ਭੀਖੀ, 17 ਸਤੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਹੀਲੇ
ਸ਼ਾਂਤਮਈ ਅਤੇ ਪਾਰਦਰਸ਼ਤਾ ਢੰਗ ਨਾਲ ਨੇਪਰੇ ਚਾੜ੍ਹਨਾ ਸਮਹ ਜਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਦਾ ਮੁੱਖ ਨਿਸ਼ਾਨਾ ਹੈ।
19 ਸਤੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਕਮ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਬੱਚਤ ਭਵਨ ਵਿਖੇ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ ਇਸ ਮੀਟਿੰਗ ਵਿਚ ਐਸ.ਐਸ.ਪੀ ਮਨਧੀਰ ਸਿੰਘ ਤੋਂ ਇਲਾਵਾ ਸਮੂਹ ਐਸ.ਡੀ.ਐਮ ਕਮ ਰਿਟਰਨਿੰਗ ਅਫ਼ਸਰ ਅਤੇ ਚੋਣਾਂ ਸਬੰਧੀ ਡਿਊਟੀਆਂ ਨਿਭਾਉਣ ਜਾ ਰਹੇ ਸਮੂਹ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਬੋਲਦਿਆਂ ਜਿਲ੍ਹਾ ਚੋਣਕਾਰ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਵੀ ਤਰਾਂ ਦੀ ਕਮੀ ਪੇਸ਼ੀ ਬਾਰੇ ਸਬੰਧਤ ਅਧਿਕਾਰੀਆਂ ਨੂੰ ਅੱਜ ਹੀ ਸੂਚਿਤ ਕੀਤਾ ਜਾਵੇ, ਜੇਕਰ ਚੋਣਾਂ ਦੌਰਾਨ ਕੋਈ ਵੀ ਅਣਗਹਿਲੀ ਪਾਈ ਜਾਂਦੀ ਹੈ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਉਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਿਰਦੇਸ਼ਾਂ ਮੁਤਾਬਿਕ ਕੋਈ ਵੀ ਅਣਅਧਿਕਾਰਤ ਵਿਅਕਤੀ ਪੋਲਿੰਗ ਬੂਥਾਂ ਵਿਚ ਦਾਖ਼ਲ ਨਹੀਂ ਹੋਵੇਗਾ। ਪੁਲਿਸ ਪਾਰਟੀਆਂ ਸਮੇਂ ਸਿਰ ਪਹੁੰਚਣ ਅਤੇ ਕੋਈ ਵੀ ਪੋਲਿੰਗ ਪਾਰਟੀ ਪੁਲਿਸ ਤੋਂ ਬਿਨਾਂ ਨਹੀਂ ਜਾਣੀ ਚਾਹੀਦੀ ਅਤੇ ਕਿਸੇ ਵੀ ਕਿਸਮ ਦੀ ਚੋਣ ਸਮੱਗਰੀ ਜਾਂ ਬੈਲਟ ਬਕਸੇ ਲਿਆਉਣ ਜਾਂ ਵਾਪਸ ਲਿਜਾਣ ਲਈ ਮਨਜ਼ੂਰਸ਼ੁਦਾ ਗੱਡੀਆਂ ਦੀ ਵਰਤੋਂ ਹੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਨੂੰ ਪੋਲਿੰਗ ਬੂਥਾਂ `ਤੇ ਲਿਜਾਣ ਅਤੇ ਲਿਆਉਣ ਲਈ ਰੂਟ ਪਲਾਨ ਵੀ ਤਿਆਰ ਕਰ ਦਿੱਤਾ ਗਿਆ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਸਥਾਨ `ਤੇ ਪਹੁੰਚਣ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਬੱਸਾਂ ਦਾ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਉਣ ਲਈ ਕਿਹਾ ਅਤੇ ਨਾਲ ਹੀ ਕਿਹਾ ਬੈਲਟ ਬਾਕਸ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਹੀ ਲਿਆਂਦੇ ਅਤੇ ਲਿਜਾਏ ਜਾਣ ਅਤੇ ਬੱਸਾਂ ਦੀ ਲਾਗ ਬੁੱਕ ਮੇਨਟੇਨ ਰੱਖੀ ਜਾਵੇ ਅਤੇ ਬਿਲ ਸਮੇ ਸਿਰ ਪਹੁੰਚਾਏ ਜਾਣ।ਉਨ੍ਹਾਂ ਕਿਹਾ ਕਿ ਉਮੀਦਵਾਰਾਂ ਨੂੰ ਕਾਊਂਟਿੰਗ ਦੀ ਜਗ੍ਹਾ ਅਤੇ ਸਮੇ ਦੀ ਸੂਚਨਾ ਵੀ ਦੇਣਾ ਯਕੀਨੀ ਬਣਾਇਆ ਜਾਵੇ।
ਪੁਖ਼ਤਾ ਪ੍ਰਬੰਧਾਂ ਬਾਰੇ ਗੱਲਬਾਤ ਕਰਦਿਆਂ ਅਪਨੀਤ ਰਿਆਤ ਨੇ ਕਿਹਾ ਕਿ ਜਿਲ੍ਰਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਪੋਲਿੰਗ ਨੂੰ ਵੱਖਰੀ-ਵੱਖਰੀ ਪਹਿਚਾਣ ਦਿੱਤੀ ਜਾਵੇ ਤਾਂ ਜੋ ਕਿਸੇ ਤਰਾਂ ਦੀ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਇਹ ਨੋਟ ਕਰਨਾ ਯਕੀਨੀ ਬਣਾਇਆ ਜਾਵੇ ਕਿ ਕਿਹੜੀ ਪੋਲਿੰਗ ਪਾਰਟੀ ਨੂੰ ਕਿਸ ਸੀਰੀਅਲ ਨੰਬਰ ਦਾ ਬੈਲਟ ਪੇਪਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਮ ਹੀ ਵੇਖਣ ਵਿਚ ਆਉਂਦਾ ਹੈ ਕਿ ਪੋਲਿੰਗ ਏਜੰਟ ਇਕ ਬੂਥ ਤੋਂ ਦੂਜੇ ਬੂਥ ਵਿਚ ਤਬਦੀਲ ਹੁੰਦੇ ਰਹਿੰਦੇ ਹਨ, ਪੰਤੂ ਤਿੰਨ ਵਜੇ ਤੋਂ ਬਾਅਦ ਕੋਈ ਵੀ ਪੋਲਿੰਗ ਏਜੰਟ ਬਦਲਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸ਼ੱਕੀ ਵੋਟਰ ਦੀ ਜਾਣਕਾਰੀ ਤੁਰੰਤ ਆਪਣੇ ਰਿਟਰਨਿੰਗ ਅਫ਼ਸਰ ਨੂੰ ਦਿੱਤੀ ਜਾਵੇ।
ਉਨ੍ਹਾਂ ਸਮੂਹ ਬੀ.ਡੀ.ਪੀ.ਓ ਨੂੰ ਪੋਲਿੰਗ ਪਾਰਟੀਆਂ ਦੇ ਰਹਿਣ ਸਹਿਣ ਅਤੇ ਖਾਣੇ ਦਾ ਪੁਖ਼ਤਾ ਇੰਤਜ਼ਾਮ ਕਰਨ ਲਈ ਹਦਾਇਤ ਕੀਤੀ ਅਤੇ ਨਾਲ ਹੀ ਪੁਲਿਸ ਪਾਰਟੀਆਂ ਦੇ ਖਾਣੇ ਦਾ ਇੰਤਜ਼ਾਮ ਕਰਨ ਲਈ ਵੀ ਕਿਹਾ।ਉਨ੍ਹਾਂ ਕਿਹਾ ਕਿ ਫੀਮੇਲ ਸਟਾਫ਼ ਦੀ ਸੁਰੱਖਿਆ ਦਾ ਖਾਸ ਧਿਆਨ ਰੱਖਿਆ ਜਾਵੇ ਅਤੇ ਦੇਰੀ ਹੋਣ ਤੇ ਉਨ੍ਹਾਂ ਨੂੰ ਛੱਡ ਕੇ ਆਉਣ ਦਾ ਵੀ ਪ੍ਰਬੰਧ ਹੋਵੇ।
