ਅੰਮ੍ਰਿਤਸਰ, 19 ਸਤੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ
ਸਮਾਗਮਾਂ ਦੀ ਆਰੰਭਤਾ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿ ਸਰਹੱਦ ’ਤੇ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥਲ ਤੋਂ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਸੰਤ ਸਮਾਜ ਅਤੇ ਸਮੂਹ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ 550 ਸਾਲਾ ਪ੍ਰਕਾਸ਼ ਪੁਰਬ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨਾਂ ਨੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਰੂਪ-ਰੇਖਾ ਦਾ ਐਲਾਨ ਕਰਦਿਆਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ 10 ਅਤੇ 11 ਨਵੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਵੱਸੇ ਇਤਿਹਾਸਕ ਕਸਬੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਚ ਹੋਵੇਗੀ, ਜਿਥੇ ਵਿਸ਼ੇਸ਼ ਲੇਜ਼ਰ ਸ਼ੋਅ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗਾ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਆਰੰਭਤਾ ਭਾਰਤ-ਪਾਕਿ ਸਰਹੱਦ ’ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘਾ ਦਰਸ਼ਨ ਸਥਲ ਤੋਂ ਕੀਤੀ ਜਾਵੇ, ਜਿਥੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਹੁੰਦੇ ਹਨ।ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਲੰਬਾ ਸਮਾਂ ਗੁਜ਼ਾਰਿਆ।ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਸਜਾਏ ਜਾਣਗੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਵਿਸ਼ਾਲ ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਸ ਤਹਿਤ 1 ਅਕਤੂਬਰ ਨੂੰ ਗੁਰਦੁਆਰਾ ਕੋੜੀ ਘਾਟ ਉਤਰ ਪ੍ਰਦੇਸ਼ ਤੋਂ ਪਹਿਲਾ ਵਿਸ਼ਾਲ ਨਗਰ ਕੀਰਤਨ ਆਰੰਭ ਹੋ ਕੇ ਹਰਿਆਣਾ ਤੋਂ ਹੁੰਦਾ ਹੋਇਆ 8 ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਵੇਗਾ।ਇਸ ਤੋਂ ਪਹਿਲਾਂ 30 ਸਤੰਬਰ ਨੂੰ ਗੁਰਦੁਆਰਾ ਕੋੜੀ ਘਾਟ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਵੀ ਹੋਵੇਗਾ।ਇਸ ਤਰ੍ਹਾਂ ਇਕ ਨਗਰ ਕੀਰਤਨ 23 ਫਰਵਰੀ 2019 ਨੂੰ ਗੁਰਦੁਆਰਾ ਮਟਨ ਸਾਹਿਬ ਜੰਮੂ-ਕਸ਼ਮੀਰ ਤੋਂ ਆਰੰਭ ਹੋ ਕੇ 25 ਫਰਵਰੀ 2019 ਨੂੰ ਸੰਪੰਨ ਹੋਵੇਗਾ।ਹੋਰ ਸਮਾਗਮਾਂ ਦਾ ਵੇਰਵਾ ਦਿੰਦਿਆਂ ਲੌਂਗੋਵਾਲ ਨੇ ਦੱਸਿਆ ਕਿ 23 ਮਾਰਚ 2019 ਨੂੰ ਗੁਰਦੁਆਰਾ ਨਾਨਕ ਝੀਰਾ ਸਾਹਿਬ ਬਿਦਰ (ਕਰਨਾਟਕਾ) ਵਿਖੇ ਇਕ ਵਿਸ਼ੇਸ਼ ਗੁਰਮਤਿ ਸਮਾਗਮ ਹੋਵੇਗਾ।ਲੌਂਗੋਵਾਲ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸਫਲਤਾ ਲਈ ਸਮੂਹ ਸਿੱਖ ਜਥੇਬੰਦੀਆਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਗੁਰਮਤਿ ਟਕਸਾਲਾਂ, ਸਿੰਘ ਸਭਾਵਾਂ ਸਿੱਖ ਸੰਪਰਦਾਵਾਂ, ਧਾਰਮਿਕ ਸਭਾ-ਸੁਸਾਇਟੀਆਂ ਆਦਿ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਇਕ ਵਿਸ਼ੇਸ਼ ਇਕੱਤਰਤਾ 12 ਅਕਤੂਬਰ ਨੂੰ ਕੀਤੀ ਜਾਵੇਗੀ, ਜਿਸ ਵਿਚ ਸਾਰੀਆਂ ਜਥੇਬੰਦੀਆਂ ਨੂੰ ਸ਼ਮੂਲੀਅਤ ਲਈ ਸੱਦਾ ਦਿੱਤਾ ਜਾਵੇਗਾ।
ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਅੰਤ੍ਰਿੰਗ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ, ਸੱਜਣ ਸਿੰਘ ਬੱਜੂਮਾਨ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਮਨਜੀਤ ਸਿੰਘ ਬੱਪੀਆਣਾ, ਦਿੱਲੀ ਕਮੇਟੀ ਦੇ ਧਰਮ ਪ੍ਰਚਾਰ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਕੁਲਮੋਹਨ ਸਿੰਘ, ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਜਗਜੀਤ ਸਿੰਘ ਜੱਗੀ, ਦਰਸ਼ਨ ਸਿੰਘ ਲੌਂਗੋਵਾਲ, ਸੁਪਰਡੈਂਟ ਸਤਨਾਮ ਸਿੰਘ ਤੇ ਸਹਾਇਕ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media