ਅੰਮ੍ਰਿਤਸਰ, 16 ਸਤੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਵੱਲੋਂ ਗੁਰਦੁਆਰਾ ਸਿੰਘ ਸਭਾ ਉਧਮਪੁਰ ਵਿਖੇ ਸ੍ਰੀ
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੀ ਰਾਤ ਇੱਕ ਵਿਸ਼ੇਸ਼ ਗੁਰਮਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਨੇ ਉਚੇਚੇ ਤੌਰ ’ਤੇ ਸ਼ਮੂਲੀਅਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਅਤੇ ਗੁਰੂ ਸਾਹਿਬ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 23 ਫਰਵਰੀ ਵਿਚ ਜੰਮੂ ਕਸ਼ਮੀਰ ਤੋਂ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਲਈ ਪ੍ਰੇਰਿਆ।
ਇਸ ਮੌਕੇ ਜਥੇਦਾਰ ਜੱਲ੍ਹਾ ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਤਰਫੋਂ ਢਾਈ ਲੱਖ ਰੁਪਏ ਦੀ ਸਹਾਇਤਾ, ਲਾਇਬ੍ਰੇਰੀ, ਤਬਲਾ ਤੇ ਹਰਮੋਨੀਅਮ ਸੈੱਟ ਅਤੇ ਚੰਦੋਆ ਸਾਹਿਬ ਦੇਣ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਗਿਆਨੀ ਸਵਰਨ ਸਿੰਘ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਸਮਾਗਮ ਦੌਰਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਅਤੇ ਮੀਤ ਸਕੱਤਰ ਤਜਿੰਦਰ ਸਿੰਘ ਪੱਡਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਡਿਸਟ੍ਰਿਕ ਗੁਰਦੁਆਰਾ ਪ੍ਰਬੰਧਕ ਕਮੇਟੀ ਉਧਮਪੁਰ ਦੇ ਪ੍ਰਧਾਨ ਸਤਵਿੰਦਰ ਸਿੰਘ, ਸੱਕਤਰ ਨਰਦੀਪ ਸਿੰਘ, ਰਨਜੀਤ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਤਰਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।
Check Also
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …
Punjab Post Daily Online Newspaper & Print Media