ਤੁਰਕੀ ’ਚ ਸਿੱਖ ਖਿਡਾਰੀ ਨੂੰ ਕੇਸਕੀ ਉਤਾਰ ਕੇ ਖੇਡਣ ਲਈ ਮਜ਼ਬੂਰ ਕਰਨਾ ਮੰਦਭਾਗਾ – ਭਾਈ ਲੌਂਗੋਵਾਲ
ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ’ਚ ਸਿੱਖਾਂ ’ਤੇ ਬਾਰ-ਬਾਰ ਕੀਤੇ ਜਾ ਰਹੇ ਨਸਲੀ ਹਮਲੇ ਗਹਿਰੀ ਚਿੰਤਾ ਦਾ ਵਿਸ਼ਾ ਹਨ ਅਤੇ ਭਾਰਤ ਸਰਕਾਰ ਨੂੰ ਇਹ ਮਾਮਲਾ ਅਮਰੀਕਾ ਸਰਕਾਰ ਪਾਸ ਸੰਜੀਦਗੀ ਨਾਲ ਉਠਾਉਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੁੱਖ ਨਾਲ ਕਿਹਾ ਕਿ ਅਮਰੀਕਾ ’ਚ ਇਕ ਹਫ਼ਤੇ ਅੰਦਰ ਹੀ ਦੋ ਸਿੱਖਾਂ ਨੂੰ ਨਫ਼ਰਤੀ ਹਿੰਸਾ ਦਾ ਸ਼ਿਕਾਰ ਬਣਾਇਆ ਗਿਆ।ਉਨ੍ਹਾਂ ਕਿਹਾ ਕਿ ਅਜੇ ਕੁੱਝ ਦਿਨ ਪਹਿਲਾਂ ਹੀ ਕੈਲੇਫੋਰਨੀਆ ’ਚ 50 ਸਾਲਾ ਸੁਰਜੀਤ ਸਿੰਘ ਮੱਲ੍ਹੀ ’ਤੇ ਨਸਲੀ ਹਮਲੇ ਦੀਆਂ ਖ਼ਬਰਾਂ ਦੀ ਸਿਆਹੀ ਵੀ ਨਹੀਂ ਸੀ ਸੁੱਕੀ ਕਿ ਹੁਣ 71 ਸਾਲਾ ਇਕ ਬਜ਼ੁਰਗ ਸਿੱਖ ਸਾਹਿਬ ਸਿੰਘ ਦੀ ਕੈਲੇਫੋਰਨੀਆ ਦੇ ਹੀ ਇਕ ਇਲਾਕੇ ਵਿਚ ਕੁਟਮਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਫ਼ਰਤੀ ਅਪਰਾਧਾਂ ਦੀਆਂ ਅਮਰੀਕਾ ਅੰਦਰ ਵਧ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਆਖਿਆ ਕਿ ਸਿੱਖਾਂ ਦਾ ਅਮਰੀਕਾ ਦੀ ਤਰੱਕੀ ਵਿਚ ਵੱਡਾ ਯੋਗਦਾਨ ਹੈ ਅਤੇ ਉਥੋਂ ਦੀ ਸਰਕਾਰ ਨੂੰ ਸਿੱਖਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ।ਲੌਂਗੋਵਾਲ ਨੇ ਵਿਦੇਸ਼ਾਂ ਅੰਦਰ ਸਥਿਤ ਗੁਰਦੁਆਰਾ ਸਾਹਿਬਾਨ ਦੀਆਂ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪੋ-ਆਪਣੇ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ’ਤੇ ਹੋ ਰਹੇ ਨਸਲੀ ਹਮਲਿਆਂ ਪ੍ਰਤੀ ਜਾਣੂ ਕਰਵਾਉਣ ਅਤੇ ਇਨ੍ਹਾਂ ਦੇ ਹੱਲ ਲਈ ਵੀ ਦਬਾਅ ਬਣਾਉਣ ਤੇ ਵਿਦੇਸ਼ਾਂ `ਚ ਜ਼ਿੰਮੇਵਾਰ ਅਹੁਦਿਆਂ ’ਤੇ ਬੈਠੇ ਸਿੱਖ ਵੀ ਅੱਗੇ ਆਉਣ।
ਇਸੇ ਦੌਰਾਨ ਪ੍ਰਧਾਨ ਲੌਂਗੋਵਾਲ ਨੇ ਤੁਰਕੀ ਵਿਚ ਵਿਸ਼ਵ ਪੱਧਰੀ ਕੁਸ਼ਤੀ ਮੁਕਾਬਲਿਆਂ ਦੌਰਾਨ ਤਰਨ ਤਾਰਨ ਦੇ ਸ. ਜਸਕੰਵਰਬੀਰ ਸਿੰਘ ਨੂੰ ਪਟਕਾ ਉਤਾਰਨ ਲਈ ਮਜ਼ਬੂਰ ਕਰਨ ਦੀ ਵੀ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਇਹ ਗੱਲ ਸਮਝ ਤੋਂ ਬਾਹਰ ਹੈ ਕਿ ਇਕ ਸਿੱਖ ਨੂੰ ਪਟਕੇ ਸਮੇਤ ਖੇਡਣ ਦੇਣ ਵਿਚ ਕੀ ਸਮੱਸਿਆ ਖੜ੍ਹੀ ਹੁੰਦੀ ਹੈ।ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਆਪਣਾ ਸੱਭਿਆਚਾਰ, ਇਤਿਹਾਸ ਅਤੇ ਰਵਾਇਤਾਂ ਹਨ, ਜਿਸ ਦਾ ਪਾਲਣ ਕਰਨ ਸਮੇਂ ਸਿੱਖਾਂ ਲਈ ਦਸਤਾਰ (ਪਟਕਾ) ਜ਼ਰੂਰੀ ਹੈ।ਜਸਕੰਵਰਬੀਰ ਸਿੰਘ ਵੱਲੋਂ ਪਟਕਾ ਉਤਾਰ ਕੇ ਖੇਡਣ ਤੋਂ ਇਨਕਾਰ ’ਤੇ ਉਸ ਦੀ ਪ੍ਰੰਸ਼ਸਾ ਕਰਦਿਆਂ ਲੌਂਗੋਵਾਲ ਨੇ ਆਖਿਆ ਕਿ ਅਜਿਹਾ ਕਰਕੇ ਉਸ ਨੇ ਸਿੱਖੀ ਦਾ ਮਾਣ ਵਧਾਇਆ ਹੈ। ਉਨ੍ਹਾਂ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਸਬੰਧੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਕਾਰਵਾਈ ਕਰਨ।