ਭਾਈ ਲੌਂਗੋਵਾਲ ਨੇ ਪਹਿਲੀ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਨਵੇਕਲੀ ਪਹਿਲ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਲਈ ਸੰਗਤਾਂ ਨੂੰ ਮੁਫ਼ਤ ਬੱਸਾਂ ਦੀ ਸਹੂਲਤ ਮੁਹੱਈਆ ਕਰਨ ਦੇ ਕਾਰਜ ਦੀ ਆਰੰਭਤਾ ਕੀਤੀ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਵਿਸ਼ੇਸ਼ ਬੱਸਾਂ ਤਿਆਰ ਕਰਵਾਈਆਂ ਗਈਆਂ ਹਨ, ਜਿਨ੍ਹਾਂ ’ਚੋਂ ਇੱਕ ਬੱਸ ਨੂੰ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਖ਼ਾਲਸਾਈ ਜਾਹੋ-ਜਲਾਲ ਨਾਲ ਰਵਾਨਾ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਇਸ਼ਨਾਨ ਕਰਨ ਦੀ ਭਾਵਨਾ ਹਰੇਕ ਦੇ ਮਨ ਵਿਚ ਹੁੰਦੀ ਹੈ, ਪ੍ਰੰਤੂ ਕੁੱਝ ਸੰਗਤਾਂ ਆਰਥਕ ਮਜ਼ੂਬਰੀਆਂ ਕਾਰਨ ਇਸ ਪਾਵਨ ਅਸਥਾਨ ਦੇ ਦਰਸ਼ਨ ਤੋਂ ਵਾਂਝੀਆਂ ਰਹਿ ਜਾਂਦੀਆਂ ਹਨ। ਉਨ੍ਹਾਂ ਦੀ ਸਹੂਲਤ ਲਈ ਮੁਫ਼ਤ ਬੱਸਾਂ ਦੀ ਸੁਵਿਧਾ ਦਾ ਸ਼੍ਰੋਮਣੀ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਸੀ ਜਿਸ ਅਨੁਸਾਰ ਪੰਜ ਵਿਸ਼ੇਸ਼ ਬੱਸਾਂ ਦੀ ਖ਼ਰੀਦ ਕੀਤੀ ਗਈ ਹੈ, ਜੋ ਵੱਖ-ਵੱਖ ਇਲਾਕਿਆਂ ਤੋਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੈ ਕੇ ਆਉਣਗੀਆਂ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਅਮਰਜੀਤ ਸਿੰਘ ਬੰਡਾਲਾ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਜਗਜੀਤ ਸਿੰਘ ਜੱਗੀ, ਬਿਜੈ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਇਕਬਾਲ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media