ਅੰਮ੍ਰਿਤਸਰ, 20 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਤਤਪਰ ਰਹੇ ਡਾ. ਰਘਬੀਰ ਸਿੰਘ ਬੈਂਸ ਦੀ
ਤਸਵੀਰ 24 ਅਗਸਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਸੁਸ਼ੋਭਿਤ ਹੋਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡਾ. ਰਘਬੀਰ ਸਿੰਘ ਬੈਂਸ ਦੀ ਤਸਵੀਰ ਸੁਸ਼ੋਭਿਤ ਕਰਨ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਿੱਖ ਕੌਮ ਲਈ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ ਕੀਤੀਆਂ ਜਾਂਦੀਆਂ ਹਨ ਅਤੇ ਡਾ. ਰਘਬੀਰ ਸਿੰਘ ਬੈਂਸ ਵੀ ਸਿੱਖੀ ਦੀ ਚੜ੍ਹਦੀ ਕਲਾ ਲਈ ਸਾਰਾ ਜੀਵਨ ਯਤਨਸ਼ੀਲ ਰਹੇ ਹਨ।ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸਿੱਖ ਇਨਸਾਈਕਲੋਪੀਡੀਆ ਆਫ਼ ਸਿਖਇਜ਼ਮ ਦੀ ਰਚਨਾ ਕਰਨ ਦੇ ਨਾਲ ਨਾਲ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਬਣਾਉਣ ਦੀ ਸੇਵਾ ਵੀ ਕੀਤੀ ਹੈ, ਜਿਨ੍ਹਾਂ ਵਿੱਚੋਂ ਇਕ ਸ੍ਰੀ ਖਡੂਰ ਸਾਹਿਬ ਵਿਖੇ ਸਥਿਤ ਹੈ।ਉਨ੍ਹਾਂ ਦੱਸਿਆ ਕਿ ਡਾ. ਬੈਂਸ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 500 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਇਕ ਕਿਤਾਬ ਲਿਖੀ ਸੀ ਅਤੇ ਇਸ ਤੋਂ ਇਲਾਵਾ ਉਹ ਨਸ਼ਿਆਂ ਵਿਰੁੱਧ ਵੀ ਲੜਾਈ ਲੜਦੇ ਰਹੇ। ਡਾ. ਰੂਪ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਦੇ ਜੰਮਪਲ ਡਾ. ਰਘਬੀਰ ਸਿੰਘ ਬੈਂਸ ਨੇ ਹਮੇਸ਼ਾ ਕੌਮੀ ਸੇਵਾ ਨੂੰ ਅਹਿਮੀਅਤ ਦਿੰਦਿਆਂ ਆਪਣਾ ਜੀਵਨ ਬਤੀਤ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media