Saturday, April 18, 2026

ਜੋਸ਼ੋ ਖ਼ਰੋਸ਼ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ – ਡਿਪਟੀ ਕਮਿਸ਼ਨਰ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਜਿੰਦਲ) –  ਜ਼ਿਲ੍ਹਾ ਮਾਨਸਾ ਵਿਖੇ 15 ਅਗਸਤ ਨੂੰ ਭਾਰਤ ਦੀ ਆਜ਼ਾਦੀ ਦਾ ਦਿਹਾੜਾ ਪੂਰੇ ਜੋਸ਼ੋ-ਖਰੋਸ਼ ਅਤੇ ਦੇਸ਼ ਭਗਤੀ PPN0208201807ਭਾਵਨਾ ਨਾਲ ਮਨਾਇਆ ਜਾਵੇਗਾ।ਇਸ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਸੁਚੱਜੇ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ।ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜੇ ਸਬੰਧੀ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਸਟੇਡੀਅਮ ਵਿਖੇ ਮਨਾਇਆ ਜਾਵੇਗਾ।ਇਸ ਲਈ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ।
        ਮੀਟਿੰਗ ਦੌਰਾਨ ਸੁਤੰਤਰਤਾ ਦਿਵਸ ਸਮਾਰੋਹ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਦੌਰਾਨ ਸੱਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਹੋਵੇਗੀ, ਜਿਸ ਲਈ ਸੱਭਿਆਚਾਰ ਕਮੇਟੀ ਦਾ ਗਠਨ ਕੀਤਾ ਗਿਆ ਹੈ।ਸੱਭਿਆਚਾਰਕ ਪ੍ਰੋਗਰਾਮ ਤੋਂ ਇਲਾਵਾ ਜ਼ਿਲ੍ਹੇ ਦੇ ਵਿਕਾਸ ਨਾਲ ਸਬੰਧਤ ਝਾਕੀਆਂ ਵੀ ਕੱਢੀਆਂ ਜਾਣਗੀਆਂ।8 ਅਗਸਤ ਨੂੰ ਪਹਿਲੀ ਅਤੇ 10 ਅਗਸਤ ਨੂੰ ਦੂਜੀ ਰਿਹਰਸਲ ਹੋਵੇਗੀ।13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਅਤੇ ਰਿਹਰਸਲ ਤੋਂ ਬਾਅਦ ਰੀਵਿਊ ਮੀਟਿੰਗ ਸਟੇਡੀਅਮ ਵਿਚ ਹੀ ਕੀਤੀ ਜਾਵੇਗੀ, ਇਸ ਲਈ ਤਿਆਰੀਆਂ ਪਹਿਲਾਂ ਹੀ ਮੁਕੰਮਲ ਹੋ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਮੌਕੇ ਸੁਤੰਤਰਤਾ ਸੰਗਰਾਮੀਆਂ ਅਤੇ ਹੋਰ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਦਾ ਉਚੇਚੇ ਤੌਰ `ਤੇ ਸਨਮਾਨ ਵੀ ਕੀਤਾ ਜਾਵੇਗਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਸਮੇਤ ਸਮਾਰੋਹ ਵਿਚ ਪੁੱਜਣ ਤਾਂ ਜੋ ਆਜ਼ਾਦੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਸੂਰਬੀਰਾਂ ਨੂੰ ਬੱਚੇ ਹਮੇਸ਼ਾ ਯਾਦ ਰੱਖਣ ਅਤੇ ਉਨ੍ਹਾਂ ਤੋਂ ਜੀਵਨ ਅਗਵਾਈ ਲੈਂਦੇ ਰਹਿਣ।
ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ ਅਤੇ ਉਨ੍ਹਾਂ ਦੇ ਮਾਣ-ਸਨਮਾਨ ਵਿੱਚ ਕੋਈ ਕਮੀ ਨਹੀਂ ਆਉਣੀ ਚਾਹੀਦੀ।
        ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਇਸ ਦਿਹਾੜੇ ਨੂੰ ਮਨਾਉਣ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਆਪੋ-ਆਪਣੇ ਨਿਰਧਾਰਤ ਕੰਮ ਸਮੇਂ ਸਿਰ ਪੂਰੇ ਕਰ ਲੈਣ।ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਅਹਿਮ ਦਿਹਾੜੇ ਨੂੰ ਉਤਸ਼ਾਹ ਨਾਲ ਮਨਾਉਣ ਲਈ ਉਹ ਸਟਾਫ਼ ਸਮੇਤ ਹਾਜ਼ਰੀ ਯਕੀਨੀ ਬਣਾਉਣ।
        ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਗੁਰਮੀਤ ਸਿੰਘ ਸਿੱਧੂ, ਐਸ.ਪੀ (ਐਚ) ਡਾ. ਸਚਿਨ ਗੁਪਤਾ, ਸਹਾਇਕ ਕਮਿਸ਼ਨਰ (ਜ) ਓਮ ਪ੍ਰਕਾਸ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਅਤੇ ਸਹਾਇਕ ਸਿਵਲ ਸਰਜਨ ਡਾ. ਸੁਰਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
 

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …

Leave a Reply