ਅੰਮ੍ਰਿਤਸਰ, 2 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਗੋਸਲ ਵਿਖੇ ਸ਼ਾਰਟ ਸਰਕਟ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਅਤੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।
ਪਿੰਡ ਗੋਸਲ ਦੀ ਘਟਨਾ ਸਬੰਧੀ ਉਨ੍ਹਾਂ ਕਿਹਾ ਕਿ ਬਾਰ-ਬਾਰ ਸੰਗਤਾਂ ਨੂੰ ਅਪੀਲ ਕਰਨ ਦੇ ਬਾਵਜੂਦ ਵੀ ਬਿਜਲੀ ਉਪਕਰਣਾਂ ਦੁਆਰਾ ਗੁਰੂ ਘਰਾਂ ਅੰਦਰ ਅੱਗ ਲੱਗਣ ਦੀਆਂ ਦੁੱਖਦਾਈ ਘਟਨਾਵਾਂ ਵਾਪਰ ਰਹੀਆਂ ਹਨ।ਗੁਰਦੁਆਰਾ ਪ੍ਰਬੰਧਕਾਂ ਅਤੇ ਸੇਵਾਦਾਰਾਂ ਨੂੰ ਸੁਚੇਤ ਰੂਪ ਵਿਚ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨੀ ਚਾਹੀਦੀ ਹੈ ਅਤੇ ਬਿਜਲੀ ਉਪਕਰਣ ਲੋੜ ਅਨੁਸਾਰ ਹੀ ਚਲਾਏ ਜਾਣੇ ਚਾਹੀਦੇ ਹਨ।ਪ੍ਰਧਾਨ ਨੇ ਸਮਾਣਾ ਨੇੜਲੇ ਪਿੰਡ ਖੇੜੀ ਫੱਤਣ ਵਿਖੇ ਇਕ ਔਰਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਘਟਨਾ ਨੂੰ ਵੀ ਬੇਹੱਦ ਮੰਦਭਾਗਾ ਦੱਸਿਆ ਹੈ।ਉਨ੍ਹਾਂ ਕਿਹਾ ਕਿ ਇਸ ਮੰਦਭਾਗੀ ਘਟਨਾ ਨੇ ਇਕ ਵਾਰ ਫਿਰ ਸਵਾਲ ਪੈਦਾ ਕਰ ਦਿੱਤਾ ਹੈ ਕਿ ਬਾਰ-ਬਾਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਤੋਂ ਬਾਅਦ ਵੀ ਸਰਕਾਰ ਵੱਲੋਂ ਇਨ੍ਹਾਂ ਦੇ ਅਸਲ ਕਾਰਨਾਂ ਦੀ ਤਹਿ ਤੱਕ ਕਿਉਂ ਨਹੀਂ ਪਹੁੰਚਿਆਂ ਜਾ ਸਕਿਆ।
ਲੌਂਗੋਵਾਲ ਨੇ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਸਰਕਾਰਾਂ ਨੂੰ ਸਖ਼ਤ ਹੋਣਾ ਚਾਹੀਦਾ ਹੈ।ਉਨ੍ਹਾਂ ਨੇ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕਾਂ ਨੂੰ ਵੀ ਆਪਣੀ ਜਿੰਮੇਵਾਰੀ ਸੁਹਿਰਦਤਾ ਨਾਲ ਨਿਭਾਉਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਬਾਰ ਬਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਗੁਰੂ ਘਰਾਂ ਅੰਦਰ ਪਹਿਰੇਦਾਰੀ ਲਾਜ਼ਮੀ ਨਹੀਂ ਕੀਤਾ ਜਾ ਰਹੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਖੇੜੀ ਫੱਤਣ ਵਿਖੇ ਗੁਰਦੁਆਰਾ ਸ੍ਰੀ ਦੂਖ ਨਿਵਾਰਣ ਸਾਹਿਬ ਪਟਿਆਲਾ ਦੇ ਮੈਨੇਜਰ ਕਰਨੈਲ ਸਿੰਘ ਦੀ ਅਗਵਾਈ ਵਿਚ ਇਕ ਟੀਮ ਭੇਜੀ ਗਈ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media