ਅੰਮ੍ਰਿਤਸਰ, 18 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸਿੱਖ ਮੈਂਬਰਾਂ ਦੇ ਉੱਚ ਪੱਧਰੀ
ਵਫ਼ਦ ਨੇ ਅੱਜ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਉਚੇਚੀ ਮੁਲਾਕਾਤ ਕਰਕੇ ਪਟਿਆਲਾ ਦੀ ਜ਼ੇਲ੍ਹ ’ਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਨ ਸਬੰਧੀ ਸ਼੍ਰੋਮਣੀ ਕਮੇਟੀ ਦੀ ਅਪੀਲ ਦਾ ਜਲਦ ਨਿਪਟਾਰਾ ਕਰਨ ਦੀ ਮੰਗ ਕੀਤੀ।ਰਾਜਨਾਥ ਸਿੰਘ ਨੂੰ ਮਿਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸ਼ਾਮਲ ਸਨ।ਦਿਲਜੀਤ ਸਿੰਘ ਬੇਦੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਵਫ਼ਦ ਦੀ ਮੁਲਾਕਾਤ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਦੀ ਗੱਲਬਾਤ ਬਹੁਤ ਗੰਭੀਰਤਾ ਨਾਲ ਸੁਣੀ ਅਤੇ ਉਨ੍ਹਾਂ ਨੂੰ ਪੂਰਨ ਭਰੋਸਾ ਦਿਵਾਇਆ ਹੈ ਕਿ ਉਹ ਪੂਰੀ ਸੁਹਿਰਦਤਾ ਨਾਲ ਰਾਸ਼ਟਰਪਤੀ ਕੋਲ ਭਾਈ ਰਾਜੋਆਣਾ ਦੀ ਫਾਂਸੀ ਦੇ ਮਾਮਲੇ ਨੂੰ ਉਠਾਉਣਗੇ ਅਤੇ ਆਪਣੇ ਵਲੋਂ ਹਰ ਸੰਭਵ ਸਹਾਇਤਾ ਕਰਨਗੇ।
ਸ਼੍ਰੋਮਣੀ ਕਮੇਟੀ ਬੁਲਾਰੇ ਅਨੁਸਾਰ ਗ੍ਰਹਿ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸੌਂਪੇ ਗਏ ਇੱਕ ਪੱਤਰ ਰਾਹੀਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ 25 ਮਾਰਚ 2012 ਨੂੰ ਤਤਕਾਲੀ ਰਾਸ਼ਟਰਪਤੀ ਸ੍ਰੀਮਤੀ ਪ੍ਰਤਿਭਾ ਦੇਵੀ ਸਿੰਘ ਪਾਟਿਲ ਪਾਸ ਅਪੀਲ ਕੀਤੀ ਗਈ ਸੀ।ਇਹ ਅਪੀਲ ਸ਼੍ਰੋਮਣੀ ਕਮੇਟੀ ਦੇ ਉਸ ਸਮੇਂ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ ਕੀਤੀ ਗਈ ਸੀ।ਇਸ ਤੋਂ ਬਾਅਦ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਵੀ ਇਕ ਉਚ ਪੱਧਰੀ ਵਫ਼ਦ ਦੇਸ਼ ਦੇ ਤਤਕਾਲੀ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲਿਆ ਸੀ।ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਰਾਜਨਾਥ ਸਿੰਘ ਨੂੰ ਯਾਦ ਦਿਵਾਇਆ ਕਿ ਸ੍ਰੀ ਅੰਮ੍ਰਿਤਸਰ ਵਿਖੇ ਵੀ ਉਨ੍ਹਾਂ ਨਾਲ ਮੁਲਾਕਾਤ ਸਮੇਂ ਭਾਈ ਰਾਜੋਆਣੇ ਦੀ ਸਜ਼ਾ ਦਾ ਮਾਮਲਾ ਹੱਲ ਕਰਨ ਸਬੰਧੀ ਪੱਤਰ ਸੌਂਪਿਆ ਗਿਆ ਸੀ।ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਪਿਛਲੇ 21 ਸਾਲਾਂ ਤੋਂ ਜ਼ੇਲ੍ਹ ’ਚ ਨਜ਼ਰਬੰਦ ਹਨ ਅਤੇ ਇਹ ਸਿੱਖ ਜਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੋਣ ਕਰਕੇ ਜਲਦ ਹੱਲ ਦੀ ਮੰਗ ਕਰਦਾ ਹੈ।ਇਸ ਲਈ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਅਪੀਲ ’ਤੇ ਜਲਦ ਫੈਸਲਾ ਕੀਤਾ ਜਾਵੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media