ਅੰਮ੍ਰਿਤਸਰ / ਬਿਦਰ, 2 ਅਗਸਤ (ਪੰਜਾਬ ਪੋਸਟ ਬਿਊਰੋ) – ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੀ ਇਮਾਰਤ ਦੇ ਨਵੀਨੀਕਰਨ ਦਾ ਕਾਰਜ਼ ਮੁਕੰਮਲ ਹੋਣ ਤੇ ਅੱਜ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਵੱਲੋਂ ਅਰਦਾਸ ਉਪਰੰਤ ਸੁਭ ਅਰੰਭ ਕੀਤਾ ਗਿਆ ਅਤੇ ਇਕ ਨਵੀਂ ਯਾਤਰੂ ਨਿਵਾਸ ਦਾ ਨੀਹ ਪੱਥਰ ਰੱਖਿਆ ਗਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਪਾਵਨ ਧਰਤੀ `ਤੇ ਗੁਰੂ ਸਾਹਿਬ ਦੀਆਂ ਰਹਿਮਤਾਂ ਬਰਸੀਆਂ ਹਨ। ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੰਸਾਰ ਪੱਧਰ ਤੇ ਮਨਾ ਰਹੀ ਹੈ।ਇਸੇ ਤਹਿਤ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ ਕਰਨਾਟਕਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾਣਗੇ।ਜਿਸ ਲਈ ਸਮੂਹ ਸੰਗਤਾਂ ਰਲ ਕੇ ਇਨ੍ਹਾਂ ਸਮਾਗਮਾਂ ਨੂੰ ਸਫਲ ਕਰਨ ਲਈ ਯਤਨਸ਼ੀਲ ਹੋਣ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦਸਿਆ ਕਿ ਗੋਬਿੰਦ ਸਿੰਘ ਲੌਂਗੋਵਾਲ ਸਥਾਨਕ ਸਭਾ ਸੁਸਾਇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਕਾਰਸੇਵਾ ਵਾਲੇ ਮਹਾਂਪੁਰਸ਼ਾ ਨਾਲ ਇਕ ਵਿਸ਼ੇਸ ਇਕੱਤਰਤਾ ਕਰਨ ਲਈ ਇਥੇ ਪਹੁੰਚੇ ਸਨ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਕਰਨਾਲ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ ਵੀ ਸਨ।
ਉਨ੍ਹਾਂ ਦਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪਹਿਲਾਂ ਇਕ ਚਾਰ ਮੈਂਬਰੀ ਟੀਮ ਸ਼੍ਰੋਮਣੀ ਕਮੇਟੀ ਮੈਂਬਰ ਸ. ਕੁਲਵੰਤ ਸਿੰਘ ਮੰਨਣ ਦੀ ਅਗਵਾਈ ਵਿਚ ਭੇਜੀ ਗਈ ਸੀ ਜਿਸ ਵਿਚ ਸਰਵਨ ਸਿੰਘ ਕੁਲਾਰ ਮੈਂਬਰ ਸ਼੍ਰੋਮਣੀ ਕਮੇਟੀ, ਉਘੇ ਵਿਦਵਾਨ ਭਗਵਾਨ ਸਿੰਘ ਜੋਹਲ ਅਤੇ ਤਜਿੰਦਰ ਸਿੰਘ ਪੱਡਾ ਮੀਤ ਸਕੱਤਰ ਸਾਮਲ ਸਨ।
ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਜੋਤਇੰਦਰ ਸਿੰਘ ਹਜੂਰ ਸਾਹਿਬ, ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਹਜੂਰ ਸਾਹਿਬ ਵਾਲੇ, ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਕਮੇਟੀ, ਪਰਮਜੀਤ ਸਿੰਘ ਰਾਣੂ, ਗੁਰਦੁਆਰਾ ਨਾਨਕ ਝੀਰਾ ਸਾਹਿਬ ਦੇ ਪ੍ਰਧਾਨ ਡਾ. ਬਲਬੀਰ ਸਿੰਘ, ਗੁਰਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਮੁੰਬਈ ਤੇ ਬੀਬੀ ਪਰਮਜੀਤ ਕੌਰ ਪਿੰਕੀ ਪ੍ਰਧਾਨ ਇਸਤਰੀ ਅਕਾਲੀ ਦਲ ਮੁੰਬਈ ਦੇ ਸਹਿਯੋਗ ਨਾਲ ਸਥਾਨਕ ਸਭਾਵਾਂ ਅਤੇ ਸੰਗਤਾਂ ਨਾਲ ਇਕ ਵਿਸ਼ੇਸ ਇਕੱਤਰਤਾ ਕੀਤੀ ਗਈ। ਜਿਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਦੱਖਣ ਦੇ ਪੰਜ ਰਾਜਾਂ, ਕਰਨਾਟਕ, ਆਂਧਰਾ ਪ੍ਰਦੇਸ਼, ਤਿਲੰਗਾਨਾ, ਮਹਾਂਰਾਸਟਰਾ ਅਤੇ ਮੱਧ ਪ੍ਰਦੇਸ਼ ਦਾ ਵਿਸ਼ਾਲ ਗੁਰਮਤਿ ਸਮਾਗਮ 23 ਮਾਰਚ ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਕਰਵਾਉਣ ਦਾ ਫੈਸਲਾ ਲਿਆ ਗਿਆ।ਉਨ੍ਹਾਂ ਦਸਿਆ ਕਿ ਇਹ ਸਮਾਗਮ ਤਖ਼ਤ ਸ੍ਰੀ ਹਜੂਰ ਸਾਹਿਬ ਨਾਦੇੜ, ਬਾਬਾ ਬਲਵਿੰਦਰ ਸਿੰਘ, ਬਾਬਾ ਨਰਿੰਦਰ ਸਿੰਘ ਕਾਰ ਸੇਵਾ ਹਜੂਰ ਸਾਹਿਬ ਵਾਲੇ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਇਸ ਸਮਾਗਮ ਵਿਚ ਪੰਜਾਂ ਰਾਜਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਲ ਹੋਣਗੀਆਂ।
ਇਸ ਮੌਕੇ ਗੁਰਦੁਆਰਾ ਨਾਨਕ ਝੀਰਾ ਸਾਹਿਬ ਦੇ ਪ੍ਰਧਾਨ ਡਾ. ਬਲਬੀਰ ਸਿੰਘ, ਕਾਰ ਸੇਵਾ ਹਜੂਰ ਸਾਹਿਬ ਵਾਲੇ ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਬਾਬਾ ਗੁਰਿੰਦਰ ਸਿੰਘ ਅਤੇ ਹੋਰ ਸੰਗਤਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਨਾਲ ਆਈ ਟੀਮ ਨੂੰ ਸਨਮਾਨਿਤ ਵੀ ਕੀਤਾ ਗਿਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media