ਐਸ.ਐਸ.ਪੀ ਮਨਧੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਮਾਨਸਾ, ਸਰਦੂਲਗੜ੍ਹ, ਬੁਢਲਾਡਾ, ਭੀਖੀ ਅਤੇ ਝੁਨੀਰ ਵਿਚ ਸ਼ਾਂਤਮਈ ਤਰੀਕੇ ਨਾਲ ਵੋਟਾਂ ਪੁਆਉਣ ਲਈ ਸੁਰੱਖਿਆ ਪੱਖੋਂ ਵੀ ਸਾਰੇ ਪੁਖ਼ਤਾ ਪ੍ਰਬੰਧ ਕਰਦੇ ਹੋਇਆਂ 75 ਪ੍ਰਤੀਸ਼ਤ ਫੋਰਸ ਚੋਣ ਡਿਊਟੀ ਲਈ ਲਗਾਈ ਗਈ ਹੈ।ਉਨ੍ਰਾਂ ਦੱਸਿਆ ਕਿ ਸਟਰਾਂਗ ਰੂਮਾਂ ਤੇ ਗਾਰਡ ਤਾਇਨਾਤ ਕੀਤੇ ਗਏ ਹਨ ਅਤੇ 16 ਪੈਟਰੋਲ ਪਾਰਟੀਆਂ ਲਗਾਈਆਂ ਗਈਆਂ ਹਨ।ਸੰਵੇਦਨਸ਼ੀਲ ਅਤੇ ਅਤਿਅੰਤ ਸੰਵੇਦਨਸ਼ੀਲ ਸਥਾਨਾਂ `ਤੇ ਵਾਇਰਲੈਸ ਨੈਟਵਰਕ ਦਾ ਇੰਤਜ਼ਾਮ ਕੀਤਾ ਗਿਆ ਹੈ।5 ਬਲਾਕਾਂ ਵਿਚ ਹਰ ਡੀ.ਐਸ.ਪੀ ਨੂੰ ਸੁਪਰਵਾਇਜ਼ਰ ਲਗਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਸਾਰੀ ਫੋਰਸ ਨੂੰ ਮੁਕੰਮਲ ਜਾਣਕਾਰੀ ਦਿੱਤੀ ਜਾਵੇਗੀ, ਤਾਂ ਜੋ ਸੁਰੱਖਿਆ ਪੱਖੋਂ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਪੇਸ਼ ਨਾ ਆਵੇ।
ਮੀਟਿੰਗ ਦੌਰਾਨ ਬੋਲਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਬੈਲਟ ਬਾਕਸਾਂ ਦੀ ਸਕਿਊਰਟੀ ਅਹਿਮ ਹੈ ਇਸ ਲਈ ਇਸ ਵੱਲ ਖਾਸ ਧਿਆਨ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਕਿਸੇ ਵੀ ਸਟਾਫ਼ ਮੈਬਰ ਦਾ ਚਾਹ ਪਾਣੀ ਪੋਲਿੰਗ ਬੂਥ ਦੇ ਅੰਦਰ ਨਹੀਂ ਜਾਵੇਗਾ।
ਮੀਟਿੰਗ ਦੌਰਾਨ ਐਸ.ਪੀ (ਐਚ) ਮੇਜਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੱਧੂ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ ਅਤੇ ਬੁਢਲਾਡਾ ਐਸ.ਡੀ.ਐਮ ਹਰਜੀਤ ਸੰਧੂ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media