ਪਾਕਿਸਤਾਨ ’ਚ ਸਿੱਖ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਮੰਦਭਾਗੀ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਸਥਾਨਕ ਪੰਜਾਬੀ ਕਲੋਨੀ ਵਿੱਚੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਸਰਕਾਰੀ ਪ੍ਰਕਿਰਿਆ ’ਤੇ ਮੇਘਾਲਿਆ ਹਾਈਕੋਰਟ ਵੱਲੋਂ ਰੋਕ ਲਗਾਉਣ ਨਾਲ ਸ਼ਿਲਾਂਗ ਵੱਸਦੇ ਸਿੱਖਾਂ ਨੂੰ ਰਾਹਤ ਮਿਲੀ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਹਾਈ ਕੋਰਟ ਵੱਲੋਂ ਸਰਕਾਰ ਨੂੰ ਸਿੱਖਾਂ ਦੇ ਘਰ ਤਬਦੀਲ ਕਰਨ ’ਤੇ ਰੋਕ ਲਗਾਉਣ ਦੇ ਨਾਲ-ਨਾਲ ਇਸ ਮਾਮਲੇ ਸਬੰਧੀ ਸਰਕਾਰ ਨੂੰ ਆਪਣਾ ਪੱਖ ਸਪੱਸ਼ਟ ਕਰਨ ਦੀ ਹਦਾਇਤ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ ਹੈ।ਉਨ੍ਹਾਂ ਦੋਸ਼ ਲਗਾਇਆ ਕਿ ਮੇਘਾਲਿਆ ਸਰਕਾਰ ਜਾਣ-ਬੁਝ ਕੇ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ, ਜਦਕਿ ਸਥਾਨਕ ਸਿੱਖ ਸਬੰਧਤ ਕਲੋਨੀ ਵਿਚ ਲੰਮੇ ਅਰਸੇ ਤੋਂ ਰਹਿ ਰਹੇ ਹਨ।ਉਨ੍ਹਾਂ ਮੇਘਾਲਿਆ ਸਰਕਾਰ ਨੂੰ ਆਪਣੀ ਅੜੀ ਛੱਡਣ ਅਤੇ ਕਲੋਨੀ ’ਚ ਰਹਿ ਰਹੇ ਸਿੱਖਾਂ ਦੇ ਨਾਂ ਪਟੇ ਕਰਨ ਦੀ ਅਪੀਲ ਕੀਤੀ।ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ਼ਿਲਾਂਗ ਵੱਸਦੇ ਸਿੱਖਾਂ ਨਾਲ ਹਰ ਤਰ੍ਹਾਂ ਖੜ੍ਹੀ ਹੈ ਅਤੇ ਉਨ੍ਹਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਹੈ।
ਇਸੇ ਦੌਰਾਨ ਪ੍ਰਧਾਨ ਭਾਈ ਲੌਂਗੋਵਾਲ ਨੇ ਪਾਕਿਸਤਾਨ ਅੰਦਰ ਪੁਲਿਸ ਅਫ਼ਸਰ ਗੁਲਾਬ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਘਰੋਂ ਬਾਹਰ ਕੱਢਣ ਸਬੰਧੀ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਸਿੱਖ ਦੀ ਦਸਤਾਰ ਉਤਾਰਨਾ ਅਤੇ ਕੇਸਾਂ ਦੀ ਬੇਅਦਬੀ ਕਰਨਾ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚ ਸਿੱਖਾਂ ਨਾਲ ਅਜਿਹੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।ਇਸ ਤੋਂ ਪਹਿਲਾਂ ਸਿੱਖ ਆਗੂਆਂ ਦਾ ਕਤਲ ਅਤੇ ਤੰਗ ਪ੍ਰੇਸ਼ਾਨ ਹੋਣ ਕਾਰਨ ਕੁਝ ਸਿੱਖ ਪਰਿਵਾਰਾਂ ਵੱਲੋਂ ਪਾਕਿਸਤਾਨ ਛੱਡਣ ਦੀਆਂ ਖ਼ਬਰਾਂ ਵੀ ਸਾਹਮਣੇ ਆ ਚੁੱਕੀਆਂ ਹਨ।ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਅਤੇ ਮਾਣ-ਸਤਿਕਾਰ ਯਕੀਨੀ ਬਣਾਏ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਰਖਵਾਲੀ ਵੀ ਕਰੇ।ਉਨ੍ਹਾਂ ਕਿਹਾ ਕਿ ਗੁਲਾਬ ਸਿੰਘ ਦੀ ਦਸਤਾਰ ਉਤਾਰਨ ਵਾਲੇ ਅਤੇ ਕੇਸਾਂ ਦੀ ਤੌਹੀਨ ਕਰਨ ਵਾਲੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
Punjab Post Daily Online Newspaper & Print Media