ਤੰਦਰੁਸਤ ਪੰਜਾਬ ਮਿਸ਼ਨ ਤਹਿਤ ਹਰ ਵਿਭਾਗ ਕਰ ਰਿਹਾ ਹੈ ਮਹੱਤਵਪੂਰਨ ਕੰਮ – ਅਪਨੀਤ ਰਿਆਤ
ਭੀਖੀ, 25 ਜੁਲਾਈ (ਪੰਜਾਬ ਪੋਸਟ- ਕਮਲ ਜ਼ਿੰਦਲ) – ਸੂਬਾ ਸਰਕਾਰ ਵੱਲੋਂ ਲੋਕਾਂ ਦੀ ਤੰਦਰੁਸਤ ਸਿਹਤ ਲਈ ਚਲਾਏ ਜਾ ਰਹੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵੱਲੋਂ ਆਪਣੀ ਮਹੱਤਵਪੂਰਨ ਭੁਮਿਕਾ ਨਿਭਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਇਸੇ ਸਬੰਧ ਵਿੱਚ ਸਿਹਤ ਵਿਭਾਗ ਵੱਲੋਂ ਪਿੰਡ ਢੈਪਈ ਵਿਖੇ ਮੈਡੀਕਲ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 18 ਵਿਅਕਤੀਆਂ ਦੀ ਸਿਹਤ ਦਾ ਮੁਆਇਨਾ ਕੀਤਾ ਗਿਆ।ਇਸ ਤੋਂ ਇਲਾਵਾ 4 ਵੱਖ-ਵੱਖ ਖਾਣ-ਪੀਣ ਦੀਆਂ ਵਸਤਾਂ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਕਿਸੇ ਵੀ ਕੀਮਤ `ਤੇ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ ਦੀ ਲਗਾਤਾਰਤਾ ਵਿੱਚ ਪੁਲਿਸ ਵਿਭਾਗ ਵੱਲੋਂ 69 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪ੍ਰਦੂਸ਼ਣ ਕਰਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕਰ ਰਹੇ 10 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 27 ਵਾਹਨਾਂ ਦੇ ਹੋਰ ਕੈਟਾਗਿਰੀ ਅਧੀਨ ਚਲਾਨ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਕਾਰਜ ਸਾਧਕ ਅਫ਼ਸਰ ਮਾਨਸਾ ਵੱਲੋਂ ਗਲੀਆਂ-ਨਾਲੀਆਂ ਅਤੇ ਸੀਵਰੇਜ਼ ਮੇਨ ਹੋਲਾਂ ਦੀ ਸਾਫ਼-ਸਫਾਈ ਕਰਵਾਈ ਗਈ, ਤਾਂ ਜੋ ਸੀਵਰੇਜ਼ ਦਾ ਪਾਣੀ ਓਵਰਫਲੋਅ ਨਾ ਹੋ ਸਕੇ।ਉਨ੍ਹਾਂ ਦੱਸਿਆ ਕਿ ਕਾਰਜ ਸਾਧਕ ਅਫ਼ਸਰ ਸਰਦੂਲਗੜ੍ਹ ਨੇ 2 ਦੁਕਾਨਾਂ ਦੀ ਚੈਕਿੰਗ ਕੀਤੀ, ਜਿਸ ਦੌਰਾਨ 400 ਗ੍ਰਾਮ ਪਲਾਸਟਿਕ ਦੇ ਲਿਫਾਫੇ ਜਬਤ ਕੀਤੇ ਗਏ।ਈ.ਓ ਭੀਖੀ ਵੱਲੋਂ ਦੁਕਾਨਾਂ ਦੇ ਅੱਗੇ ਵਾਧੂ ਪਿਆ ਸਮਾਨ ਹਟਾਇਆ ਗਿਆ, ਤਾਂ ਜੋ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਦਿੱਕਤ ਪੇਸ਼ ਨਾ ਆਵੇ। ਇਸੇ ਤਰ੍ਹਾਂ ਈ.ਓ. ਬੋਹਾ ਵੱਲੋਂ ਵੀ ਗਲੀਆਂ-ਨਾਲੀਆਂ ਦੀ ਸਾਫ਼-ਸਫਾਈ ਕਰਵਾਈ ਗਈ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪਬਲਿਕ ਹੈਲਥ ਦੀ ਟੀਮ ਵੱਲੋਂ ਪਿੰਡ ਚੱਕ ਭਾਈਕੇ ਦੀਆਂ ਵਾਟਰ ਸਕੀਮਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਸਬੰਧੀ ਪ੍ਰਾਪਤ 3 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।
Punjab Post Daily Online Newspaper & Print Media