Wednesday, June 17, 2026

ਸੁਤੰਤਰਤਾ ਦਿਵਸ ਮੌਕੇ ਕੈਬਨਿਟ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਫਾਜ਼ਿਲਕਾ ‘ਚ ਲਹਿਰਾਇਆ ਤਿਰੰਗਾ

ਫਾਜ਼ਿਲਕਾ ਨੂੰ ਅਤਿ ਆਧੁਨਿਕ ਕੈਂਸਰ ਹਸਪਤਾਲ ਦੇਣ ਦਾ ਕੀਤਾ ਵਾਅਦਾ

PPN16081413

ਫ਼ਾਜਿਲਕਾ, 16 ਅਗਸਤ (ਵਿਨੀਤ ਅਰੋੜਾ) – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਚੌ: ਸੁਰਜੀਤ ਕੁਮਾਰ ਜਿਆਣੀ ਨੇ ਅੱਜ ਨਵੀਂ ਅਨਾਜ ਮੰਡੀ ਫਾਜ਼ਿਲਕਾ ਵਿਖੇ 68ਵੇਂ ਸੁਤੰਤਰਤਾ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ।  ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਅਤੇ ਸ਼੍ਰੀ ਸਵਪਨ ਸ਼ਰਮਾ ਐਸ.ਐਸ.ਪੀ. ਫਾਜਿਲਕਾ ਵੀ ਹਾਜਰ ਸਨ ।
ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਨੂੰ ਸੰਬੋਧਨ ਕਰਦਿਆਂ ਸ਼੍ਰੀ ਜਿਆਣੀ ਨੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ । ਉਨ੍ਹਾਂ ਕਿਹਾ ਕਿ ਸ਼ਹੀਦਾ ਦੀਆਂ ਲਾਸਾਨੀ ਕੁਰਬਾਨੀਆਂ ਸਦਕਾ ਹੀ ਅਸੀਂ ਅਜ਼ਾਦੀ ਦਾ ਨਿਘ ਮਾਣ ਰਹੇ ਹਾਂ । ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਨੂੰ ਸਾਡੇ ਅਜ਼ਾਦੀ ਘੁਲਾਟੀਆਂ ਵੱਲੋਂ ਭਾਰਤ ਦੇ ਭਵਿੱਖ ਬਾਰੇ ਲਏ ਸੁਪਨੀਆਂ ਨੂੰ ਸਾਕਾਰ ਕਰਨ ਦੀ ਯਾਦ ਦਵਾਉਂਦਾ ਹੈ ਅਤੇ ਸਾਡੀ ਸਮੁੱਚੀ ਕਾਰਗੁਜ਼ਾਰੀ ਉੱਤੇ ਝਾਤ ਮਾਰਣ ਦਾ ਮੌਕਾ ਵੀ ਪ੍ਰਦਾਨ ਕਰਦਾ ਹੈ । ਉਨ੍ਹਾਂ ਕਿਹਾ ਕਿ ਸਾਡੇ ਮਹਾਨ ਆਗੂਆਂ ਵੱਲੋਂ ਅਜ਼ਾਦ ਭਾਰਤ ਦੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੇ ਅਜੇ ਹੀ ਬੜਾ ਕੁੱਝ ਕਰਣ ਦੀ ਲੋੜ ਹੈ ਤਾਂ ਜੋ ਦੇਸ਼ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੱਕਿਆ ਜਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਨੇ ਪਿਛਲੇ 7 ਸਾਲਾਂ ਵਿੱਚ ਰਾਜ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਰਾਜ ਦੇ ਚੁੰਹ ਪੱਖੀ ਵਿਕਾਸ ਲਈ ਸਿਰ ਤੋੜ ਯਤਨ ਕੀਤੇ ਹਨ । ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਨਵੀਂ ਬਨੀ ਐਨ.ਡੀ.ਏ. ਸਰਕਾਰ ਤੋਂ ਜਿੱਥੇ ਦੇਸ਼ ਦੇ ਲੋਕਾਂ ਨੂੰ ਬਹੁਤ ਆਸਾਂ ਹਨ ਉੱਥੇ ਪੰਜਾਬ ਵਾਸੀਆਂ ਨੂੰ ਵੀ ਭਾਰੀ ਉਮੀਂਦਾ ਹਨ ।

