ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਵਿਰਾਸਤੀ ਮਾਰਗ ’ਤੇ ਭਾਈ ਗੁਰਦਾਸ ਹਾਲ ਵਿਖੇ ਤਿਆਰ ਕਰਵਾਈ ਪਾਣੀ ਦੀ ਛਬੀਲ ਦਾ ਸ਼ੁਭ ਆਰੰਭ ਕੀਤਾ ਗਿਆ।ਆਰੰਭਤਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅਰਦਾਸੀਆ ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਸਨ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਛਬੀਲ ਦੀ ਕਾਰਸੇਵਾ ਦਾ ਕਾਰਜ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਰਵਾਇਆ ਗਿਆ ਹੈ।
ਇਸ ਮੌਕੇ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੇ ਧਾਰਮਿਕ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਰਧਾ ਸਤਿਕਾਰ ਨਾਲ ਪੁੱਜਦੀਆਂ ਹਨ ਅਤੇ ਉਨ੍ਹਾਂ ਦੀ ਸਹੂਲਤ ਲਈ ਭਾਈ ਗੁਰਦਾਸ ਹਾਲ ਵਿਖੇ ਇਸ ਛਬੀਲ ਦੀ ਸਥਾਪਨਾ ਕੀਤੀ ਗਈ ਹੈ।ਉਨ੍ਹਾਂ ਇਸ ਕਾਰਜ ਦੀ ਕਾਰਸੇਵਾ ਕਰਵਾਉਣ ਲਈ ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲਿਆਂ ਦਾ ਧੰਨਵਾਦ ਕੀਤਾ।ਇਸ ਮੌਕੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਗੁਰੂ ਦੀਆਂ ਸੰਗਤ ਲਈ ਛਬੀਲ ਤਿਆਰ ਕਰਨ ਦੀ ਸੇਵਾ ਉਨ੍ਹਾਂ ਨੂੰ ਮਿਲਣੀ ਗੁਰੂ ਬਖ਼ਸ਼ਿਸ ਹੈ ਅਤੇ ਇਹ ਕਾਰਜ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਪੰਨ ਹੋ ਸਕਿਆ ਹੈ।
Punjab Post Daily Online Newspaper & Print Media