Sunday, June 15, 2025
Breaking News

ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਵਤਨ ਪੁੱਜੀ ਗੋਤਾਖੋਰ ਕੁਲਵਿੰਦਰ ਦੀ ਮ੍ਰਿਤਕ ਦੇਹ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਗੁਰਦਾਪੁਰ ਜਿਲੇ ਨਾਲ ਸਬੰਧਿਤ ਪਿੰਡ ਵੜੈਚ ਦੇ 43 ਸਾਲਾ PPN3007201814ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ।
    ਦੱਸਣਯੋਗ ਹੈ ਕਿ ਪੇਸ਼ੇ ਤੋਂ ਗੋਤਾਖੋਰ ਕੁਲਵਿੰਦਰ ਸਿੰਘ ਪਿਛਲੇ ਕੁੱਝ ਵਰਿਆਂ ਤੋਂ ਆਪਣੇ ਪਰਿਵਾਰ ਨੂੰ ਆਰਥਿਕ ਮੰਦਹਾਲੀ ਦੇ ਬੋਝ ਤੋਂ ਮੁਕਤ ਕਰਾਉਣ ਦੇ ਸੁਪਨੇ ਦਿਲ `ਚ ਲੈ ਕੇ ਦੁਬਈ ਗਿਆ ਸੀ, ਕਿ ਬੀਤੀ 12 ਜੁਲਾਈ ਨੂੰ ਉਹ ਆਪਣੇ ਕੰਮ ਲਈ ਸਮੁੰਦਰ ਵਿੱਚ ਗੋਤਾ ਲਾ ਕੇ ਪਾਣੀ ਹੇਠਾਂ ਗਿਆ ਅਤੇ ਅਚਾਨਕ  ਆਕਸੀਜਨ ਘੱਟ ਜਾਣ ਕਾਰਨ ਉਸ ਦੀ ਮੌਤ ਦੀ ਹੋ ਗਈ ਸੀ।ਜਦ ਪਰਿਵਾਰ ਨੂੰ ਆਪਣੇ ਤੇ ਟੁੱਟੇ ਇਸ ਕਹਿਰ ਦਾ ਪਤਾ ਲੱਗਾ ਤਾਂ ਉਨਾਂ ਕੁਲਵਿੰਦਰ ਦੇ ਦੋਸਤਾਂ ਦੀ ਮਦਦ ਨਾਲ ਡਾ. ਓਬਰਾਏ ਨਾਲ ਸੰਪਰਕ ਕਰਕੇ ਉਨਾਂ ਨੂੰ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਅਰਜੋਈ ਕੀਤੀ ਸੀ, ਜਿਸ `ਤੇ ਤੁਰੰਤ ਕਾਰਵਾਈ ਕਰਦਿਆਂ ਡਾ. ਓਬਰਾਏ ਦੀ ਟੀਮ ਨੇ ਦੁਬਈ ਅੰਦਰ ਸਾਰੀ ਜਰੂਰੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮ੍ਰਿਤਕ ਦੇਹ ਨੂੰ ਭਾਰਤ ਭੇਜਣ ਦਾ ਜ਼ਿੰਮਾ ਆਪਣੇ ਸਿਰ ਲਿਆ ਸੀ।
    ਹਵਾਈ ਅੱਡੇ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਟਰੱਸਟ ਦੇ ਮਾਝਾ ਜੋਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਮੀਤ ਪ੍ਰਧਾਨ ਮਨਪੀ੍ਰਤ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਕਤ ਨੌਜਵਾਨ ਸਮੇਤ ਸਰਬੱਤ ਦਾ ਭਲਾ ਟਰੱਸਟ ਵੱਲੋਂ ਹੁਣ ਤੱਕ ਵੱਖ-ਵੱਖ ਧਰਮਾਂ ਦੇ 71 ਨੌਜਵਾਨਾਂ ਦੇ ਮ੍ਰਿਤਕ ਸਰੀਰ ਉਨਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।ਉਨਾਂ ਇਹ ਵੀ ਦੱਸਿਆ ਕਿ ਕੁਲਵਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਭੇਜਣ `ਚ ਭਾਰਤੀ ਦੂਤਾਵਾਸ ਤੇ ਓਬਰਾਏ ਦੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਨੇ ਵੀ ਜ਼ਿਕਰਯੋਗ ਭੂਮਿਕਾ ਨਿਭਾਈ ਹੈ।
    ਏਸੇ ਦੌਰਾਨ ਦੁਬਈ ਤੋਂ ਮ੍ਰਿਤਕ ਦੇਹ ਨਾਲ ਆਏ ਮ੍ਰਿਤਕ ਦੇ ਜੀਜੇ ਹਰਪਾਲ ਸਿੰਘ ਧਾਲੀਵਾਲ, ਸਾਲੇ ਹਰਜਿੰਦਰ ਸਿੰਘ ਤੋਂ ਇਲਾਵਾ ਹੋਰਨਾਂ ਪਰਿਵਾਰਕ ਮੈਂਬਰਾਂ ਨੇ ਡਾ. ਓਬਰਾਏ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਹ ਤਾਂ ਉਨਾਂ ਲਈ ਰੱਬ ਬਣ ਬਹੁੜੇ ਹਨ ਅਤੇ ਜੇਕਰ ਸ.ਓਬਰਾਏ ਉਨਾਂ ਦੀ ਮਦਦ ਨਾ ਕਰਦੇ ਤਾਂ ਉਹ ਕਦੇ ਵੀ ਕੁਲਵਿੰਦਰ ਦੇ ਅੰਤਿਮ ਦਰਸ਼ਨ ਨਹੀਂ ਕਰ ਸਕਦੇ ਸਨ।ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ `ਚ ਰਾਜਬੀਰ ਸਿੰਘ ਗਿੱਲ, ਸਤਨਾਮ ਸਿੰਘ, ਰਸ਼ਪਾਲ ਸਿੰਘ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ, ਗੁਰਮੇਜ਼ ਸਿੰਘ ਆਦਿ ਮੌਜ਼ੂਦ ਸਨ ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …

Leave a Reply