PPN16081414
ਕੈਬਨਿਟ ਮੰਤਰੀ ਚੌ.ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ.ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਅੱਜ ਖੇਤੀਬਾੜੀ, ਬਿਜਲੀ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਸਿਹਤ, ਉਦਯੋਗ ਆਦਿ ਹਰ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਪ੍ਰਸ਼ਾਸਕੀ ਸੁਧਾਰਾਂ ਨਾਲ ਰਾਜ ਦੇ ਲੋਕਾਂ ਨੂੰ ਸਮਾਂ ਬੰਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਸ਼੍ਰੀ ਜਿਆਣੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜਿਲ੍ਹੇ ਦੇ ਪਿੰਡ ਜੱਟਵਾਲੀ(ਰਾਮਨਗਰ) ਵਿਖੇ ਇਲਾਕੇ ਦੇ ਕੈਂਸਰ ਤੋਂ ਪ੍ਰਭਾਵਿਤ ਲੋਕਾਂ ਨੂੰ ਅਤਿ ਆਧੁਨਿਕ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੈਂਸਰ ਹਸਪਤਾਲ ਦੀ ਸਥਾਪਨਾ ਕੀਤੀ ਜਾਵੇਗੀ ਅਤੇ ਇੱਥੇ ਹੀ ਜਿਲ੍ਹਾ ਪੱਧਰ ਨਸ਼ਾ ਛਡਾਊ ਤੇ ਪੁਨਰਵਾਸ ਕੇਂਦਰ ਖੋਲਿਆ ਜਾਵੇਗਾ । ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਚੋ.ਸੁਰਜੀਤ ਕੁਮਾਰ ਜਿਆਣੀ ਆਸਫਵਾਲਾ ਵਿਖੇ ਸ਼ਹੀਦਾਂ ਦੀ ਸਮਾਧਾਂ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ।  ਇਸ ਜਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਮੌਕੇ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਵਿਦਿਆਰਥਣਾਂ ਵੱਲੋਂ ਰੰਗਾ-ਰੰਗ ਦੇਸ਼ ਭਗਤੀ ਤੇ ਸਭਿਚਾਰਕ ਉਤਸ਼ਾਹ ਨੂੰ ਦਰਸਾਉਂਦਾ ਪ੍ਰੋਗਰਾਮ ਪੇਸ਼ ਕੀਤਾ ਗਿਆ । ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. , ਸਕਾਊਟ ਐਂਡ ਗਾਈਡ ਵੱਲੋਂ ਮਾਰਚ ਪਾਸਟ ਕੀਤਾ ਗਿਆ ਅਤੇ ਭਾਰਤੀ ਫੌਜ ਦੇ ਬੈਂਡ ਵੱਲੋਂ ਦੇਸ਼ ਭਗਤੀ ਦੀਆਂ ਸੰਗੀਤਕ ਧੁਨਾਂ ਤੇ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ ਗਿਆ ।  ਇਸ ਮੌਕੇ ਸਿਹਤ ਵਿਭਾਗ, ਪਸ਼ੁ ਪਾਲਣ ਵਿਭਾਗ, ਡੇਅਰੀ ਵਿਭਾਗ, ਮਿਲਕਫੈਡ, ਵਣ ਵਿਭਾਗ, ਮੱਛੀ ਪਾਲਣ ਵਿਭਾਗ, ਖੇਤੀਬਾੜੀ ਵਿਭਾਗ, ਬਾਗਬਾਨੀ, ਸ਼ੁਗਰ ਮਿਲ, ਭੂਮੀ ਰੱਖਿਆ ਵਿਭਾਗ ਅਤੇ ਮਾਰਕਫੈਡ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਗਈਆਂ । ਸਮਾਗਮ ਦੌਰਾਨ ਅਜ਼ਾਦੀ ਘੁਲਾਟੀਆਂ, ਉਨ੍ਹਾਂ ਦੇ ਆਸ਼ਰਿਤਾਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾ, ਵੱਖ-ਵੱਖ ਖੇਤਰਾਂ ਵਿਚ ਸ਼ਲਾਘਾਯੌਗ ਕੰਮ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ, ਵਿਦਿਆਰਥੀਆਂ, ਖਿਡਾਰੀਆਂ ਆਦਿ ਨੂੰ ਵੀ ਸਨਮਾਨਿਤ ਕੀਤਾ ਗਿਆ । ਇਸ ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ ਸ.ਚਰਨਦੇਵ ਸਿੰਘ ਮਾਨ, ਕੈਪਟਨ ਕਰਨੈਲ ਸਿੰਘ ਐਸ.ਡੀ.ਐਮ. ਫਾਜ਼ਿਲਕਾ, ਸ. ਕੁਲਪ੍ਰੀਤ ਸਿੰਘ ਸਹਾਇਕ ਕਮਿਸ਼ਨਰ (ਜ), ਸ.ਗੁਰਮੀਤ ਸਿੰਘ ਐਸ.ਪੀ. (ਡੀ) ਤੋਂ ਇਲਾਵਾ ਵੱਖ- ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਤੇ ਜਿਲ੍ਹਾ ਅਧਿਕਾਰੀ ਵੀ ਹਾਜਰ ਸਨ ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply