ਨਵੀਂ ਦਿੱਲੀ, 15 ਸਤੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਤਸਾਹ ਅਤੇ ਸ਼ਰਧਾ ਨਾਲ ਮਨਾਉਣ ਸਬੰਧੀ ਪ੍ਰਭਾਵਸ਼ਾਲੀ ਪ੍ਰੋਗਰਾਮ ਉਲੀਕਣ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਉੱਚ-ਪਧਰੀ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ।ਇਸ ਸੰਬੰਧ ਵਿੱਚ ਬੀਤੇ ਦਿਨ ਇੱਕ ਉਚੇਚੀ ਬੈਠਕ ਇਥੇ ਹੋਈ।ਇਸ ਬੈਠਕ ਵਿੱਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ. ਜਸਪਾਲ ਸਿੰਘ, ਸਾਬਕਾ ਮੈਂਬਰ ਰਾਜ ਸਭਾ ਤਰਲੋਚਨ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਅਤੇ ਕਮੇਟੀ ਦੇ ਮੁੱਖ ਸਲਾਹਕਾਰ ਕੁਲਮੋਹਨ ਸਿੰਘ ਸ਼ਾਮਲ ਹੋਏ। ਬੈਠਕ ਵਿੱਚ ਹੋਏ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਬੈਠਕ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਦਿੱਲੀ ਸਹਿਤ ਪੰਜਾਬ ਤੋਂ ਬਾਹਰ ਦੇ ਰਾਜਾਂ, ਉਤਰਾਖੰਡ, ਰਾਜਸਥਾਨ, ਬਿਹਾਰ, ਝਾਰਖੰਡ, ਤਮਿਲਨਾਡੂ ਆਦਿ ਵਿਖੇ ਉੱਚ ਪੱਧਰੀ ਪ੍ਰੋਗਰਾਮ ਕਰਨ ਦੀ ਰੂਪ ਰੇਖਾ ਉਲੀਕ, ਉਨ੍ਹਾਂ `ਤੇ ਅਮਲ ਕਰਨ ਲਈ ਦਿੱਲੀ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਮੁਖੀਆਂ ਦੇ ਨਾਲ ਲਗਾਤਾਰ ਸੰਪਰਕ ਬਣਾਈ ਰਖਿਆ ਜਾਏ।ਰਾਣਾ ਪਰਮਜੀਤ ਸਿੰਘ ਨੇ ਇਹ ਵੀ ਦਸਿਆ ਕਿ ਇਸੇ ਸੰਬੰਧ ਵਿੱੱਚ ਇੱੱਕ ਵਿਸ਼ੇਸ਼ ਬੈਠਕ ਸੋਮਵਾਰ 17 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁਖੀਆਂ ਨਾਲ ਅੰਮ੍ਰਿਤਸਰ ਵਿਖੇ ਹੋਵੇਗੀ। ਜਿਸ ਵਿੱਚ ਦਿੱਲੀ ਕਮੇਟੀ ਵਲੋਂ ਕਮੇਟੀ ਦੇ ਪ੍ਰਧਾਨ, ਜਨਰਲ ਸਕਤੱਰ, ਸੀਨੀਅਰ ਮੀਤ ਪ੍ਰਧਾਨ, ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿੱਤ, ਕੁਲਮੋਹਨ ਸਿੰਘ ਅਤੇ ਉਹ ਆਪ ਵੀ ਸ਼ਾਮਲ ਹੋਣਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …