ਅੰਮ੍ਰਿਤਸਰ, 6 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਦਾਲਤੀ ਹੁਕਮਾਂ ਅਨੁਸਾਰ ਜੋਧਪੁਰ ਜ਼ੇਲ੍ਹ ਵਿਚਲੇ 40 ਨਜ਼ਰਬੰਦਾਂ ਨੂੰ ਦਿੱਤੇ ਗਏ ਮੁਆਵਜ਼ੇ ਤੋਂ ਬਾਅਦ ਬਾਕੀ ਰਹਿੰਦੇ 325 ਨਜ਼ਰਬੰਦਾਂ ਦੇ ਮੁਆਵਜ਼ੇ ਲਈ ਸ਼੍ਰੋਮਣੀ ਕਮੇਟੀ ਹਰ ਸੰਭਵ ਮਦਦ ਕਰੇਗੀ।ਉਨ੍ਹਾਂ ਕਿਹਾ ਕਿ ਜੋਧਪੁਰ ਜ਼ੇਲ੍ਹ ’ਚ ਬੰਦੀ ਰਹੇ ਸਿੱਖਾਂ ਤੇ ਉਨ੍ਹਾਂ ਦੇ ਵਾਰਸਾਂ ਨਾਲ ਰਾਬਤਾ ਕਾਇਮ ਕਰਕੇੇ ਉਨ੍ਹਾਂ ਬਾਰੇ ਮੁਕੰਮਲ ਜਾਣਕਾਰੀ ਇਕੱਠੀ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ ਆਰੰਭ ਦਿੱਤੀ ਗਈ ਹੈ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿਚ ਗਠਿਤ ਕੀਤੀ ਗਈ ਸਬ-ਕਮੇਟੀ ਨੇ ਇਕੱਤਰਤਾ ਕਰਕੇ 325 ਨਜ਼ਰਬੰਦਾਂ ਨੂੰ ਵੀ ਮੁਆਵਜ਼ਾ ਦਿਵਾਉਣ ਸਬੰਧੀ ਸਿਫਾਰਸ਼ ਕੀਤੀ ਹੈ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਸ ਮਾਮਲੇ ਬਾਰੇ ਵਿਸ਼ੇਸ਼ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾਉਣ ਦਾ ਸੁਝਾਅ ਦਿੱਤਾ ਹੈ।ਲੌਂਗੋਵਾਲ ਨੇ ਕਿਹਾ ਕਿ ਸਬ-ਕਮੇਟੀ ਦੀ ਰਾਇ ਅਨੁਸਾਰ ਸ਼੍ਰੋਮਣੀ ਕਮੇਟੀ ਜੋਧਪੁਰ ਜ਼ੇਲ੍ਹ ’ਚ ਨਜ਼ਰਬੰਦ ਰਹੇ ਸਿੱਖਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜੋਧਪੁਰ ਜ਼ੇਲ੍ਹ ’ਚ ਨਜ਼ਰਬੰਦ ਰਹੇ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ਸਹਾਇਤਾ ਦਿੱਤੀ ਜਾਂਦੀ ਰਹੀ ਹੈ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਅਤੇ ਨੌਕਰੀ ਦਾ ਪ੍ਰਬੰਧ ਕੀਤਾ ਜਾਂਦਾ ਰਿਹਾ ਹੈ। ਸ਼੍ਰੋਮਣੀ ਕਮੇਟੀ ਅੱਗੋਂ ਵੀ ਇਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਲਈ ਤਿਆਰ ਹੈ।
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਹੋਈ ਸਬ-ਕਮੇਟੀ ਦੀ ਮੀਟਿੰਗ ਵਿਚ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰ ਭਗਵੰਤ ਸਿੰਘ ਸਿਆਲਕਾ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰਜੀਤ ਸਿੰਘ ਚਾਵਲਾ, ਮਨਜੀਤ ਸਿੰਘ ਬਾਠ ਸਕੱਤਰ, ਗੁਰਦਰਸ਼ਨ ਸਿੰਘ ਸਾਬਕਾ ਵਧੀਕ ਸਕੱਤਰ, ਗੁਰਨਾਮ ਸਿੰਘ ਇੰਚਾਰਜ ਅਤੇ ਹਰਜਿੰਦਰ ਸਿੰਘ ਸੁਪਰਵਾਈਜ਼ਰ ਸ਼ਾਮਲ ਹੋਏ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media