Sunday, April 26, 2026

ਸੰਘਰਸ਼ ਕਮੇਟੀ ਪੰਜਾਬ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਲੋਕ ਆਗੂ ਦੀ ਸਜ਼ਾ ਰੱਦ ਕਰਵਾਉਣ ਸਬੰਧੀ ਮੰਗ ਪੱਤਰ

ਜਥੇਬੰਦੀਆਂ ਵਲੋਂ ਸਰਕਾਰ ਖਿਲਾਫ਼ ਕੀਤੀ ਗਈ ਨਾਅਰੇਬਾਜੀ

PPN2508201818ਬਠਿੰਡਾ, 25 ਅਗਸਤ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਲੋਕ ਆਗੂ ਮਨਜੀਤ ਸਿੰਘ ਧਨੇਰ ਦੀ ਸਜ਼ਾ ਰੱਦ ਕਰਵਾਉਣ ਲਈ ਬਣੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ ‘ਤੇ ਜਿਲ੍ਹੇ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦੇ ਕਨਵੀਨਰ ਬੂਟਾ ਸਿੰਘ ਬੁਰਜ਼ ਗਿੱਲ ਦੀ ਅਗਵਾਈ ‘ਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਬਠਿੰਡਾ ਦਿਹਾਤੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੂੰ ਮੰਗ ਪੱਤਰ ਦਿੱਤਾ ਗਿਆ, ਪਰ ਜਦੋਂ ਇਹ ਵਫਦ ਮੰਗ ਪੱਤਰ ਦੇਣ ਲਈ ਵਿੱਤ ਮੰਤਰੀ ਅਤੇ ਵਿਧਾਇਕ ਰੁਪਿੰਦਰ ਰੂਬੀ ਦੇ ਦਫਤਰ ਗਿਆ ਤਾਂ ਉੱਥੇ ਮੌਜੂਦ ਨਹੀਂ ਸਨ, ਜਿਸ ਕਰਕੇ ਉਨ੍ਹਾਂ ਦੇ ਪੀ.ਏ ਨੇ ਮੰਗ ਪੱਤਰ ਲਿਆ।
ਇਸ ਉਪਰੰਤ ਜਦੋਂ ਉਹ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਦਫਤਰ ਗਏ ਤਾਂ ਉੱਥੇ ਵੀ ਤਾਲਾ ਲੱਗਿਆ ਹੋਇਆ ਸੀ ਅਤੇ ਜਥੇਬੰਦੀਆਂ ਨੇ ਇਹ ਮੰਗ ਪੱਤਰ ਉਨ੍ਹਾਂ ਦੇ ਗੇਟ ‘ਤੇ ਚਿਪਕਾ ਦਿੱਤਾ। ਜਾਣਕਾਰੀ ਅਨੁਸਾਰ ਬੂਟਾ ਸਿੰਘ ਬੁਰਜ ਗਿੱਲ ਜੋ ਕਿ 1997 ‘ਚ ਵਿਦਿਆਰਥਣ ਕਿਰਨਜੀਤ ਕੌਰ ਨਾਲ ਹੋਏ ਸਮੂਹਿਕ ਬਲਾਤਕਾਰ ਅਤੇ ਕਤਲ ਕਾਂਡ ਦੇ ਵਿਰੋਧ ‘ਚ ਬਣੀ ਸੰਘਰਸ਼ ਕਮੇਟੀ ਦੇ ਆਗੂ ਹਨ ਅਤੇ ਇਸੇ ਸੰਘਰਸ਼ ਸਦਕਾ ਹੀ ਦੋਸ਼ੀਆਂ ਨੂੰ ਸਜ਼ਾ ਹੋਈ ਸੀ, ਪਰ ਇਸ ਸੰਘਰਸ਼ ਦੇ ਚੱਲਦਿਆਂ ਦੋਸ਼ੀ ਧਿਰ ਦੇ ਇਕ 82 ਸਾਲਾ ਬਜੁਰਗ ਦਲੀਪ ਸਿੰਘ ਦੀ ਮੌਤ ਹੋ ਗਈ ਸੀ, ਜਿਸ ਦੇ ਦੋਸ਼ ਤਹਿਤ ਪ੍ਰੇਮ ਕੁਮਾਰ, ਨਰਾਇਣ ਦੱਤ ਅਤੇ ਮਨਜੀਤ ਸਿੰਘ ਧਨੇਰ ਨੂੰ ਨਾਮਜ਼ਦ ਕਰ ਲਿਆ ਗਿਆ ਸੀ ਅਤੇ 2005 ‘ਚ ਸ਼ੈਸ਼ਨ ਕੋਰਟ ਬਰਨਾਲਾ ਵੱਲੋਂ ਲੋਕ ਆਗੂਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਸੀ, ਪਰ 2007 ‘ਚ ਆਗੂਆਂ ਦੀ ਇਹ ਸਜ਼ਾ ਰਾਜਪਾਲ ਵੱਲੋਂ ਮਾਫ ਕਰ ਦਿੱਤੀ ਗਈ, ਪਰ ਦੋਸ਼ੀ ਧਿਰ ਵੱਲੋਂ ਹਾਈਕੋਰਟ ਤੱਕ ਪਹੰੁਚ ਕਰਨ ‘ਤੇ ਮਨਜੀਤ ਸਿੰਘ ਧਨੇਰ ਦੀ ਸਜ਼ਾ ਬਰਕਰਾਰ ਰੱਖੀ ਗਈ। ਆਗੂਆਂ ਨੇ ਕਿਹਾ ਕਿ ਮੌਜ਼ੂਦਾ ਸਮੇਂ ‘ਚ ਇਹ ਕੇਸ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਅਤੇ ਸੁਪਰੀਮ ਕੋਰਟ ਵੱਲੋਂ ਰਾਜਪਾਲ ਨੂੰ ਦੁਬਾਰਾ ਵਿਚਾਰ ਕਰਨ ਲਈ ਭੇਜਿਆ ਗਿਆ ਹੈ।
ਸਮੂਹ ਜਥੇਬੰਦੀਆਂ ਨੇ ਵਿਧਾਇਕ ਅਤੇ ਸੰਸਦ ਮੈਂਬਰਾਂ ਨੂੰ ਮਿਲ ਕੇ ਮੰਗ ਕੀਤੀ ਕਿ ਉਨ੍ਹਾਂ ਦੀ ਇਸ ਮੰਗ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਤੱਕ ਪਹੰਚਾਇਆ ਜਾਵੇ ਅਤੇ ਪੰਜਾਬ ਸਰਕਾਰ ਗ੍ਰਹਿ ਵਿਭਾਗ ਰਾਹੀਂ ਰਾਜਪਾਲ ਨਾਲ ਗੱਲਬਾਤ ਕਰਕੇ ਲੋਕ ਆਗੂ ਮਨਜੀਤ ਸਿੰਘ ਧਨੇਰ ‘ਤੇ ਚੱਲ ਰਹੇ ਕੇਸ ਰੱਦ ਕਰਵਾਏ ਜਾਣ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਕਿਰਤੀ ਕਿਸਾਨ ਯੂਨੀਅਨ, ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ, ਨੌਜਵਾਨ ਭਾਰਤ ਸਭਾ, ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ, ਟੈਕਨੀਕਲ ਸਰਵਿਸ ਯੂਨੀਅਨ ਅਤੇ ਪੀ.ਐਸ.ਯੂ ਦੇ ਆਗੂ ਅਤੇ ਵਰਕਰ ਮੌਜ਼ੂਦ ਸਨ।

Check Also

ਡਿਪਟੀ ਕਮਿਸ਼ਨਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਅੰਮ੍ਰਿਤਸਰ 24 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਕਣਕ ਦੇ ਨਾੜ ਨੂੰ …

Leave a Reply