
ਬਠਿੰਡਾ, 12 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਂਡ ਦੇ ਦੋਸ਼ੀਆਂ ਦੀ ਸਜ਼ਾ ਲਈ ਬਣਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਕਈ ਸਿੱਖ ਮਸਲੇ ਹੱਲ ਹੋਏ ਹਨ, ਪਰ ਦੇਸ਼ ਦੀਆਂ ਜੇਲ੍ਹਾਂ ਵਿੱਚ ਸ਼ਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਦੀ ਕੈਪਟਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਠੋਸ ਕਦਮ ਚੁੱਕੇ ਅਤੇ ਪਿਛਲੇ ਲੰਮੇ ਸਮੇਂ ਤੋ ਸੰਤਾਪ ਹੰਢਾ ਰਹੇ ਬੰਦੀ ਸਿੰਘਾਂ ਦੀ ਰਿਹਾਈ ਕਰੇ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋ੍ਰਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੀਤਾ।ਉਨ੍ਹਾਂ ਬਾਦਲ ਪਰਿਵਾਰ `ਤੇ ਵਰ੍ਹਦਿਆਂ ਕਿਹਾ ਕਿ ਪ੍ਰਕਾਸ ਸਿੰਘ ਬਾਦਲ ਤੇ ਸੁਖਬੀਰ ਬਾਦਲ ਜਾਣਬੁੱਝ ਕੇ ਦੋਗਲੀ ਬਿਆਨਬਾਜ਼ੀ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਹਨ ਅਤੇ ਹਿੰਦੂਆਂ ਨੂੰ ਖੁਸ਼ ਕਰਨ ਲਈ ਸਿੱਖ ਕੌਮ `ਤੇ ਜ਼ੁਲਮ ਕਰ ਰਹੇ ਹਨ।
ਦਲ ਖਾਲਸਾ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੁੱਲ 22 ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਜਿਨ੍ਹਾਂ ਵਿਚੋ 18 ਸਿੰਘ ਪੰਜਾਬ ਦੀਆਂ ਜੇਲ੍ਹਾਂ ਵਿੱਚ ਅਤੇ 4 ਸਿੰਘ ਯੂ.ਪੀ ਦੀਆਂ ਜੇਲ੍ਹਾਂ ਵਿੱਚ ਪਿਛਲੇ ਲੰਮੇ ਤੋ ਬੰਦ ਹਨ ਅਤੇ ਕਾਨੂੰਨ ਮੁਤਾਬਿਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਪਰ ਅੱਜ ਤੱਕ ਨਾ ਹੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੇ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਕੋਈ ਕੋਸ਼ਿਸ ਨਹੀ ਕੀਤੀ। ਸਿੱਖ ਆਗੂਆਂ ਨੇ ਕਿਹਾ ਕਿ ਸਮੂਹ ਸਿੱਖ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਉਹ ਹੁਣ ਬਰਗਾੜੀ ਮੋਰਚੇ ਸਬੰਧੀ ਅੱਜ ਸਰਬੱਤ ਖਾਲਸਾ ਦੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੂੰ ਮਿਲਣਗੇ।
ਅਬੋਹਰ ਵਿਖੇ ਸੋ੍ਰਮਣੀ ਅਕਾਲੀ ਦਲ ਬਾਦਲ ਦੀ ਰੈਲੀ ਦੌਰਾਨ ਬਲਵਿੰਦਰ ਭੂੰਦੜ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿਣ ਦੇ ਪੁੱਛੇ ਸਵਾਲ `ਤੇ ਮਾਨ ਨੇ ਕਿਹਾ ਕਿ ਇਸ ਮਾਮਲੇ `ਤੇ ਸ਼ਿਕਾਇਤ ਕੀਤੀ ਜਾ ਚੁੱਕੀ ਹੈ ਅਤੇ ਸਿੱਖ ਕੌਮ ਨਾਲ ਗਦਾਰੀ ਕਰਨ ਵਾਲੇ ਬਾਦਲਾਂ ਨੂੰ ਬਾਦਸ਼ਾਹ ਦਰਵੇਸ਼ ਕਹਿਣਾ ਨਿੰਦਣਯੋਗ ਹੈ। ਉਨ੍ਹਾਂ ਕੈਪਟਨ ਸਰਕਾਰ ਨੂੰ ਕਿਹਾ ਕਿ ਚੋਣਾਂ ਦੇ ਪ੍ਰਚਾਰ ਲਈ ਬਾਦਲਾਂ ਨੂੰ ਜੈਡ ਸੁਰੱਖਿਆ ਮੁੱਹਇਆ ਕਰਵਾਈ ਜਾਵੇ ਕਿਉਂਕਿ ਪਿੰਡਾਂ ਵਿੱਚ ਲੋਕਾਂ ਵੱਲੋਂ ਬਾਦਲ ਪਰਿਵਾਰ ਦਾ ਵਿਰੋਧ ਕੀਤਾ ਜਾਵੇਗਾ ਅਤੇ ਚੋਣਾਂ ਦੌਰਾਨ ਕੇਂਦਰੀ ਸੁਰੱਖਿਆ ਏਜੰਸੀਆਂ ਦੀ ਥਾਂ ਫੌਜ ਦੀ ਡਿਊਟੀ ਲਾਈ ਜਾਵੇ।550 ਸਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਜਨਮ ਸ਼ਤਾਬਦੀ ਦੌਰਾਨ ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਖੋਲੇ ਜਾਣ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ `ਤੇ ਸਿਆਸੀ ਪਾਰਟੀ ਜਾਂ ਹਿੰਦੂ ਜਥੇਬੰਦੀਆਂ ਨੂੰ ਇਸ ਦਾ ਸਵਾਗਤ ਕਰਨਾ ਚਾਹੀਦਾ ਹੈ ਨਾ ਕਿ ਵਿਰੋਧ।
ਇਸ ਮੌਕੇ ਉਨ੍ਹਾਂ ਨਾਲ ਸਰਬਤ ਖਾਲਸਾ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ, ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ, ਯੁਨਾਈਟਿਡ ਅਕਾਲੀ ਦਲ ਭਾਈ ਮੋਹਕਮ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਕਰਨੈਲ ਸਿੰਘ ਰਾਏਕੇ, ਜਸਕਰਨ ਸਿੰਘ ਕਾਹਨਸਿੰਘ ਵਾਲਾ, ਜਸਬੀਰ ਸਿੰਘ, ਪਰਮਿੰਦਰ ਸਿੰਘ ਬਾਲਿਆਂਵਾਲੀ ਆਦਿ ਸਿੱਖ ਆਗੂ ਹਾਜ਼ਰ ਸਨ।
Punjab Post Daily Online Newspaper & Print Media