ ਵਿਸ਼ਵ ਚੁਣੌਤੀਆਂ ਦਾ ਮੁਕਾਬਲਾ ਕਰ ਸਕੀਏ।ਉਨ੍ਹਾਂ ਨੇ ਯੂਨੀਵਰਸਿਟੀਆਂ ਦੀ ਪ੍ਰਾਪਤੀਆਂ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ ਤੇ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿਚ ਯੂਨੀਵਰਸਿਟੀ ਹੋਰ ਵੀ ਮਹੱਤਵਪੂਰਨ ਪ੍ਰਾਪਤੀਆਂ ਕਰੇਗੀ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਵੇਗੀ। ਇਸ ਤੋਂ ਪਹਿਲਾਂ ਡੀਨ, ਵਿਦਿਆਰਥੀ ਭਲਾਈ, ਡਾ. ਏ.ਐਸ. ਸਿੱਧੂ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਨੂੰ ਜੀ ਆਇਆਂ ਆਖਿਆ। ਨਵ-ਨਿਯੁਕਤ ਰਜਿਸਟਰਾਰ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ ਅਤੇ ਯੁਵਕ ਭਲਾਈ ਦੀ ਡਾਇਰੈਕਟਰ, ਡਾ. ਜਗਜੀਤ ਕੌਰ ਨੇ ਮੰਚ ਸੰਚਾਲਨ ਕੀਤਾ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply