ਭੀਖੀ, 6 ਅਗਸਤ (ਪੰਜਾਬ ਪੋਸਟ – ਕਮਲ ਜਿੰਦਲ) – ਟੈਟ ਪਾਸ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਵੱਲੋਂ 15 ਅਗਸਤ ਨੂੰ ਸਿੱਖਿਆ ਮੰਤਰੀ
ਓ.ਪੀ ਸੋਨੀ ਦੀ ਮਾਨਸਾ ਆਮਦ `ਤੇ ਸ਼ਹਿਰ `ਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਢਿੱਲਵਾਂ ਅਤੇ ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਓਂ ਵੱਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਗਿਆ ਕਿ ਚੋਣਾਂ ਵੇਲੇ “ਘਰ ਘਰ ਨੌਕਰੀ“ ਦਾ ਵਾਅਦਾ ਕਰਕੇ ਸੱਤਾ `ਤੇ ਕਾਬਜ਼ ਹੋਈ ਕੈਪਟਨ ਸਰਕਾਰ ਵਾਅਦਿਆਂ ਤੋਂ ਭੱਜ ਚੁੱਕੀ ਹੈ, ਉਹਨਾਂ ਕਿਹਾ ਕਿ ਨੌਜਵਾਨ ਸਮਾਜ ਦਾ ਗਤੀਸ਼ੀਲ ਹਿੱਸਾ ਹੁੰਦੇ ਹਨ, ਸਮਾਜ ਦੀ ਤਰੱਕੀ ਨੌਜਵਾਨ ਸ਼ਕਤੀ `ਤੇ ਨਿਰਭਰ ਕਰਦੀ ਹੈ, ਪ੍ਰੰਤੂ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵੱਡਾ ਹਿੱਸਾ ਬੇਰੁਜ਼ਗਾਰੀ ਦਾ ਸ਼ਿਕਾਰ ਹੈ, ਸਰਕਾਰ ਦਾ ਫਰਜ਼ ਬਣਦਾ ਹੈ ਕਿ ਯੋਗਤਾ ਮੁਤਾਬਿਕ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਏ।ਸਰਕਾਰ ਦੀਆਂ ਸਿੱਖਿਆ ਦੇ ਵਪਾਰੀਕਰਨ ਦੀਆਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ’ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਅਮਰਵੇਲ੍ਹ ਦੀ ਤਰ੍ਹਾਂ ਵਧਦੀ ਹੀ ਜਾ ਰਹੀ। ਉਨ੍ਹਾਂ ਕਿਹਾ ਕਿ ਅੱਜ ਬੀਐਡ ਟੈੱਟ ਪਾਸ 50,000 ਬੇਰੁਜ਼ਗਾਰ ਅਧਿਆਪਕਾਂ ਦੀ ਰੈਗੂਲਰ ਭਰਤੀ ਨਹੀਂ ਕੀਤੀ ਜਾ ਰਹੀ, ਸਗੋਂ ਨੌਜਵਾਨਾਂ ਨੂੰ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ।
15 ਅਗਸਤ ਨੂੰ ਮਾਨਸਾ `ਚ ਹੋਣ ਵਾਲੇ ਰੋਸ ਮੁਜ਼ਾਹਰੇ ਵਿੱਚ ਪੰਜਾਬ ਭਰ ਦੇ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਅਧਿਆਪਕ (ਟੈੱਟ) ਵੱਡੀ ਗਿਣਤੀ ਇਕੱਠੇ ਹੋਣਗੇ।।ਉਨਾਂ ਦੀਆਂ ਮੰਗਾਂ ਵਿੱਚ ਅਧਿਆਪਕ ਯੋਗਤਾ ਪ੍ਰੀਖਿਆ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ, ਸਕੂਲਾਂ `ਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ `ਤੇ ਭਰੀਆਂ ਜਾਣ, ਵੱਖ ਵੱਖ ਪੋਸਟਾਂ ਲਈ ਫਾਰਮ ਫੀਸ ਘੱਟ ਕੀਤੀ ਜਾਵੇ, ਭਰਤੀ ਪ੍ਰਕਿਰਿਆ ਨੂੰ ਨਿਰਧਾਰਿਤ ਦਿਨਾਂ ਵਿਚ ਪੂਰਾ ਕੀਤਾ ਜਾਵੇ, ਨਿੱਜੀਕਰਨ ਦੀ ਨੀਤੀ ਬੰਦ ਕਰਕੇ ਅਧਿਆਪਕਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ, ਇੱਕ ਅਧਿਆਪਕ ਤੋ ਸਿਰਫ ਉਸ ਦੇ ਸਬੰਧਿਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, ਤਾਂ ਕਿ ਦੂਸਰੇ ਵਿਸੇ ਦੇ ਅਧਿਆਪਕ ਦਾ ਰੁਜ਼ਗਾਰ ਨਾ ਮਾਰਿਆ ਜਾਵੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media